ਨਵੀਂ ਦਿੱਲੀ, 23 ਜੂਨ 2021: ਕਾਂਗਰਸ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਹਰੀਸ਼ ਰਾਵਤ ਨੇ ਕਿਹਾ ਹੈ ਕਿ ਹਾਈ ਕਮਾਂਡ ਨੇ ਬਾਕੀ ਰਹਿੰਦੇ ਚੋਣ ਵਾਅਦੇ ਪੂਰੇ ਕਰਨ ਵਾਸਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਡੈਡਲਾਈਨ ਦਿੱਤੀ ਹੈ। ਰਾਵਤ ਦੀ ਰਾਹੁਲ ਗਾਂਧੀ ਨਾਲ ਮੁਲਾਕਾਤ ਖ਼ਤਮ ਹੋਣ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਉਨ੍ਹਾਂ ਕਿਹਾ ਕਿ ਬੇਅਦਬੀ ਅਤੇ ਨਸ਼ੇ ਦੇ ਮੁੱਦੇ ਦਾ ਹੱਲ ਕੱਢਿਆ ਜਾਵੇਗਾ। ਉਨ੍ਹਾਂ ਦੱਸਿਆ ਕਿ 18 ਨੁਕਤੇ ਅਜਿਹੇ ਹਨ ਜਿਨ੍ਹਾਂ ਬਾਰੇ ਅਮਰਿੰਦਰ ਸਿੰਘ ਨੂੰ ਪਾਰਟੀ ਨੇ ਕਾਰਵਾਈ ਕਰਨ ਲਈ ਕਿਹਾ ਹੈ, ਇਨ੍ਹਾਂ ਵਿੱਚ 200 ਯੂਨਿਟ ਤਕ ਮੁਫ਼ਤ ਬਿਜਲੀ ਵੀ ਸ਼ਾਮਲ ਹੈ।
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਰਾਵਤ ਨੇ ਦੱਸਿਆ ਕਿ ਪੰਜਾਬ ਕਾਂਗਰਸ ਦਾ ਮਸਲਾ ਜੁਲਾਈ ਦੇ ਪਹਿਲੇ ਹਫਤੇ ਤੱਕ ਹੱਲ ਕਰ ਲਿਆ ਜਾਵੇਗਾ। ਨਵਜੋਤ ਸਿੱਧੂ ਬਾਰੇ ਉਹਨਾਂ ਕਿਹਾ ਕਿ ਹਾਈ ਕਮਾਂਡ ਨੇ ਸਿੱਧੂ ਦੀ ਬਿਆਨਬਾਜ਼ੀ ਦਾ ਨੋਟਿਸ ਲਿਆ ਗਿਆ ਹੈ। ਉਹਨਾਂ ਦੀ ਇੰਟਰਵਿਊ ਮੰਗਵਾਈ ਹੈ ਤੇ ਵੇਖਣ ਮਗਰੋਂ ਅਗਲੀ ਕਾਰਵਾਈ ਕੀਤੀ ਜਾਵੇਗੀ। ਪੱਤਰਕਾਰਾਂ ਦੇ ਵਲੋਂ ਪੁੱਛਿਆ ਗਿਆ ਕਿ – ਕੀ ਸਿੱਧੂ ਨੂੰ ਵੀ ਦਿੱਲੀ ਬੁਲਾਇਆ ਜਾਵੇਗਾ ,ਇਸ ‘ਤੇ ਰਾਵਤ ਦਾ ਕਹਿਣਾ ਸੀ ਕਿ ਉਨ੍ਹਾਂ ਦਾ ਜਵਾਬ ਹਾਂ ਵਿਚ ਹੈ ਪਰ ਨਾਲ ਹੀ ਉਨ੍ਹਾਂ ਕਿਹਾ ਕਿ ਨਵਜੋਤ ਸਿੱਧੂ ਪਾਰਟੀ ਵਿੱਚ ਅਹਿਮ ਭੂਮਿਕਾ ਨਿਭਾਉਣਗੇ।