… ਪੰਜਾਬ ਵਿੱਚ ਵੀ ਅਨਾਥ ਬੱਚਿਆਂ ਨੂੰ ਹਰ ਮਹੀਨੇ ਵਿੱਤੀ ਸਹਾਇਤਾ, ਉਨ੍ਹਾਂ ਦੇ ਖਾਣ ਪੀਣ , ਰਹਿਣ ਸਹਿਣ ਅਤੇ ਪੜ੍ਹਾਈ ਦਾ ਖ਼ਰਚ ਚੁੱਕੇ ਕੈਪਟਨ ਸਰਕਾਰ : ਬੀਬੀ ਮਾਣੂੰਕੇ
… ਕੇਜਰੀਵਾਲ ਵਾਂਗ ਗਰੀਬਾਂ ਨੂੰ ਬਿਨ੍ਹਾਂ ਰਾਸ਼ਣ ਕਾਰਡ ਤੋਂ ਮੁਫ਼ਤ ਰਾਸ਼ਣ ਮੁਹਈਆ ਕਰਾਵੇ ਕਾਂਗਰਸ ਸਰਕਾਰ: ਮੀਤ ਹੇਅਰ
ਚੰਡੀਗੜ੍ਹ, 20 ਮਈ 2021 – ਦਿੱਲੀ ਵਿਚਲੀ ਕੇਜਰੀਵਾਲ ਸਰਕਾਰ ਵੱਲੋਂ ਕੋਰੋਨਾ ਪੀੜਤ ਬੱਚਿਆਂ ਅਤੇ ਪਰਿਵਾਰਾਂ ਨੂੰ ਵਿਸ਼ੇਸ਼ ਆਰਥਿਕ ਮਦਦ ਦੇਣ ਦਾ ਸਵਾਗਤ ਕਰਦਿਆਂ ਆਮ ਆਦਮੀ ਪਾਰਟੀ (ਆਪ) ਪੰਜਾਬ ਦੀ ਸੀਨੀਅਰ ਆਗੂ ਤੇ ਪੰਜਾਬ ਵਿਧਾਨ ਸਭਾ ’ਚ ਵਿਰੋਧੀ ਧਿਰ ਦੀ ਉਪ ਆਗੂ ਸਰਬਜੀਤ ਕੌਰ ਮਾਣੂੰਕੇ ਅਤੇ ਵਿਧਾਇਕ ਗੁਰਮੀਤ ਸਿੰਘ ਮੀਤ ਹੇਅਰ ਨੇ ਪੰਜਾਬ ਦੀ ਕਾਂਗਰਸ ਸਰਕਾਰ ਤੋਂ ਮੰਗ ਕੀਤੀ ਹੈ ਕਿ ਦਿੱਲੀ ਸਰਕਾਰ ਦੀ ਤਰ੍ਹਾਂ ਸੂਬੇ ਦੇ ਕੋਰੋਨਾ ਪੀੜਤਾਂ ਨੂੰ ਵੀ ਵਿੱਤੀ ਮਦਦ ਦਿੱਤੀ ਜਾਵੇ।
ਬੁੱਧਵਾਰ ਨੂੰ ਪਾਰਟੀ ਦੇ ਮੁੱਖ ਦਫ਼ਤਰ ਉਤੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਵਿਧਾਇਕਾ ਸਰਬਜੀਤ ਕੌਰ ਮਾਣੂੰਕੇ ਅਤੇ ਵਿਧਾਇਕ ਗੁਰਮੀਤ ਸਿੰਘ ਮੀਤ ਹੇੇਅਰ ਨੇ ਦੱਸਿਆ ਕਿ ਕੋਰੋਨਾ ਮਹਾਮਾਰੀ ਨੇ ਦਿੱਲੀ ਵਿੱਚ ਬਹੁਤ ਬੁਰਾ ਅਸਰ ਕੀਤਾ, ਜਿਸ ਕਾਰਨ ਬਹੁਤ ਸਾਰੇ ਬੱਚੇ ਮਾਪਿਆਂ ਤੋ ਵਾਂਝੇ ਹੋ ਗਏ ਅਤੇ ਹਜ਼ਾਰਾਂ ਪਰਿਵਾਰਾਂ ਦੇ ਕਮਾਉਣ ਵਾਲੇ ਨਹੀਂ ਰਹੇ। ਉਨ੍ਹਾਂ ਕਿਹਾ ਕਿ ਇਸ ਦੁੱਖ ਦੀ ਘੜੀ ਵਿੱਚ ਆਮ ਆਦਮੀ ਪਾਰਟੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਲੋਕਾਂ ਦੀਆਂ ਜ਼ਿੰਦਗੀਆਂ ਬਚਾਉਣ ਲਈ ਸਿਰ ਤੋੜ ਯਤਨ ਕੀਤੇ, ਉਥੇ ਹੀ ਕੋਰੋਨਾ ਪੀੜਤ ਪਰਿਵਾਰਾਂ ਦੇ ਚੰਗੇ ਜੀਵਨ ਬਸਰ ਲਈ ਨਗਦ ਰਾਸ਼ੀ ਅਤੇ ਪੈਨਸ਼ਨ ਦੇਣ ਦੇ ਐਲਾਨ ਕੀਤੇ ਹਨ।

ਉਨ੍ਹਾਂ ਦੱਸਿਆ ਕਿ ਕੇਜਰੀਵਾਲ ਸਰਕਾਰ ਨੇ ਦਿੱਲੀ ਵਿੱਚ ਰਹਿਣ ਵਾਲੇ ਕੋਰੋਨਾ ਮਹਾਮਾਰੀ ਕਾਰਨ ਅਨਾਥ ਹੋਣ ਵਾਲੇ ਬੱਚਿਆਂ ਨੂੰ 2500 ਰੁਪਏ 25 ਸਾਲ ਦੀ ਉਮਰ ਹੋਣ ਤੱਕ ਦੇਣ ਦਾ ਫ਼ੈਸਲਾ ਕੀਤਾ ਹੈ, ਜਦੋਂ ਕਿ ਪਰਿਵਾਰਕ ਮੈਂਬਰ ਦੀ ਕੋਰੋਨਾ ਨਾਲ ਮੌਤ ਹੋਣ ’ਤੇ 2500 ਰੁਪਏ ਪੈਨਸ਼ਨ ਦੇਣ ਦਾ ਨਿਰਣਾ ਕੀਤਾ ਹੈ। ਇਸੇ ਤਰ੍ਹਾਂ ਪਰਿਵਾਰ ਵਿੱਚੋਂ ਕਮਾਉਣ ਵਾਲਿਆਂ ਦੀ ਕੋਰੋਨਾ ਨਾਲ ਮੌਤ ਹੋ ਜਾਣ ’ਤੇ 50 ਹਜ਼ਾਰ ਰੁਪਏ ਮੁਆਵਜ਼ੇ ਦਾ ਐਲਾਨ ਕੀਤਾ ਗਿਆ। ਜਦੋਂ ਕਿ ਦਿੱਲੀ ਵਿੱਚ ਰਹਿਣ ਵਾਲੇ ਬਿਨਾਂ ਰਾਸ਼ਨ ਕਾਰਡ ਵਾਲੇ ਗਰੀਬ ਪਰਿਵਾਰਾਂ ਸਮੇਤ 72 ਲੱਖ ਲੋਕਾਂ ਨੂੰ ਮੁਫ਼ਤ ਰਾਸ਼ਣ ਦੇਣ ਵੀ ਆਦੇਸ਼ ਜਾਰੀ ਕੀਤੇ ਗਏ ਹਨ।
