ਸ਼੍ਰੋਮਣੀ ਕਮੇਟੀ ਵੱਲੋਂ ਫਿਰੋਜ਼ਪੁਰ ‘ਚ ਚੌਥਾ ਕੋਰੋਨਾ ਕੇਅਰ ਕੇਂਦਰ ਸਥਾਪਤ

  • ਸ਼੍ਰੋਮਣੀ ਕਮੇਟੀ ਵੱਲੋਂ ਕੋਰੋਨਾ ਮਰੀਜ਼ਾਂ ਦੇ ਇਲਾਜ਼ ਲਈ ਕੀਤੇ ਜਾ ਰਹੇ ਕਾਰਜ ਸ਼ਲਾਘਾਯੋਗ- ਸ. ਸੁਖਬੀਰ ਸਿੰਘ ਬਾਦਲ
  • ਪੰਜਾਬ ਦੇ ਹੋਰਨਾਂ ਜਿਲ੍ਹਿਆਂ ’ਚ ਵੀ ਸਥਾਪਤ ਕੀਤੇ ਜਾਣਗੇ ਕੋਰੋਨਾ ਕੇਅਰ ਕੇਂਦਰ- ਬੀਬੀ ਜਗੀਰ ਕੌਰ

ਅੰਮ੍ਰਿਤਸਰ, 20 ਮਈ 2021 – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕੋਰੋਨਾ ਮਰੀਜ਼ਾਂ ਦੇ ਇਲਾਜ਼ ਲਈ ਵੱਡੇ ਉਦਮ ਕੀਤੇ ਜਾ ਰਹੇ ਹਨ। ਜਿਨ੍ਹਾਂ ਤਹਿਤ ਵੱਖ-ਵੱਖ ਥਾਵਾਂ ’ਤੇ ਕੋਰੋਨਾ ਕੇਅਰ ਕੇਂਦਰ ਸਥਾਪਤ ਕੀਤੇ ਗਏ ਹਨ। ਗੁਰਦੁਆਰਾ ਸ੍ਰੀ ਮੰਜੀ ਸਾਹਿਬ ਆਲਮਗੀਰ, ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬ੍ਹੋ (ਬਠਿੰਡਾ) ਅਤੇ ਭੁਲੱਥ (ਕਪੂਰਥਲਾ) ਵਿਖੇ ਲੋੜਵੰਦਾਂ ਨੂੰ ਪਹਿਲਾਂ ਹੀ ਸਿਹਤ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ। ਇਸੇ ਲੜੀ ਤਹਿਤ ਅੱਜ ਗੁਰਦੁਆਰਾ ਸ੍ਰੀ ਜਾਮਨੀ ਸਾਹਿਬ ਬਜੀਦਪੁਰ (ਫ਼ਿਰੋਜ਼ਪੁਰ) ਦੇ ਨਜ਼ਦੀਕ ਸਹਿਬਜ਼ਾਦਾ ਅਜੀਤ ਸਿੰਘ ਪਬਲਿਕ ਸਕੂਲ ਵਿਖੇ 25 ਬੈੱਡਾਂ ਦਾ ਚੌਥਾ ਕੋਰੋਨਾ ਕੇਅਰ ਕੇਂਦਰ ਸਥਾਪਤ ਕੀਤਾ ਗਿਆ, ਜਿਸ ਦਾ ਉਦਘਾਟਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਸਾਂਝੇ ਤੌਰ ’ਤੇ ਕੀਤਾ।

