ਸਰਬੱਤ ਦਾ ਭਲਾ ਟਰੱਸਟ ਦੇ ਯਤਨਾਂ ਸਦਕਾ 22 ਸਾਲਾ ਨੌਜਵਾਨ ਦੀ ਮ੍ਰਿਤਕ ਦੇਹ ਦੁਬਈ ਤੋਂ ਵਤਨ ਪੁੱਜੀ

ਅੰਮ੍ਰਿਤਸਰ, 21 ਅਪ੍ਰੈਲ 2021 – ਆਪਣੇ ਪਰਿਵਾਰਾਂ ਨੂੰ ਆਰਥਿਕ ਮੰਦਹਾਲੀ ਚੋਂ ਕੱਢਣ ਲਈ ਆਪਣੇ ਘਰ,ਜ਼ਮੀਨਾਂ ਗਹਿਣੇ ਧਰ ਖਾੜੀ ਮੁਲਕਾਂ ‘ਚ ਮਜ਼ਦੂਰੀ ਕਰਨ ਗਏ ਲੋਕਾਂ ਦੀ ਹਰ ਮੁਸ਼ਕਲ ਘੜੀ ‘ਚ ਰਹਿਬਰ ਬਣ ਸੇਵਾ ਰੂਪੀ ਮਦਦ ਕਰਨ ਵਾਲੇ ਦੁਬਈ ਦੇ ਉੱਘੇ ਕਾਰੋਬਾਰੀ ਅਤੇ ਸਰਬੱਤ ਦਾ ਭਲਾ ਟਰੱਸਟ ਚੈਰੀਟੇਬਲ ਟਰੱਸਟ ਦੇ ਸਰਪ੍ਰਸਤ ਡਾ.ਐਸ.ਪੀ.ਸਿੰਘ ਓਬਰਾਏ ਦੇ ਵੱਡੇ ਯਤਨਾਂ ਸਦਕਾ ਗੁਰਦਾਸਪੁਰ ਜ਼ਿਲ੍ਹੇ ਦੇ ਪਿੰਡ ਧਰਮਕੋਟ ਨਾਲ ਸਬੰਧਤ 22 ਸਾਲਾ ਜਗਦੀਪ ਸਿੰਘ ਪੁੱਤਰ ਸਤਨਾਮ ਸਿੰਘ ਦੀ ਮ੍ਰਿਤਕ ਦੇਹ ਦੁਬਈ ਤੋਂ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡਾ ਅੰਮ੍ਰਿਤਸਰ ਵਿਖੇ ਪੁੱਜੀ।

ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਬਾਨੀ ਡਾ.ਐੱਸ.ਪੀ.ਸਿੰਘ ਓਬਰਾਏ ਨੇ ਦੱਸਿਆ ਕਿ ਜਗਦੀਪ ਸਿੰਘ ਬੀਤੀ 9 ਮਾਰਚ ਨੂੰ ਹੀ ਆਪਣੇ ਪਰਿਵਾਰ ਦੇ ਆਰਥਿਕ ਹਾਲਾਤਾਂ ਨੂੰ ਸੁਧਾਰਨ ਦੀ ਕੋਸ਼ਿਸ਼ ‘ਚ ਦੁਬਈ ਮਿਹਨਤ ਮਜ਼ਦੂਰੀ ਕਰਨ ਲਈ ਪਹੁੰਚਿਆ ਸੀ ਕਿ 5 ਦਿਨਾਂ ਬਾਅਦ 14 ਮਾਰਚ ਨੂੰ ਹੀ ਉਸ ਨੇ ਕਿਸੇ ਪ੍ਰੇਸ਼ਾਨੀ ਦੇ ਚਲਦਿਆਂ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ।

