ਚੰਡੀਗੜ੍ਹ, 15 ਅਪ੍ਰੈਲ 2021 – ਸਕੂਲ ਸਿੱਖਿਆ ਵਿਭਾਗ ਨੇ ਨਵੇਂ ਵਿਦਿਅਕ ਸੈਸ਼ਨ ਲਈ ਦਾਖਲਿਆਂ ਵਾਸਤੇ ਸ਼ੁਰੂ ਕੀਤੀ ਮੁਹਿੰਮ ਦੇ ਨਾਲ ਨਾਲ ਹੁਣ ਵਿਦਿਆਰਥੀਆਂ ਨੂੰ ਆਨ ਲਾਈਨ ਸਿੱਖਿਆ ਮੁਹਈਆ ਕਰਵਾਉਣ ਦੇ ਸਬੰਧ ਵਿੱਚ ਵੀ ਤੇਜ਼ ਲੈ ਆਂਦੀ ਹੈ।
ਸਕੂਲ ਸਿੱਖਿਆ ਵਿਭਾਗ ਦੇ ਇੱਕ ਬੁਲਾਰੇ ਅਨੁਸਾਰ ਸਕੂਲ ਸਿੱਖਿਆ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਦੇ ਨਿਰਦੇਸ਼ਾਂ ’ਤੇ ਸਿੱਖਿਆ ਸਕੱਤਰ ਸ੍ਰੀ ਕਿ੍ਰਸ਼ਨ ਕੁਮਾਰ ਦੀ ਅਗਵਾਈ ਵਿੱਚ ਅਧਿਆਪਕਾਂ ਨੇ ਸਕੂਲ ਬੰਦ ਹੋਣ ਕਾਰਨ ਪਹਿਲੀ ਅਪ੍ਰੈਲ ਤੋਂ ਹੀ ਆਨਲਾਈਨ ਪੜ੍ਹਾਈ ਸ਼ੁਰੂ ਕਰ ਦਿੱਤੀ ਸੀ ਅਤੇ ਹੁਣ ਦਾਖਲਿਆਂ ਦਾ ਕੰਮ ਕਾਫੀ ਹੱਦ ਤੱਕ ਮੁਕੰਮਲ ਹੋਣ ਕਾਰਨ ਆਨ ਲਾਈਨ ਪੜ੍ਹਾਈ ਦੀ ਪ੍ਰਕਿਰਿਆ ਵਿੱਚ ਹੋਰ ਤੇਜ਼ੀ ਆ ਗਈ ਹੈ।
ਕੋਵਿਡ-19 ਦੀ ਮਹਾਮਾਰੀ ਕਾਰਨ ਸਕੂਲ ਬੰਦ ਹੋਣ ਕਾਰਨ ਵਿਦਿਆਰਥੀਆ ਦੀ ਪੜ੍ਹਾਈ ਨੂੰ ਯਕੀਨੀ ਬਨਾਉਣ ਲਈ ਅਧਿਆਪਕਾਂ ਵੱਲੋਂ ਵੱਖ ਵੱਖ ਆਨ ਲਈਨ ਵੀਡੀਓ ਐਪਜ਼ ਦੀ ਵਰਤੋਂ ਕੀਤੀ ਜਾ ਰਹੀ ਹੈ। ਆਨ ਲਾਈਨ ਸਿੱਖਿਆ ਦੀ ਨਵੀਨਤਮ ਤਕਨੋਲੋਜੀ ਦੀ ਵਰਤੋਂ ਨਾਲ ਇਸ ਵੇਲੇ ਸਰਕਾਰੀ ਸਕੂਲਾਂ ਦੇ 25 ਲੱਖ ਕੇ ਕਰੀਬ ਵਿਦਿਆਰਥੀਆਂ ਦੀ ਪੜ੍ਹਾਈ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ। ਅਧਿਆਪਕਾਂ ਵੱਲੋਂ ਵਿਦਿਆਰਥੀਆਂ ਦੇ ਵਟਸਐਪ ਗਰੁੱਪ ਬਣਾ ਕੇ ‘ਜ਼ੂਮ ਐਪ’ ’ਤੇ ਕਲਾਸਾਂ ਲੈਣ ਦੀ ਨਾਲ ਨਾਲ “ਐਜੂਕੇਅਰ ਐਪ” ਦੀ ਵੀ ਵਰਤੋਂ ਕੀਤੀ ਜਾ ਰਹੀ ਹੈ। ਅਧਿਆਪਕਾਂ ਵੱਲੋਂ ਵਿਦਿਆਰਥੀਆਂ ਨੂੰ ਆਨ ਲਾਈਨ ਇਸਾਈਨਮੈਂਟਾਂ ਭੇਜੀਆਂ ਜਾ ਰਹੀਆਂ ਹਨ ਤਾਂ ਜੋ ਵਿਦਿਆਰਥੀਆਂ ਦੀ ਸਿੱਖਣ ਦੀ ਸਮਰਥਾ ਵਿੱਚ ਵਾਧਾ ਹੋ ਸਕੇ। ਅਧਿਆਪਕਾਂ ਵੱਲੋਂ ਨਵੇਂ ਸ਼ੈਸ਼ਨ ਦੇ ਦਾਖਲਿਆਂ ਲਈ ਗੂਗਲ ਫਾਰਮਾਂ ਦੀ ਸਹਾਇਤਾ ਨਾਲ ਦਾਖ਼ਲੇ ਕੀਤੇ ਜਾ ਰਹੇ ਹਨ ਅਤੇ ਦਾਖਲਿਆਂ ਵਾਸਤੇ ਵੱਡੀ ਪੱਧਰ ’ਤੇ ਪ੍ਰਚਾਰ ਵੀ ਕੀਤਾ ਜਾ ਰਿਹਾ ਹੈ।
ਇਸ ਦੇ ਨਾਲ ਹੀ ਅਧਿਆਪਕਾਂ ਵੱਲੋਂ ਵਿਦਿਆਰਥੀਆਂ ਨੂੰ ਕਿਤਾਬਾਂ ਮੁਹਈਆਂ ਕਰਵਾਉਣ ਲਈ ਘਰ ਘਰ ਪਹੁੰਚ ਕੀਤੀ ਜਾ ਰਹੀ ਹੈ ਤਾਂ ਜੋ ਵਿਦਿਆਰਥੀਆਂ ਨੂੰ ਪੜ੍ਹਨ ਸਮੱਗਰੀ ਵਿੱਚ ਕੋਈ ਕਮੀ ਨਾ ਆਵੇ।