… ਬੇਸਹਾਰਾ ਲੋਕਾਂ ਤੋਂ ਲੱਖਾਂ ਰੁਪਏ ਇਲਾਜ ਦੇ ਨਾਂ ‘ਤੇ ਲੁੱਟੇ ਜਾ ਰਹੇ ਹਨ, ਇਲਾਜ ਹੋਣਾ ਚਾਹੀਦਾ ਮੁਫਤ
… ਸਿਹਤ ਕਾਮਿਆਂ ਨੇ ਕੀਤੀ ਹੜਤਾਲ, ਮਹਾਂਮਾਰੀ ਦੌਰਾਨ ਘਾਟ ਦੇ ਬਾਵਜੂਦ ਨਹੀਂ ਕੀਤੀ ਜਾ ਰਹੀ ਨਵੀਂ ਭਰਤੀ
ਚੰਡੀਗੜ੍ਹ, 6 ਮਈ 2021 – ਆਮ ਆਦਮੀ ਪਾਰਟੀ (ਆਪ) ਦੀ ਸੀਨੀਅਰ ਆਗੂ ਅਤੇ ਪੰਜਾਬ ਵਿਧਾਨ ਸਭਾ ‘ਚ ਵਿਰੋਧੀ ਧਿਰ ਦੀ ਉਪ ਨੇਤਾ ਸਰਬਜੀਤ ਕੌਰ ਮਾਣੂੰਕੇ ਨੇ ਕਿਹਾ ਕਿ ਕੋਰੋਨਾ ਮਹਾਂਮਾਰੀ ਦੌਰਾਨ ਪੰਜਾਬ ਸਰਕਾਰ ਦੀਆਂ ਸਿਹਤ ਸੇਵਾਵਾਂ ਦਾ ਭੱਠਾ ਬੈਠ ਗਿਆ ਹੈ ਅਤੇ ਵੱਡੀ ਘਾਟ ਦੇ ਬਾਵਜੂਦ ਵੀ ਲੋੜੀਂਦੇ ਮੁਲਾਜਮਾਂ ਦੀ ਭਰਤੀ ਨਹੀਂ ਕੀਤੀ ਜਾ ਰਹੀ। ਲੋੜੀਂਦਾ ਸਟਾਫ ਨਾ ਹੋਣ ਕਾਰਨ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੇ ਕਾਂਗਰਸ ਸਰਕਾਰ ਨੇ ਸਰਕਾਰੀ ਵੈਂਟੀਲੇਟਰ ਨਿੱਜੀ ਹਸਪਤਾਲਾਂ ਨੂੰ ਸੌਂਪ ਦਿੱਤੇ ਹਨ।
ਬੁੱਧਵਾਰ ਨੂੰ ਪਾਰਟੀ ਦੇ ਮੁੱਖ ਦਫਤਰ ਤੋਂ ਜਾਰੀ ਇੱਕ ਬਿਆਨ ਰਾਹੀਂ ਵਿਧਾਇਕਾ ਸਰਬਜੀਤ ਕੌਰ ਮਾਣੂੰਕੇ ਨੇ ਕਿਹਾ ਕਿ ਕੋਵਿਡ ਮਹਾਂਮਾਰੀ ਦੇ ਸਮੇਂ ਪੰਜਾਬ ਵਿੱਚ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਦੇ ਬੁਰੀ ਤਰ੍ਹਾਂ ਫੇਲ ਹੋਣ ਜਾਣ ਕਾਰਨ ਸੂਬੇ ਦੇ ਲੋਕ ਆਪਣੇ ਆਪ ਨੂੰ ਬੇਸਹਾਰਾ ਮਹਿਸੂਸ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਬੇਸਹਾਰਾ ਹੋਏ ਲੋਕਾਂ ਤੋਂ ਲੱਖਾਂ ਰੁਪਏ ਇਲਾਜ ਦੇ ਨਾਂ ‘ਤੇ ਲੁੱਟੇ ਜਾ ਰਹੇ ਹਨ, ਜਿਹੜਾ ਇਲਾਜ ਸਰਕਾਰ ਵੱਲੋਂ ਮੁਫਤ ਕੀਤਾ ਜਾਣਾ ਚਾਹੀਦਾ ਸੀ।