ਉਨ੍ਹਾਂ ਦੱਸਿਆ ਕਿ ਮ੍ਰਿਤਕ ਦੇ ਪਰਿਵਾਰ ਨੇ ਕਿਸੇ ਰਾਹੀਂ ਉਨ੍ਹਾਂ ਨਾਲ ਸੰਪਰਕ ਕੀਤਾ ਤਾਂ ਉਨ੍ਹਾਂ ਨੇ ਸਾਰੀ ਜਾਣਕਾਰੀ ਇਕੱਤਰ ਕਰਨ ਉਪਰੰਤ ਤੁਰੰਤ ਲੋੜੀਂਦੀ ਸਾਰੀ ਕਾਗਜ਼ੀ ਕਾਰਵਾਈ ਮੁਕੰਮਲ ਕਰਵਾ ਕੇ ਭਾਰਤੀ ਦੂਤਾਵਾਸ ਦੇ ਵੱਡੇ ਸਹਿਯੋਗ ਸਦਕਾ ਅੱਜ ਜਗਦੀਪ ਸਿੰਘ ਦਾ ਮ੍ਰਿਤਕ ਸਰੀਰ ਲਿਆ ਕੇ ਟਰੱਸਟ ਦੀ ਅੰਮ੍ਰਿਤਸਰ ਇਕਾਈ ਦੇ ਪ੍ਰਧਾਨ ਸੁਖਜਿੰਦਰ ਸਿੰਘ ਹੇਰ,ਜਨਰਲ ਸਕੱਤਰ ਮਨਪ੍ਰੀਤ ਸੰਧੂ ਅਤੇ ਵਿੱਤ ਸਕੱਤਰ ਨਵਜੀਤ ਸਿੰਘ ਘਈ ਦੀ ਮੌਜੂਦਗੀ ‘ਚ ਹਵਾਈ ਅੱਡੇ ਤੋਂ ਪ੍ਰਾਪਤ ਕਰ ਕੇ ਪਰਿਵਾਰ ਨੂੰ ਸੌਂਪ ਦਿੱਤਾ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਇਸ ਮ੍ਰਿਤਕ ਦੇਹ ਨੂੰ ਭਾਰਤ ਭੇਜਣ ਦਾ ਖਰਚਾ ਭਾਰਤੀ ਦੂਤਾਵਾਸ ਵੱਲੋਂ ਕੀਤਾ ਗਿਆ ਹੈ।

ਡਾ.ਓਬਰਾਏ ਨੇ ਦੱਸਿਆ ਕਿ ਉਹ ਹੁਣ ਤੱਕ 227 ਬਦਨਸੀਬ ਲੋਕਾਂ ਦੇ ਮ੍ਰਿਤਕ ਦੇਹਾਂ ਵਾਰਸਾਂ ਤੱਕ ਪਹੁੰਚਾ ਚੁੱਕੇ ਹਨ। ਉਨ੍ਹਾਂ ਮਾਪਿਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਪੂਰੀ ਤਰ੍ਹਾਂ ਜਾਂਚ ਪੜਤਾਲ ਕਰਨ ਉਪਰੰਤ ਹੀ ਆਪਣੇ ਬੱਚਿਆਂ ਨੂੰ ਵਿਦੇਸ਼ਾਂ ਅੰਦਰ ਭੇਜਣ।

ਹਵਾਈ ਅੱਡੇ ਤੇ ਮ੍ਰਿਤਕ ਸਰੀਰ ਲੈਣ ਪਹੁੰਚੇ ਜਗਦੀਪ ਸਿੰਘ ਦੇ ਭਰਾ ਬਿਕਰਮਜੀਤ ਸਿੰਘ ਅਤੇ ਰਿਸ਼ਤੇਦਾਰ ਗੁਰਚਰਨ ਸਿੰਘ ਨੇ ਜਗਦੀਪ ਦੀ ਮ੍ਰਿਤਕ ਦੇਹ ਲੈ ਕੇ ਆਉਣ ਤੇ ਡਾ.ਐੱਸ.ਪੀ.ਸਿੰਘ ਓਬਰਾਏ ਦਾ ਤਹਿ ਦਿਲੋਂ ਸ਼ੁਕਰਾਨਾ ਕਰਦਿਆਂ ਦੱਸਿਆ ਕਿ ਜਗਦੀਪ ਦੇ ਪਰਿਵਾਰ ਦੀ ਆਰਥਿਕ ਹਾਲਤ ਅਤੇ ਉਸ ਦੇ ਪਿਤਾ ਦੀ ਸਿਹਤ ਠੀਕ ਨਾ ਹੋਣ ਕਾਰਨ ਮ੍ਰਿਤਕ ਸਰੀਰ ਭਾਰਤ ਲੈ ਕੇ ਆਉਣਾ ਬਹੁਤ ਮੁਸ਼ਕਲ ਸੀ ਉਨ੍ਹਾਂ ਕਿਹਾ ਕਿ ਡਾ.ਓਬਰਾਏ ਦੀ ਬਦੌਲਤ ਹੀ ਜਗਦੀਪ ਦੇ ਪਰਿਵਾਰ ਅਤੇ ਹੋਰਨਾਂ ਰਿਸ਼ਤੇਦਾਰਾਂ ਨੂੰ ਉਸ ਦੇ ਅੰਤਿਮ ਦਰਸ਼ਨ ਕਰਨੇ ਨਸੀਬ ਹੋਏ ਹਨ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਉੱਘੇ ਫਿਜੀਕਸ ਵਿਗਿਆਨੀ ਪ੍ਰੋਫੈਸਰ ਅਰਵਿੰਦ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਉਪ ਕੁਲਪਤੀ ਨਿਯੁਕਤ

ਵੀਡੀਓ: ਕੌਣ ਕਰ ਰਿਹਾ ਸਿੱਖੀ ਦੇ ਨਾਂਅ ‘ਤੇ ਸਮਾਜ ਦਾ ਤਾਲਿਬਾਨੀਕਰਨ ?