ਚੰਡੀਗੜ੍ਹ, 12 ਮਈ 2021 – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੀਨੀਅਰ ਕਾਂਗਰਸੀ ਨੇਤਾ ਅਤੇ ਸਾਬਕਾ ਕੈਬਨਿਟ ਮੰਤਰੀ ਇੰਦਰਜੀਤ ਸਿੰਘ ਜੀਰਾ ਦੇ ਅਕਾਲ ਚਲਾਣੇ ’ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਹ 63 ਸਾਲਾਂ ਦੇ ਸਨ ਜੋ ਕੈਂਸਰ ਕਾਰਨ ਲੰਮਾ ਸਮਾਂ ਬਿਮਾਰ ਰਹਿਣ ਉਪਰੰਤ ਮੁਹਾਲੀ ਦੇ ਇਕ ਪ੍ਰਾਈਵੇਟ ਹਸਪਤਾਲ ਵਿਚ ਅੱਜ ਸਵੇਰੇ ਚੱਲ ਵਸੇ। ਉਹ ਆਪਣੇ ਪਿੱਛੇ ਪਤਨੀ ਤੇ ਦੋ ਪੁੱਤਰ ਛੱਡ ਗਏ ਹਨ।
ਜੀਰਾ ਦੇ ਵੱਡੇ ਸਪੁੱਤਰ ਕੁਲਬੀਰ ਸਿੰਘ ਜੀਰਾ ਜੋ ਜੀਰਾ ਵਿਧਾਨ ਹਲਕੇ ਤੋਂ ਕਾਂਗਰਸ ਦੇ ਵਿਧਾਇਕ ਹਨ, ਨਾਲ ਦਿਲੀ ਹਮਦਰਦੀ ਜਾਹਰ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ, “ਇੰਦਰਜੀਤ ਸਿੰਘ ਜੀਰਾ ਦੇ ਤੁਰ ਜਾਣ ਨਾਲ ਪਾਰਟੀ ਸਫਾਂ ਵਿਚ ਖਲਾਅ ਪੈਦਾ ਹੋ ਗਿਆ ਜਿਸ ਨੂੰ ਪੂਰਨਾ ਬਹੁਤ ਔਖਾ ਹੈ।”
ਇਕ ਸ਼ੋਕ ਸੰਦੇਸ਼ ਵਿਚ ਕੈਪਟਨ ਅਮਰਿੰਦਰ ਸਿੰਘ ਨੇ ਇੰਦਰਜੀਤ ਸਿੰਘ ਜੀਰਾ ਨੂੰ ਚੰਗੇ ਗੁਣਾਂ ਦੇ ਧਾਰਨੀ ਇਨਸਾਨ ਅਤੇ ਭੱਦਰਪੁਰਸ਼ ਸਿਆਸਤਦਾਨ ਦੱਸਿਆ ਜਿਨ੍ਹਾਂ ਨੇ ਸਮਾਜ ਦੇ ਸਾਰੇ ਵਰਗਾਂ ਦੀ ਭਲਾਈ ਖਾਸ ਕਰਕੇ ਕਿਸਾਨਾਂ ਅਤੇ ਖੇਤ ਕਾਮਿਆਂ ਦੇ ਹਿੱਤਾਂ ਦੀ ਰਾਖੀ ਲਈ ਅਣਥੱਕ ਕਾਰਜ ਕੀਤੇ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਮਾਲਵਾ ਖਿੱਤੇ ਦੇ ਸਰਬਪੱਖੀ ਵਿਕਾਸ ਲਈ ਉਨ੍ਹਾਂ ਦੀਆਂ ਸ਼ਾਨਦਾਰ ਸੇਵਾਵਾਂ ਨੂੰ ਹਮੇਸ਼ਾ ਚੇਤੇ ਰੱਖਿਆ ਜਾਵੇਗਾ।
ਇਸੇ ਦੌਰਾਨ ਮੁੱਖ ਮੰਤਰੀ ਨੇ ਅਕਾਲ ਪੁਰਖ ਅੱਗੇ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿਚ ਸਦੀਵੀ ਨਿਵਾਸ ਦੇਣ ਅਤੇ ਪਿੱਛੇ ਪਰਿਵਾਰਕ ਮੈਂਬਰਾਂ ਅਤੇ ਸਾਕ-ਸਬੰਧੀਆਂ ਨੂੰ ਦੁੱਖ ਦੀ ਇਸ ਘੜੀ ਵਿਚ ਭਾਣਾ ਮੰਨਣ ਦਾ ਬਲ ਬਖਸ਼ਣ ਲਈ ਅਰਦਾਸ ਕੀਤੀ।