ਇਸ ਮੌਕੇ ਸ. ਸੁਖਬੀਰ ਸਿੰਘ ਬਾਦਲ ਨੇ ਸ਼੍ਰੋਮਣੀ ਕਮੇਟੀ ਵੱਲੋਂ ਕੋਰੋਨਾ ਮਰੀਜ਼ਾਂ ਦੇ ਇਲਾਜ਼ ਲਈ ਕੀਤੇ ਜਾ ਰਹੇ ਯਤਨਾਂ ਦੀ ਸ਼ਲਾਘਾ ਕਰਦਿਆਂ ਇਸ ਨੂੰ ਮਾਨਵ ਹਿਤਕਾਰੀ ਕਾਰਜ ਦੱਸਿਆ। ਉਨ੍ਹਾਂ ਆਖਿਆ ਕਿ ਅੱਜ ਜਦੋਂ ਸਰਕਾਰਾਂ ਕੋਰੋਨਾ ਸੰਕਟ ਤੋਂ ਨਿਕਲਣ ਲਈ ਨਕਾਮ ਸਾਬਤ ਹੋ ਰਹੀਆਂ ਹਨ ਤਾਂ ਇਸ ਦੌਰਾਨ ਸ਼੍ਰੋਮਣੀ ਕਮੇਟੀ ਦੀ ਭੂਮਿਕਾਂ ਬੇਹੱਦ ਸੰਤੁਸ਼ਟੀਜਨਕ ਹੈ।

ਇਸ ਮੌਕੇ ਗੱਲਬਾਤ ਕਰਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਲੋੜਵੰਦਾਂ ਦੀ ਸਹਾਇਤਾ ਲਈ ਹਮੇਸ਼ਾਂ ਹੀ ਯਤਨਸ਼ੀਲ ਰਹੀ ਹੈ। ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਕੋਰੋਨਾ ਮਹਾਂਮਾਰੀ ਕਾਰਨ ਲੋਕਾਂ ਨੂੰ ਇਲਾਜ਼ ਲਈ ਵੱਡੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਜਿਸ ਨੂੰ ਧਿਆਨ ਵਿਚ ਰੱਖਦਿਆਂ ਸ਼੍ਰੋਮਣੀ ਕਮੇਟੀ ਵੱਲੋਂ ਸੰਗਤਾਂ ਦੀ ਸਹੂਲਤ ਲਈ ਇਹ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਕੇਂਦਰਾਂ ਅੰਦਰ ਮਰੀਜ਼ਾਂ ਨੂੰ ਕੰਨਸਨਟਰੇਟਰਾਂ ਰਾਹੀਂ ਆਕਸੀਜਨ ਦਿੱਤੀ ਜਾ ਰਹੀ ਹੈ ਅਤੇ ਮਾਹਰ ਡਾਕਟਰਾਂ ਵੱਲੋਂ ਮਰੀਜ਼ਾਂ ਦਾ ਇਲਾਜ਼ ਕੀਤਾ ਜਾ ਰਿਹਾ ਹੈ।

ਉਨ੍ਹਾਂ ਕਿਹਾ ਕਿ ਬਜੀਦਪੁਰ ਵਿਖੇ ਇਹ ਕੇਂਦਰ ਸਥਾਪਤ ਕਰਨ ਨਾਲ ਇਸ ਇਲਾਕੇ ਦੀਆਂ ਸੰਗਤਾਂ ਨੂੰ ਵੱਡੀ ਸਹੂਲਤ ਮਿਲੇਗੀ। ਜਿਸ ਨਾਲ ਲੋਕ ਖਜ਼ਲ-ਖੁਆਰ ਹੋਣ ਤੋਂ ਬੱਚਣਗੇ ਅਤੇ ਆਪਣੇ ਨੇੜੇ ਹੀ ਲੋੜੀਂਦੀਆਂ ਸਿਹਤ ਸੇਵਾਵਾਂ ਪ੍ਰਾਪਤ ਕਰ ਸਕਣਗੇ। ਬੀਬੀ ਜਗੀਰ ਕੌਰ ਨੇ ਕਿਹਾ ਕਿ ਅਜਿਹੇ ਹੀ ਕੇਂਦਰ ਸੰਗਰੂਰ, ਰੋਪੜ ਅਤੇ ਪਟਿਆਲਾ ਵਿਖੇ ਵੀ ਸਥਾਪਤ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਜੇਕਰ ਲੋੜ ਪਈ ਤਾਂ ਹੋਰਨਾਂ ਥਾਵਾਂ ’ਤੇ ਵੀ ਪ੍ਰਬੰਧ ਕੀਤਾ ਜਾਵੇਗਾ। ਬੀਬੀ ਜਗੀਰ ਕੌਰ ਨੇ ਦੱਸਿਆ ਕਿ ਪਹਿਲਾਂ ਚੱਲ ਰਹੇ ਕੇਂਦਰਾਂ ਵਿਚ ਦਾਖਲ ਵੱਡੀ ਗਿਣਤੀ ਵਿਚ ਮਰੀਜ਼ ਠੀਕ ਹੋ ਕੇ ਘਰਾਂ ਨੂੰ ਜਾ ਚੁੱਕੇ ਹਨ।

ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸ. ਸੁਰਜੀਤ ਸਿੰਘ ਭਿੱਟੇਵੱਡ, ਸੀਨੀਅਰ ਅਕਾਲੀ ਆਗੂ ਸ. ਜਨਮੇਜਾ ਸਿੰਘ ਸੇਖੋਂ, ਅੰਤ੍ਰਿੰਗ ਮੈਂਬਰ ਸ. ਦਰਸ਼ਨ ਸਿੰਘ ਸ਼ੇਰ ਖਾਂ, ਮੈਂਬਰ ਭਾਈ ਰਜਿੰਦਰ ਸਿੰਘ ਮਹਿਤਾ, ਸ. ਗੁਰਮੀਤ ਸਿੰਘ ਬੂਹ, ਜਥੇਦਾਰ ਪ੍ਰੀਤਮ ਸਿੰਘ ਮਲਸੀਆਂ, ਸ. ਸਤਪਾਲ ਸਿੰਘ ਤਲਵੰਡੀ, ਜਥੇਦਾਰ ਬਲਵਿੰਦਰ ਸਿੰਘ ਭੰਬਾਲੰਡਾ, ਸ. ਦਰਸ਼ਨ ਸਿੰਘ ਬਰਾੜ, ਅਕਾਲੀ ਆਗੂ ਸ. ਕੰਵਲਜੀਤ ਸਿੰਘ ਰੋਜੀ ਬਰਕੰਦੀ, ਸ. ਜੋਗਿੰਦਰ ਸਿੰਘ ਜਿੰਦੂ, ਸ. ਵਰਦੇਵ ਸਿੰਘ ਮਾਨ, ਡਾ. ਸੁਖਬੀਰ ਸਿੰਘ ਓਐਸਡੀ, ਡਾ. ਏ.ਪੀ. ਸਿੰਘ ਡੀਨ ਸ੍ਰੀ ਗੁਰੂ ਰਾਮਦਾਸ ਮੈਡੀਕਲ ਯੂਨੀਵਰਸਿਟੀ, ਸ੍ਰੀ ਅੰਮ੍ਰਿਤਸਰ ਸਮੇਤ ਹੋਰ ਹਾਜ਼ਰ ਸਨ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

‘ਪੜ੍ਹੋ ਪੰਜਾਬ ਪੜ੍ਹਾਓ ਪੰਜਾਬ’ ਪ੍ਰੋਗਰਾਮ ਹੇਠ ‘ਸ਼ੋਅ ਐਂਡ ਟੈੱਲ’ ਥੀਮ ’ਤੇ ਅਧਾਰਿਤ ਸਕੂਲੀ ਵਿਦਿਆਰਥੀਆਂ ਦੇ ਮੁਕਾਬਲੇ ਸ਼ੁਰੂ

ਸਰਕਾਰ ਵਲੋਂ ਕੋਚਾਂ ਦੀਆਂ ਜਾਇਜ਼ ਮੰਗਾਂ ਵਿਚਾਰੀਆਂ ਜਾਣਗੀਆਂ: ਡਾਇਰੈਕਟਰ ਖੇਡ ਵਿਭਾਗ