ਫਿਰੋਜ਼ਪੁਰ 14 ਜੂਨ 2021 – ਕੋਲਕਾਤਾ ਵਿਖੇ ਹੋਏ ਗੈਂਗਸਟਰ ਜੈਪਾਲ ਭੁੱਲਰ ਦਾ ਦੁਬਾਰਾ ਪੋਸਟਮਾਰਟਮ ਕਰਾਉਣ ਮਾਮਲਾ ਹੁਣ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਪੁੱਜ ਗਿਆ ਹੈ। ਜੈਪਾਲ ਨਾਲ ਕੁੱਟਮਾਰ ਕਰਨ ਤੋਂ ਬਾਅਦ ਉਸ ਦੀ ਹੱਤਿਆ ਕੀਤੀ ਗਈ ਸੀ ਇਹ ਦੋਸ਼ ਪਰਿਵਾਰ ਵੱਲੋਂ ਪੱਛਮੀ ਬੰਗਾਲ ਤੇ ਪੰਜਾਬ ਪੁਲਸ ਤੇ ਲਾਏ ਜਾ ਰਹੇ ਹਨ। ਜਿਸ ਨੂੰ ਲੈ ਕੇ ਬੀਤੇ ਕੱਲ੍ਹ ਜੈਪਾਲ ਦਾ ਪਰਿਵਾਰ ਡਿਪਟੀ ਕਮਿਸ਼ਨਰ ਫਿਰੋਜ਼ਪੁਰ ਨੂੰ ਮਿਲਿਆ ਸੀ ਅਤੇ ਇਕ ਬੇਨਤੀ ਪੱਤਰ ਦਿੱਤਾ ਸੀ ਜਿਸ ਵਿੱਚ ਕਿਹਾ ਗਿਆ ਸੀ ਕਿ ਜੈਪਾਲ ਭੁੱਲਰ ਦੀ ਲਾਸ਼ ਦਾ ਪੋਸਟਮਾਰਟਮ ਦੁਬਾਰਾ ਕਰਵਾਇਆ ਜਾਏ ਤਾਂ ਕਿ ਸੱਚ ਸਭ ਦੇ ਸਾਹਮਣੇ ਆ ਸਕੇ।
ਇਸ ਬਾਬਤ ਦੁਬਾਰਾ ਪੋਸਟਮਾਰਟਮ ਕਰਵਾਉਣ ਨੂੰ ਲੈ ਕੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇਨਕਾਰੀ ਕਰ ਦਿੱਤੀ ਗਈ ਸੀ ਜਿਸ ਤੋਂ ਬਾਅਦ ਹੁਣ ਗੈਂਗਸਟਰ ਜੈਪਾਲ ਭੁੱਲਰ ਦੇ ਪਰਿਵਾਰ ਨੇ ਆਪਣੇ ਪੁੱਤਰ ਨੂੰ ਇਨਸਾਫ ਦੁਆਉਣ ਲਈ ਅਤੇ ਉਸ ਦਾ ਦੁਬਾਰਾ ਪੋਸਟਮਾਰਟਮ ਕਰਵਾਉਣ ਲਈ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਜਾਣ ਦਾ ਫੈਸਲਾ ਕੀਤਾ ਹੈ। ਪਰਿਵਾਰ ਦਾ ਕਹਿਣਾ ਹੈ ਕਿ ਜਦ ਤੱਕ ਦੁਬਾਰਾ ਪੋਸਟਮਾਰਟਮ ਨਹੀਂ ਹੁੰਦਾ ਤਦ ਤਕ ਉਸ ਦਾ ਅੰਤਿਮ ਸਸਕਾਰ ਨਹੀਂ ਕੀਤਾ ਜਾਏਗਾ।
ਦੂਜੇ ਪਾਸੇ ਜੈਪਾਲ ਭੁੱਲਰ ਦੇ ਸਸਕਾਰ ਨੂੰ ਲੈ ਕੇ ਪੁਲਸ ਅਤੇ ਸਿਵਲ ਪ੍ਰਸ਼ਾਸਨ ਕਾਫੀ ਸਰਗਰਮ ਨਜ਼ਰ ਆ ਰਿਹਾ ਹੈ। ਕੱਲ੍ਹ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਵੱਲੋਂ ਪੂਰਾ ਦਬਾਅ ਬਣਾਇਆ ਗਿਆ ਸੀ ਕਿ ਜੈਪਾਲ ਭੁੱਲਰ ਦੀ ਮ੍ਰਿਤਕ ਦੇਹ ਦਾ ਸਸਕਾਰ ਕਰ ਦਿੱਤਾ ਜਾਵੇ। ਲੇਕਿਨ ਪਰਿਵਾਰ ਦੁਬਾਰਾ ਪੋਸਟਮਾਰਟਮ ਤੇ ਹੀ ਅੜਿਆ ਹੋਇਆ ਹੈ।