ਜੂਨ 1984 ਦੇ ਘੱਲੂਘਾਰੇ ਸਮੇਂ ਜ਼ਖ਼ਮੀ ਹੋਏ ਪਾਵਨ ਸਰੂਪ ਸੰਗਤ ਦੇ ਦਰਸ਼ਨਾਂ ਲਈ ਸੁਸ਼ੋਭਿਤ

  • ਪਾਵਨ ਸਰੂਪ ਵਿਚ ਲੱਗੀ ਗੋਲੀ ਵੀ ਸੰਗਤ ਨੂੰ ਦਿਖਾਉਣ ਲਈ ਰੱਖੀ
  • ਸਿੱਖ ਕੌਮ 37 ਸਾਲਾਂ ਤੋਂ ਘੱਲੂਘਾਰੇ ਦਾ ਦਰਦ ਹੰਢਾ ਰਹੀ ਹੈ-ਬੀਬੀ ਜਗੀਰ ਕੌਰ

ਅੰਮ੍ਰਿਤਸਰ, 3 ਜੂਨ 2021 – ਜੂਨ 1984 ਦੇ ਘੱਲੂਘਾਰੇ ਸਮੇਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਗੋਲੀ ਲੱਗਣ ਨਾਲ ਜ਼ਖ਼ਮੀ ਹੋਏ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪ ਨੂੰ ਸੰਗਤ ਦਰਸ਼ਨਾਂ ਲਈ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਨਜ਼ਦੀਕ ਗੁਰਦੁਆਰਾ ਸ਼ਹੀਦ ਗੰਜ ਬਾਬਾ ਗੁਰਬਖ਼ਸ਼ ਸਿੰਘ ਜੀ ਵਿਖੇ ਸੁਸ਼ੋਭਿਤ ਕੀਤਾ ਗਿਆ। ਇਸ ਦੇ ਨਾਲ ਹੀ ਪਾਵਨ ਸਰੂਪ ਵਿਚ ਲੱਗੀ ਗੋਲੀ ਵੀ ਸੰਗਤ ਨੂੰ ਦਿਖਾਉਣ ਲਈ ਰੱਖੀ ਗਈ ਹੈ। 37 ਸਾਲ ਪਹਿਲਾਂ ਭਾਰਤ ਦੀ ਕਾਂਗਰਸ ਸਰਕਾਰ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ’ਤੇ ਕੀਤੇ ਗਏ ਫ਼ੌਜੀ ਹਮਲੇ ਸਮੇਂ ਇਸ ਪਾਵਨ ਸਰੂਪ ਨੂੰ ਗੋਲੀ ਲੱਗੀ ਸੀ।

ਬੀਤੇ ਕੱਲ੍ਹ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਨੇ ਜ਼ਖ਼ਮੀ ਹੋਏ ਪਾਵਨ ਸਰੂਪ ਨੂੰ ਸੰਗਤ ਦਰਸ਼ਨਾਂ ਲਈ ਸੁਸ਼ੋਭਿਤ ਕਰਨ ਦਾ ਫੈਸਲਾ ਕੀਤਾ ਸੀ, ਜਿਸ ਅਨੁਸਾਰ ਪਾਵਨ ਸਰੂਪ ਸੁਭਾਇਮਾਨ ਕੀਤਾ ਗਿਆ ਹੈ। ਪਾਵਨ ਸਰੂਪ ਗੁਰਦੁਆਰਾ ਸ਼ਹੀਦ ਬਾਬਾ ਗੁਰਬਖ਼ਸ਼ ਸਿੰਘ ਵਿਖੇ ਸੁਸ਼ੋਭਿਤ ਕਰਨ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਜੂਨ 1984 ਦੇ ਘੱਲੂਘਾਰੇ ਦੀ ਦਰਦਮਈ ਵਿੱਥਿਆ ਸਾਂਝੀ ਕਰਦਿਆਂ ਦੱਸਿਆ ਕਿ ਦੱਖਣੀ ਦਰਵਾਜ਼ੇ ਤੋਂ ਹੋਈ ਗੋਲੀਬਾਰੀ ਵਿਚ ਇਕ ਗੋਲੀ ਇਸ ਪਾਵਨ ਸਰੂਪ ਨੂੰ ਲੱਗੀ ਸੀ, ਜੋ ਗਉੜੀ ਰਾਗ ਅੰਦਰ ਸੁਭਾਇਮਾਨ ਸੁਖਮਨੀ ਸਾਹਿਬ ਦੀ ਬਾਣੀ ਤੱਕ ਪੁੱਜ ਗਈ ਸੀ।

ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਹਾ ਕਿ ਜੂਨ 1984 ਦਾ ਫ਼ੌਜੀ ਹਮਲਾ ਸਿੱਖ ਕੌਮ ਲਈ ਗਹਿਰਾ ਜ਼ਖ਼ਮ ਹੈ, ਜਿਸ ਤੋਂ ਆਉਣ ਵਾਲੀਆਂ ਪੀੜ੍ਹੀਆਂ ਦਾ ਜਾਣੂ ਹੋਣਾ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਵੱਧ ਦੁਖ ਹੋਰ ਕੀ ਹੋ ਸਕਦਾ ਹੈ ਕਿ ਆਪਣੇ ਹੀ ਦੇਸ਼ ਦੀ ਕਾਂਗਰਸ ਸਰਕਾਰ ਨੇ ਆਪਣੇ ਲੋਕਾਂ ’ਤੇ ਫ਼ੌਜ ਚਾੜ੍ਹ ਦਿੱਤੀ। ਕੌਮ 37 ਸਾਲਾਂ ਤੋਂ ਇਹ ਦਰਦ ਹੰਢਾਉਂਦੀ ਆ ਰਹੀ ਹੈ ਅਤੇ ਸਿੱਖ ਭਾਵਨਾਵਾਂ ਨੂੰ ਵੇਖਦਿਆਂ ਇਸ ਘੱਲੂਘਾਰੇ ਦੀਆਂ ਨਿਸ਼ਾਨੀਆਂ ਸੰਗਤ ਨੂੰ ਦਿਖਾਉਣ ਲਈ ਫੈਸਲਾ ਕੀਤਾ ਗਿਆ ਹੈ।

ਉਨ੍ਹਾਂ ਦੱਸਿਆ ਕਿ ਘੱਲੂਘਾਰੇ ਸਮੇਂ ਜ਼ਖ਼ਮੀ ਹੋਏ ਪਾਵਨ ਸਰੂਪ ਨੂੰ 5 ਜੂਨ ਤੱਕ ਸੰਗਤ ਦੇ ਦਰਸ਼ਨਾਂ ਲਈ ਰੱਖਿਆ ਜਾਵੇਗਾ ਅਤੇ 6 ਜੂਨ ਦੇ ਸ਼ਹੀਦੀ ਸਮਾਗਮ ਮਗਰੋਂ ਫਿਰ ਵਿਚਾਰ ਕੀਤਾ ਜਾਵੇਗਾ। ਉਨ੍ਹਾਂ ਇਹ ਵੀ ਦੱਸਿਆ ਕਿ ਜਲਦ ਹੀ ਗੋਲੀਆਂ ਨਾਲ ਵਿੰਨ੍ਹੇ ਗਏ ਸੁਨਹਿਰੀ ਪੱਤਰੇ ਵੀ ਸੰਗਤ ਸਾਹਮਣੇ ਰੱਖੇ ਜਾਣਗੇ। ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਗੁਰਮੁੱਖ ਸਿੰਘ ਨੇ ਸੰਗਤ ਨੂੰ ਜ਼ਖ਼ਮੀ ਪਾਵਨ ਸਰੂਪ ਦੀ ਕੀਤੀ ਗਈ ਸੇਵਾ ਸਬੰਧੀ ਜਾਣਕਾਰੀ ਦਿੱਤੀ ਅਤੇ ਗੋਲੀ ਨਾਲ ਪ੍ਰਭਾਵਿਤ ਹੋਏ ਅੰਗਾਂ ਬਾਰੇ ਦੱਸਿਆ। ਉਨ੍ਹਾਂ ਦੱਸਿਆ ਕਿ ਪਾਵਨ ਸਰੂਪ ਦੀ ਜਿਲਦ ਤੋਂ ਲੈ ਕੇ ਗੁਰਬਾਣੀ ਦੀ ਸ਼ੁਰੂਆਤ ਤੱਕ ਗੋਲੀ ਦੇ ਨਿਸ਼ਾਨ ਨੂੰ ਉਸੇ ਤਰ੍ਹਾਂ ਹੀ ਰੱਖਿਆ ਗਿਆ ਹੈ।

ਇਸ ਦੌਰਾਨ ਵੱਡੀ ਗਿਣਤੀ ਵਿਚ ਸੰਗਤਾਂ ਨੇ ਜ਼ਖ਼ਮੀ ਪਾਵਨ ਸਰੂਪ ਦੇ ਭਾਵੁਕ ਮਨ ਨਾਲ ਦਰਸ਼ਨ ਕੀਤੇ। ਸ਼੍ਰੋਮਣੀ ਕਮੇਟੀ ਵੱਲੋਂ ਦੇਸ਼-ਵਿਦੇਸ਼ ਦੀ ਸੰਗਤ ਲਈ ਸਿੱਧੇ ਪ੍ਰਸਾਰਣ ਦਾ ਪ੍ਰਬੰਧ ਕਰਨ ਦੇ ਨਾਲ-ਨਾਲ ਸ੍ਰੀ ਅਕਾਲ ਤਖ਼ਤ ਸਾਹਿਬ ਨਜ਼ਦੀਕ ਵੱਡ-ਆਕਾਰੀ ਸਕਰੀਨਾਂ ਵੀ ਲਗਾਈਆਂ ਗਈਆਂ ਸਨ। ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਜਥਿਆਂ ਵੱਲੋਂ ਗੁਰਬਾਣੀ ਕੀਰਤਨ ਕੀਤਾ ਗਿਆ ਅਤੇ ਅਰਦਾਸ ਭਾਈ ਸੁਲਤਾਨ ਸਿੰਘ ਨੇ ਕੀਤੀ।

ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸ. ਸੁਰਜੀਤ ਸਿੰਘ ਭਿੱਟੇਵਡ, ਜਨਰਲ ਸਕੱਤਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਮੈਂਬਰ ਭਾਈ ਰਜਿੰਦਰ ਸਿੰਘ ਮਹਿਤਾ, ਭਾਈ ਮਨਜੀਤ ਸਿੰਘ ਭੂਰਾਕੋਹਨਾ, ਸ. ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ, ਸ. ਸੁਖਵਰਸ਼ ਸਿੰਘ ਪੰਨੂ, ਭਾਈ ਅਜਾਇਬ ਸਿੰਘ ਅਭਿਆਸੀ, ਬੀਬੀ ਰਣਜੀਤ ਕੌਰ ਦਿੱਲੀ, ਭਾਈ ਮਲਕੀਤ ਸਿੰਘ ਵਧੀਕ ਹੈੱਡ ਗ੍ਰੰਥੀ, ਸਕੱਤਰ ਸ. ਮਹਿੰਦਰ ਸਿੰਘ ਆਹਲੀ, ਵਧੀਕ ਸਕੱਤਰ ਸ. ਪ੍ਰਤਾਪ ਸਿੰਘ, ਸ. ਸੁਖਮਿੰਦਰ ਸਿੰਘ, ਮੀਤ ਸਕੱਤਰ ਸ. ਕੁਲਵਿੰਦਰ ਸਿੰਘ ਰਮਦਾਸ, ਸ. ਸਕੱਤਰ ਸਿੰਘ, ਸ. ਸਿਮਰਜੀਤ ਸਿੰਘ, ਸ. ਬਲਵਿੰਦਰ ਸਿੰਘ ਕਾਹਲਵਾਂ, ਸ. ਸੁਲੱਖਣ ਸਿੰਘ ਭੰਗਾਲੀ, ਸ. ਹਰਜਿੰਦਰ ਸਿੰਘ ਕੈਰੋਂਵਾਲ, ਸ. ਗੁਰਮੀਤ ਸਿੰਘ ਬੁੱਟਰ, ਸ. ਹਰਜੀਤ ਸਿੰਘ ਲਾਲੂਘੁੰਮਣ, ਸ. ਨਿਰਵੈਲ ਸਿੰਘ, ਮੈਨੇਜਰ ਸ. ਗੁਰਿੰਦਰ ਸਿੰਘ ਮਥਰੇਵਾਲ, ਸੁਪ੍ਰਿੰਟੈਂਡੈਂਟ ਸ. ਮਲਕੀਤ ਸਿੰਘ ਬਹਿੜਵਾਲ, ਓਐਸਡੀ ਡਾ. ਸੁਖਬੀਰ ਸਿੰਘ, ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਦੇ ਸਕੱਤਰ ਸ. ਗੁਰਮੀਤ ਸਿੰਘ, ਮੈਨੇਜਰ ਸ. ਸੁਖਰਾਜ ਸਿੰਘ, ਸ. ਬਘੇਲ ਸਿੰਘ, ਸ. ਨਰਿੰਦਰ ਸਿੰਘ, ਸ. ਸਤਨਾਮ ਸਿੰਘ, ਸ. ਹਰਪ੍ਰੀਤ ਸਿੰਘ, ਸ. ਜਗਤਾਰ ਸਿੰਘ ਸ਼ਹੂਰਾ, ਸ. ਨਿਸ਼ਾਨ ਸਿੰਘ, ਸ. ਕੰਵਰਚੜ੍ਹਤ ਸਿੰਘ ਗਿੱਲ, ਸ. ਜਸਪਾਲ ਸਿੰਘ ਢੱਡੇ, ਭਾਈ ਜਸਵਿੰਦਰ ਸਿੰਘ ਸ਼ਹੂਰ, ਭਾਈ ਸਰਬਜੀਤ ਸਿੰਘ ਢੋਟੀਆਂ, ਭਾਈ ਜਗਦੇਵ ਸਿੰਘ ਆਦਿ ਹਾਜ਼ਰ ਸਨ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਸਰਕਾਰੀ ਸਕੂਲਾਂ ਦੇ ਆਨਲਾਈਨ ਸਮਰ ਕੈਂਪ ’ਚ ਵਿਦਿਆਰਥੀਆਂ ‘ਚ ਭਾਰੀ ਉਤਸ਼ਾਹ

ਸੁਰਭੀ ਮਲਿਕ ਨੇ ਫਤਹਿਗੜ੍ਹ ਸਾਹਿਬ ਦੇ ਡਿਪਟੀ ਕਮਿਸ਼ਨਰ ਦਾ ਚਾਰਜ ਸੰਭਾਲਿਆ