ਚੰਡੀਗੜ੍ਹ, 13 ਅਪ੍ਰੈਲ 2021 – ਬੇਅਦਬੀ ਅਤੇ ਬਹਿਬਲ ਕਲਾਂ ਗੋਲੀ ਕਾਂਡ ਦੀ ਜਾਂਚ ਕਰ ਰਹੇ ਐਸ ਆਈ ਟੀ ਦੇ ਮੁਖੀ ਅਤੇ ਸੀਨੀਅਰ ਅਫਸਰ ਕੁੰਵਰ ਵਿਜੇ ਪ੍ਰਤਾਪ ਨੇ ਐਸ ਆਈ ਟੀ ਦੇ ਮੁਖੀ ਵਜੋਂ ਅਤੇ ਸਮੇਂ ਤੋਂ ਪਹਿਲਾਂ ਆਪਣੀ ਸਵਿਰਸ ਤੋਂ ਵੀ ਆਪਣੀ ਰਿਟਾਇਰਮੈਂਟ ਲਈ ਅਸਤੀਫਾ ਪੰਜਾਬ ਦੇ ਮੁੱਖ ਮੰਤਰੀ ਨੂੰ ਭੇਜਿਆ ਸੀ। ਜਿਸ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਵੱਲੋਂ ਕੁੰਵਰ ਵਿਜੇ ਪ੍ਰਤਾਪ ਦਾ ਅਸਤੀਫਾ ਨਾ-ਮਨਜ਼ੂਰ ਕਰ ਦਿੱਤਾ ਗਿਆ ਹੈ।
ਕੁੰਵਰ ਵਿਜੇ ਪ੍ਰਤਾਪ ਵੱਲੋਂ ਸਮੇਂ ਤੋਂ ਪਹਿਲਾਂ ਰਿਟਾਇਰਮੈਂਟ ਪਟੀਸ਼ਨ ਨੂੰ ਰੱਦ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਹ ਇਕ ਬਹੁਤ ਹੀ ਸਮਰੱਥ ਅਤੇ ਕੁਸ਼ਲ ਅਧਿਕਾਰੀ ਹਨ, ਜਿਨ੍ਹਾਂ ਦੀਆਂ ਸੇਵਾਵਾਂ ਸਰਹੱਦੀ ਰਾਜ ਵਿਚ ਲੋੜੀਂਦੀਆਂ ਹਨ, ਖ਼ਾਸਕਰ ਉਸ ਸਮੇਂ ਜਦੋਂ ਪੰਜਾਬ ਨੂੰ ਅੰਦਰੂਨੀ ਅਤੇ ਬਾਹਰੀ ਸੁਰੱਖਿਆ ਦੀਆਂ ਕਈ ਤਰ੍ਹਾਂ ਦੀਆਂ ਧਮਕੀਆਂ ਦਾ ਸਾਹਮਣਾ ਕਰਨਾ ਪਿਆ ਸੀ।
ਕੁੰਵਰ ਵਿਜੇ ਪ੍ਰਤਾਪ, ਜੋ ਇਸ ਸਮੇਂ ਕੋਟਕਪੂਰਾ ਅਤੇ ਬਹਿਬਲ ਕਲਾਂ ਗੋਲੀਕਾਂਡ ਦੇ ਮਾਮਲਿਆਂ ਦੀ ਜਾਂਚ ਕਰ ਰਹੇ ਹਨ ਅਤੇ ਵਿਸ਼ੇਸ਼ ਜਾਂਚ ਟੀਮਾਂ (ਐੱਸ,ਆਈ,ਟੀਜ਼,) ਦੀ ਅਗਵਾਈ ਕਰ ਰਹੇ ਹਨ। ਕੁੱਝ ਦਿਨ ਪਹਿਲਾਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਕੁੰਵਰ ਵਿਜੇ ਦੀ ਪ੍ਰਧਾਨਗੀ ਹੇਠ ਬਣਾਈ ਗਈ ਐਸ ਆਈ ਟੀ ਭੰਗ ਕਰ ਦਿੱਤੀ ਗਈ ਸੀ ਅਤੇ ਇੱਕ ਨਵੀਂ ਐਸ ਆਈ ਟੀ ਬਣਾਉਣ ਲਈ ਕਿਹਾ ਗਿਆ ਸੀ ਅਤੇ ਇਹ ਵੀ ਹੁਕਮ ਕੀਤੇ ਸਨ ਕਿ ਕੁੰਵਰ ਵਿਜੇ ਪ੍ਰਤਾਪ ਨਵੀਂ ਐਸ ਆਈ ਟੀ ਦਾ ਹਿੱਸਾ ਨਹੀਂ ਹੋਣਗੇ।