ਬੀਬਾ ਸਰਬਜੀਤ ਕੌਰ ਮਾਣੂੰਕੇ ਨੇ ਕਿਹਾ ਕਿ ਦੂਜੇ ਪਾਸੇ ਦੇਸ਼ ਦੇ ਸਭ ਤੋਂ ਅਮੀਰ ਸੂਬੇ ਪੰਜਾਬ ਦੀ ਕਾਂਗਰਸ ਸਰਕਾਰ ਨੇ ਕੋਰੋਨਾ ਮਹਾਮਾਰੀ ਨਾਲ ਨਜਿੱਠਣ ਲਈ ਸੁਚੱਜੇ ਪ੍ਰਬੰਧ ਕਰਨ ਅਤੇ ਮਹਾਮਾਰੀ ਨਾਲ ਪੀੜਤ ਪਰਿਵਾਰਾਂ ਦੀ ਵਿੱਤੀ ਮਦਦ ਕਰਨ ਵਿੱਚ ਬੁਰੀ ਤਰ੍ਹਾਂ ਫ਼ੇਲ ਹੋਈ ਹੈ। ਉਨ੍ਹਾਂ ਕਿਹਾ ਕੈਪਟਨ ਅਮਰਿੰਦਰ ਸਿੰਘ ਦੀ ਅਣਐਲਾਨੀ ਤਾਲਾਬੰਦੀ ਕਾਰਨ ਸੂਬੇ ਵਿੱਚ ਲੱਖਾਂ ਪਰਿਵਾਰਾਂ ਦੀ ਰੋਜ਼ੀ ਰੋਟੀ ਬੰਦ ਹੋ ਗਈ ਹੈ, ਪਰ ਮੁੱਖ ਮੰਤਰੀ ਨੇ ਕਿਸੇ ਵੀ ਪਰਿਵਾਰ ਤੱਕ ਰਸਦ ਪਾਣੀ ਦੇਣ ਦਾ ਕੋਈ ਪ੍ਰਬੰਧ ਨਹੀਂ ਕੀਤਾ।
ਆਮ ਆਦਮੀ ਪਾਰਟੀ ਦੇ ਆਗੂਆਂ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੋਂ ਮੰਗ ਕੀਤੀ ਹੈ ਕਿ ਜਿਵੇਂ ਦਿੱਲੀ ਦੀ ਅਰਵਿੰਦ ਕੇਜਰੀਵਾਲ ਸਰਕਾਰ ਦੀ ਤਰਜ਼ ’ਤੇ ਕੋਰੋਨਾ ਕਾਰਨ ਕਮਾਉਣ ਵਾਲੇ ਦੀ ਮੌਤ ਹੋਣ ’ਤੇ ਪਰਿਵਾਰ ਨੂੰ 50 ਹਜ਼ਾਰ ਰੁਪਏ ਦਾ ਮੁਆਵਜ਼ਾ ਅਤੇ ਅਨਾਥ ਬੱਚਿਆਂ ਨੂੰ ਹਰ ਮਹੀਨੇ ਵਿੱਤੀ ਸਹਾਇਤਾ, ਉਨ੍ਹਾਂ ਦੇ ਖਾਣ ਪੀਣ , ਰਹਿਣ ਸਹਿਣ ਅਤੇ ਪੜ੍ਹਾਈ ਦਾ ਖ਼ਰਚਾ ਕੈਪਟਨ ਸਰਕਾਰ ਦੇਵੇ। ਇਸ ਤੋਂ ਇਲਾਵਾ ਰਾਸ਼ਣ ਕਾਰਡ ਵਾਲੇ ਪਰਿਵਾਰਾਂ ਸਮੇਤ ਬਿਨਾਂ ਰਾਸ਼ਣ ਕਾਰਡ ਪਰਿਵਾਰਾਂ ਨੂੰ ਵੀ ਮੁਫ਼ਤ ਰਾਸ਼ਣ ਦਿੱਤਾ ਜਾਵੇ।
