ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਡ PSPCL ਵਲੋਂ ਝੋਨੇ ਦੀ ਬਿਜਾਈ ਲਈ ਰੋਜ਼ਾਨਾ 8 ਘੰਟੇ ਨਿਰਵਿਘਨ ਬਿਜਲੀ ਸਪਲਾਈ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ। ਘਰੇਲੂ ਬਿਜਲੀ ਸਪਲਾਈ ਵਿੱਚ ਭਾਰੀ ਮੰਗ ਦੇ ਬਾਵਜੂਦ ਕਿਸਾਨਾਂ ਨੂੰ 8 ਘੰਟੇ ਬਿਜਲੀ ਦਿੱਤੀ ਜਾ ਰਹੀ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਪੀ.ਐਸ.ਪੀ.ਸੀ.ਐਲ. ਦੇ ਚੀਫ ਮੈਨੇਜਿੰਗ ਡਾਇਰੈਕਟਰ (ਸੀ.ਐਮ.ਡੀ.) ਏ. ਵੇਨੂੰ ਪ੍ਰਸਾਦ ਨੇ ਦੱਸਿਆ ਕਿ ਮੌਜੂਦਾ ਸਮੇਂ ਚੱਲ ਰਹੀ ਝੋਨੇ ਦੀ ਬਿਜਾਈ ਦੇ ਮੱਦੇਨਜ਼ਰ ਖੇਤੀਬਾੜੀ ਖੇਤਰ ਸਬੰਧੀ ਲੋੜਾਂ ਨੂੰ ਪੂਰਾ ਕਰਨ ਲਈ ਵਿਭਾਗ ਵਲੋਂ ਤਰਜੀਹੀ ਤੌਰ ’ਤੇ ਰਾਜ ਭਰ ਦੇ ਕਿਸਾਨਾਂ ਨੂੰ ਘੱਟੋ-ਘੱਟ ਅੱਠ ਘੰਟੇ ਬਿਜਲੀ ਸਪਲਾਈ ਦਿੱਤੀ ਜਾ ਰਹੀ ਹੈ ।

ਖੇਤੀ ਕਾਰਜਾਂ ਲਈ ਦਿੱਤੀ ਜਾ ਰਹੀ ਬਿਜਲੀ ਸਪਲਾਈ ਸਬੰਧੀ ਅੰਕੜਿਆਂ ਦਾ ਹਵਾਲਾ ਦਿੰਦੇ ਹੋਏ ਸੀ.ਐੱਮ.ਡੀ. ਨੇ ਦੱਸਿਆ ਕਿ ਸਰਹੱਦੀ ਜ਼ੋਨ ਗੁਰਦਾਸਪੁਰ, ਸਬ-ਅੰਮਿ੍ਰਤਸਰ ਅਤੇ ਤਰਨ ਤਾਰਨ ਨੂੰ ਸ਼ਨਿਚਰਵਾਰ ਵਾਲੇ ਦਿਨ ਔਸਤਨ 12.4 ਘੰਟੇ ਸਪਲਾਈ ਜਦਕਿ ਉੱਤਰੀ ਜ਼ੋਨ ਕਪੂਰਥਲਾ, ਜਲੰਧਰ, ਹੁਸ਼ਿਆਰਪੁਰ ਅਤੇ ਨਵਾਂ ਸ਼ਹਿਰ ਜਿਲਿਆਂ ਨੂੰ ਇਸੇ ਦਿਨ ਔਸਤਨ 10.3 ਘੰਟੇ ਬਿਜਲੀ ਸਪਲਾਈ ਪ੍ਰਾਪਤ ਹੋਈ।

ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਇਸੇ ਤਰਾਂ ਦੱਖਣੀ ਜ਼ੋਨ ਵਿੱਚ ਪੈਂਦੇ ਪਟਿਆਲਾ, ਸੰਗਰੂਰ, ਬਰਨਾਲਾ, ਰੋਪੜ ਅਤੇ ਮੁਹਾਲੀ ਜ਼ਿਲਿਆਂ ਨੂੰ ਇਸੇ ਸਮੇਂ ਦੌਰਾਨ ਨੂੰ ਔਸਤਨ 9.6 ਘੰਟੇ ਬਿਜਲੀ ਸਪਲਾਈ ਮਿਲੀ । ਬਠਿੰਡਾ, ਫਰੀਦਕੋਟ, ਸ੍ਰੀ ਮੁਕਤਸਰ ਸਾਹਿਬ ਅਤੇ ਫਿਰੋਜ਼ਪੁਰ ਦੇ ਇਲਾਕਿਆਂ ਨੂੰ ਇਸੇ ਦਿਨ ਔਸਤਨ 8.9 ਘੰਟੇ ਬਿਜਲੀ ਸਪਲਾਈ ਪ੍ਰਾਪਤ ਹੋਈ। ਇਸ ਤਰਾਂ ਇਸੇ ਸੈਕਟਰ ਨੂੰ ਇਸੇ ਦਿਨ ਔਸਤਨ ਕੁੱਲ 9.8 ਘੰਟੇ ਬਿਜਲੀ ਸਪਲਾਈ ਦਿੱਤੀ ਗਈ।

ਸਾਰੇ ਖੇਤਰਾਂ ਲਈ ਸੁਚੱਜੀ ਬਿਜਲੀ ਸਪਲਾਈ ਨੂੰ ਯਕੀਨੀ ਬਣਾਉਣ ਲਈ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ, ਚੀਫ ਮੈਨੇਜਿੰਗ ਡਾਇਰੈਕਟਰ ਨੇ ਕਿਹਾ ਕਿ ਲੋਕਾਂ ਨੂੰ ਕਿਸੇ ਕਿਸਮ ਦੀ ਪਰੇਸ਼ਾਨੀ ਤੋਂ ਬਚਾਉਣ ਲਈ ਮੰਗ ਅਤੇ ਸਪਲਾਈ ਸਮੀਕਰਨ ਨੂੰ ਜਲਦੀ ਸੰਤੁਲਿਤ ਕਰਨ ਲਈ ਸਾਰੇ ਸੰਭਵ ਯਤਨ ਕੀਤੇ ਜਾ ਰਹੇ ਹਨ। ਜ਼ਿਕਰਯੋਗ ਹੈ ਕਿ ਕਿਸਾਨਾਂ ਵੱਲੋਂ 5 ਜੁਲਾਈ ਤੱਕ ਸਰਕਾਰ ਨੂੰ ਸਮਾਂ ਦਿੱਤਾ ਸੀ ਕਿ ਜਲਦ ਬਿਜਲੀ ਸੰਕਟ ਦੂਰ ਕੀਤਾ ਜਾਵੇ। ਅੱਜ ਕਿਸਾਨਾਂ ਵੱਲੋਂ ਸਰਕਾਰ ਨੂੰ ਦਿੱਤਾ ਸਮਾਂ ਪੂਰਾ ਹੋ ਗਿਆ ਹੈ ਅਤੇ ਉਹਨ ਕਿਸਾਨ ਸੰਘਰਸ਼ ਤੇਜ਼ ਕਰਨ ਦੀ ਤਿਆਰੀ ਵਿੱਚ ਹਨ। ਦੂਜੇ ਪਾਸੇ ਸਰਕਾਰ ਹਰ ਤਰੀਕੇ ਨਾਲ ਲੋਕਾਂ ਅਤੇ ਕਿਸਾਨਾਂ ਨੂੰ ਸਮਝਾਉਣ ਦੀ ਕੋਸ਼ਿਸ਼ ਵਿੱਚ ਹੈ।