ਬੀਬਾ ਮਾਣੂੰਕੇ ਨੇ ਕਿਹਾ ਕਿ ਪੂਰੇ ਪੰਜਾਬ ਵਿੱਚ ਇੱਕ ਪਾਸੇ ਕੋਰੋਨਾ ਪੀੜਤ ਦੇ ਇਲਾਜ ਲਈ ਲੋੜੀਂਦੀਆਂ ਦਵਾਈਆਂ ਅਤੇ ਆਕਸੀਜਨ ਦੀ ਘਾਟ ਪਾਈ ਜਾ ਰਹੀ ਹੈ। ਦੂਜੇ ਪਾਸੇ ਕੇਂਦਰ ਸਰਕਾਰ ਵੱਲੋਂ ਦਿੱਤੇ 300 ਵੈਂਟੀਲੇਟਰ ਸੂਬੇ ਦੇ ਹਸਪਤਾਲਾਂ ਵਿੱਚ ਧੂੱੜ ਚੱਖ ਰਹੇ ਹਨ ਕਿਉਂਕਿ ਪੰਜਾਬ ਦੇ ਸਿਹਤ ਵਿਭਾਗ ਕੋਲ ਵੈਂਟੀਲੇਟਰ ਚਲਾਉਣ ਵਾਲਾ ਸਟਾਫ ਨਹੀਂ ਹੈ। ਸਗੋਂ ਕੈਪਟਨ ਸਰਕਾਰ ਨੇ ਬਠਿੰਡਾ ਅਤੇ ਮੋਹਾਲੀ ‘ਚ ਬਹੁਤ ਸਾਰੇ ਵੈਂਟੀਲੇਟਰ ਪ੍ਰਾਈਵੇਟ ਹਸਪਤਾਲਾਂ ਨੂੰ ਦੇ ਦਿੱਤੇ। ਉਨ੍ਹਾਂ ਸਵਾਲ ਕੀਤਾ ਕਿ, ਕੀ ਪ੍ਰਾਈਵੇਟ ਹਸਪਤਾਲ ਸਰਕਾਰੀ ਹਸਪਤਾਲਾਂ ਦੀ ਤਰ੍ਹਾਂ ਪੀੜਤਾਂ ਦਾ ਮੁਫਤ ਇਲਾਜ ਕਰਨਗੇ? ਵਿਧਾਇਕਾ ਨੇ ਕਿਹਾ ਕਿ ਕੋਰੋਨਾ ਮਹਾਂਮਾਰੀ ਦੀ ਚਿਤਾਵਨੀ ਦੇ ਬਾਵਜੂਦ ਕੈਪਟਨ ਸਰਕਾਰ ਨੇ ਨਾ ਡਾਕਟਰਾਂ, ਨਰਸਾਂ ਅਤੇ ਹੋਰ ਸਟਾਫ ਦੀ ਭਰਤੀ ਕੀਤੀ ਹੈ ਅਤੇ ਨਾ ਹੀ ਹਸਪਤਾਲਾਂ ਵਿੱਚ ਸਿਹਤ ਸੇਵਾਵਾਂ ਵਿੱਚ ਸੁਧਾਰ ਕੀਤਾ ਹੈ।
ਕੈਪਟਨ ਵੱਲੋਂ ਜਿਨਾਂ ਪ੍ਰਾਈਵੇਟ ਹਸਪਤਾਲਾਂ ਨੂੰ ਵੈਂਟੀਲੇਟਰ ਦਿੱਤੇ ਗਏ ਹਨ, ਏਹੋ ਪ੍ਰਾਈਵੇਟ ਹਸਪਤਾਲ ਕੋਵਿਡ ਮਰੀਜ ਤੋਂ 8 ਤੋਂ 10 ਲੱਖ ਰੁਪਏ ਇਲਾਜ ਦੇ ਨਾਂ ‘ਤੇ ਵਸੂਲ ਕਰ ਰਹੇ ਹਨ। ਇਸ ਤਰ੍ਹਾਂ ਇਲਾਜ ਦੇ ਨਾਂ ‘ਤੇ ਆਮ ਆਦਮੀ ਦੀ ਲੁੱਟ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਸਰਕਾਰੀ ਵਿਭਾਗਾਂ ਨੂੰ ਬਰਬਾਦ ਕਰ ਦਿੱਤਾ ਹੈ ਅਤੇ ਪ੍ਰਾਈਵੇਟ ਮਾਫੀਏ ਨੂੰ ਉਤਸਾਹਿਤ ਕੀਤਾ ਜਾ ਰਿਹਾ ਹੈ। ਪੰਜਾਬ ਦੇ ਬਹੁਤ ਸਾਰੇ ਸਰਕਾਰੀ ਹਸਪਤਾਲਾਂ ਵਿੱਚ ਵੈਂਟੀਲੇਟਰ ਪ੍ਰਣਾਲੀ ਹੀ ਨਹੀਂ ਹੈ, ਇੱਥੋਂ ਤੱਕ ਕਿ ਸਿਹਤ ਤੇ ਪਰਿਵਾਰ ਕਲਿਆਣ ਵਿਭਾਗ ਦੇ ਮੰਤਰੀ ਬਲਬੀਰ ਸਿੰਘ ਦੇ ਖੁਦ ਦੇ ਜਲ੍ਹਿੇ ਮੋਹਾਲੀ ਦੇ ਹਸਪਤਾਲਾਂ ਵਿੱਚ ਵੀ ਗੰਭੀਰ ਪੀੜਤਾਂ ਦੇ ਇਲਾਜ ਲਈ ਵੈਂਟੀਲੇਟਰ ਪ੍ਰਣਾਲੀ ਨਹੀਂ ਹੈ।
ਬੀਬਾ ਮਾਣੂੰਕੇ ਨੇ ਦੋਸ ਲਾਇਆ ਕੈਪਟਨ ਸਰਕਾਰ ਨੇ ਕੋਰੋਨਾ ਦੇ ਇਲਾਜ ਲਈ ਸੂਬੇ ‘ਚ ਇੱਕ ਵੀ ਚੰਗਾ ਹਸਪਤਾਲ ਨਹੀਂ ਬਣਾਇਆ। ਸਰਕਾਰ ਨੇ ਮਹਾਂਮਾਰੀ ਨੂੰ ਦੇਖਦਿਆਂ ਲੋੜੀਂਦੀ ਸਟਾਫ ਦੀ ਭਰਤੀ ਨਹੀਂ ਕੀਤੀ ਅਤੇ ਹੁਣ ਰਾਸਟਰੀ ਸਿਹਤ ਮਿਸਨ ਦੇ ਹਜਾਰਾਂ ਕਾਮੇ ਵੀ ਹੜਤਾਲ ‘ਤੇ ਚਲੇ ਗਏ ਹਨ। ਸਿਹਤ ਵਿਭਾਗ ਦੇ ਹਜਾਰਾਂ ਵਰਕਰ ਦਸ ਹਜਾਰ ਰੁਪਏ ਦੀ ਨਿਗੂਣੀ ਤਨਖਾਹ ‘ਤੇ ਕੰਮ ਕਰਨ ਲਈ ਮਜਬੂਰ ਹਨ। ਉਨ੍ਹਾਂ ਕੈਪਟਨ ਅਮਰਿੰਦਰ ਸਿੰਘ ਨੂੰ ਅਪੀਲ ਕੀਤੀ ਕਿ ਸੂਬੇ ਦੇ ਲੋਕਾਂ ਨੂੰ ਕੋਰੋਨਾ ਮਹਾਂਮਾਰੀ ਤੋਂ ਬਚਾਉਣ ਲਈ ਹਸਪਤਾਲਾਂ ਵਿੱਚ ਸਿਹਤ ਸੇਵਾਵਾਂ ਅਤੇ ਡਾਕਟਰਾਂ ਦਾ ਪ੍ਰਬੰਧ ਕਰਨ ਅਤੇ ਦਵਾਈਆਂ ਦੀ ਕਾਲਾਬਾਜਾਰੀ ਰੋਕਣ।