- ਪ੍ਰਮੁੱਖ ਸਕੱਤਰ ਜੇਲ੍ਹਾਂ ਤੇ ਏ.ਡੀ.ਜੀ.ਪੀ. ਨੇ ਵੀ ਦੁੱਖ ਪ੍ਰਗਟਾਇਆ
ਚੰਡੀਗੜ੍ਹ, 9 ਜੂਨ 2021 – ਪੰਜਾਬ ਦੇ ਜੇਲ੍ਹ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਨੇ ਬੁੱਧਵਾਰ ਨੂੰ ਕੇਂਦਰੀ ਜੇਲ੍ਹ ਲੁਧਿਆਣਾ ਦੇ ਡੀ.ਐਸ.ਪੀ. (ਸੁਰੱਖਿਆ) ਹਰਜਿੰਦਰ ਸਿੰਘ ਦੇ ਦੁਖਦਾਈ ਤੇ ਬੇਵਕਤੀ ਅਕਾਲ ਚਲਾਣੇ ਉਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਡੀ.ਐਸ.ਪੀ. ਹਰਜਿੰਦਰ ਸਿੰਘ ਦਾ ਅੱਜ ਲੁਧਿਆਣਾ ਦੇ ਇਕ ਪ੍ਰਾਈਵੇਟ ਹਸਪਤਾਲ ਵਿਖੇ ਦੇਹਾਂਤ ਹੋ ਗਿਆ।
ਜੇਲ੍ਹ ਮੰਤਰੀ ਨੇ ਪੀੜਤ ਪਰਿਵਾਰ, ਸਾਕ-ਸਨੇਹੀਆਂ ਤੇ ਦੋਸਤਾਂ ਨਾਲ ਇਸ ਦੁੱਖ ਦੀ ਘੜੀ ਵਿੱਚ ਹਮਦਰਦੀ ਪ੍ਰਗਟਾਉਂਦਿਆਂ ਵਿਛੜੀ ਰੂਹ ਦੀ ਆਤਮਿਕ ਸ਼ਾਂਤੀ ਅਤੇ ਪਿੱਛੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ ਦੀ ਅਰਦਾਸ ਕੀਤੀ।
ਆਪਣੇ ਸ਼ੋਕ ਸੰਦੇਸ਼ ਵਿੱਚ ਸ. ਰੰਧਾਵਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਇਲਾਜ ਦੀਆਂ ਬਿਹਤਰ ਕੋਸ਼ਿਸ਼ਾਂ ਕਰਨ ਦੇ ਬਾਵਜੂਦ ਵਿਭਾਗ ਦਾ ਇਕ ਕਾਰਜਕੁਸ਼ਲ ਤੇ ਲਾਇਕ ਅਫਸਰ ਕੋਵਿਡ ਉਪਰੰਤ ਬਿਮਾਰੀ ਨਾਲ ਜੂਝਦਾ ਚਲਾ ਗਿਆ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਇਸ ਦੁੱਖ ਦੀ ਘੜੀ ਵਿੱਚ ਪਰਿਵਾਰ ਨਾਲ ਖੜ੍ਹੀ ਹੈ ਅਤੇ ਹਰ ਤਰ੍ਹਾਂ ਦੀ ਮੱਦਦ ਮੁਹੱਈਆ ਕਰਵਾਈ ਜਾਵੇਗੀ। ਉਨ੍ਹਾਂ ਪੁਲਿਸ ਅਫਸਰ ਵੱਲੋਂ ਨਿਭਾਈਆਂ ਸੇਵਾਵਾਂ ਨੂੰ ਯਾਦ ਕਰਦਿਆਂ ਕਿਹਾ ਕਿ ਉਹ ਨੌਜਵਾਨਾਂ ਲਈ ਪ੍ਰੇਰਨਾ ਸ੍ਰੋਤ ਰਹੇਗਾ ਜੋ ਆਪਣੀ ਡਿਊਟੀ ਤਨਦੇਹੀ ਤੇ ਲਗਨ ਨਾਲ ਨਿਭਾਉਂਦਾ ਸੀ।
ਜੇਲ੍ਹ ਮੰਤਰੀ ਨੇ ਅੱਗੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਵਰਗੀ ਪੁਲਿਸ ਅਫਸਰ ਨੂੰ ਬਿਨਾਂ ਕਿਸੇ ਖਰਚੇ ਤੋਂ ਬਿਹਤਰ ਇਲਾਜ ਮੁਹੱਈਆ ਕਰਵਾਇਆ ਜਾ ਰਿਹਾ ਸੀ ਅਤੇ ਮੁੱਖ ਮੰਤਰੀ ਵੱਲੋਂ ਇਸ ਅਧਿਕਾਰੀ ਦੇ ਇਲਾਜ ਲਈ ਸਾਰਾ ਖਰਚਾ ਚੁੱਕਣ ਦਾ ਪਹਿਲਾਂ ਹੀ ਐਲਾਨ ਕੀਤਾ ਗਿਆ ਸੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਦੇ ਦਿਸ਼ਾ ਨਿਰਦੇਸ਼ਾਂ ਉਤੇ ਉਚ ਮੈਡੀਕਲ ਮਾਹਿਰ ਨਿਰੰਤਰ ਇਲਾਜ ਦੀ ਨਿਗਰਾਨੀ ਰੱਖ ਰਹੇ ਸਨ।
ਇਸੇ ਦੌਰਾਨ ਜੇਲ੍ਹ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਡੀ.ਕੇ.ਤਿਵਾੜੀ ਅਤੇ ਏ.ਡੀ.ਜੀ.ਪੀ. (ਜੇਲ੍ਹਾਂ) ਸ੍ਰੀ ਪੀ.ਕੇ.ਸਿਨਹਾ ਨੇ ਵੀ ਡੀ.ਐਸ.ਪੀ. ਹਰਜਿੰਦਰ ਸਿੰਘ ਦੇ ਅਕਾਲ ਚਲਾਣੇ ਉਤੇ ਦੁੱਖ ਸਾਂਝਾ ਕਰਦਿਆਂ ਪਰਿਵਾਰ ਨਾਲ ਹਮਦਰਦੀ ਪ੍ਰਗਟਾਈ।