ਪੰਜਾਬ ‘ਚ ਮੁਫ਼ਤ ਬਿਜਲੀ ਦਾ ਵਾਅਦਾ ਕਰਨ ਵਾਲੇ ਕੇਜਰੀਵਾਲ ਹੁਣ ਕੈਪਟਨ ਦੇ ਇਹਨਾਂ ਸਵਾਲਾਂ ਦਾ ਦੇਣ ਜਵਾਬ

ਪੰਜਾਬ ਵਿੱਚ ਬਿਜਲੀ ਨੂੰ ਲੈ ਕੇ ਸਿਆਸਤ ਪੂਰੀ ਤਰ੍ਹਾਂ ਗਰਮਾਈ ਹੋਈ ਹੈ। ਅਕਾਲੀ, ਕਾਂਗਰਸ ਤੇ ਆਮ ਆਦਮੀ ਪਾਰਟੀ ਆਪਣੇ ਪਣੇ ਦਾਅ ਖੇਡ ਰਹੇ ਹਨ। ਕੌਮੀ ਰਾਜਧਾਨੀ ਵਿਚ ਕਿਸਾਨਾਂ ਨੂੰ ਮੁਫਤ ਬਿਜਲੀ ਦੇਣ ਵਿਚ ਨਾਕਾਮ ਰਹਿਣ ਉਤੇ ਦਿੱਲੀ ਵਿਚ ਆਪਣੇ ਹਮਰੁਤਬਾ ਨੂੰ ਆੜੇ ਹੱਥੀਂ ਲੈਂਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਾਲ 2022 ਦੀਆਂ ਵਿਧਾਨ ਸਭਾ ਚੋਣਾਂ ਉਤੇ ਨਜ਼ਰ ਰੱਖ ਕੇ ਪੰਜਾਬ ਵਿਚ ਮੁਫਤ ਬਿਜਲੀ ਦੇਣ ਦੇ ਝੂਠੇ ਵਾਅਦੇ ਕਰਨ ਲਈ ਅਰਵਿੰਦ ਕੇਜਰੀਵਾਲ ਦੀ ਸਖਤ ਆਲੋਚਨਾ ਕੀਤੀ ਹੈ।

ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਕੇਜਰੀਵਾਲ ਸਰਕਾਰ ਸਾਰੇ ਮੁਹਾਜ਼ ਉਤੇ ਦਿੱਲੀ ਦੇ ਲੋਕਾਂ ਪ੍ਰਤੀ ਪੂਰੀ ਤਰਾਂ ਫੇਲ ਸਾਬਤ ਹੋਈ ਹੈ ਅਤੇ ਕੌਮੀ ਰਾਜਧਾਨੀ ਵਿਚ ਸਥਿਤ ਪਿੰਡਾਂ ਦੇ ਕਿਸਾਨਾਂ ਨੂੰ ਨਾ ਮੁਫਤ ਬਿਜਲੀ ਮਿਲਦੀ ਹੈ ਸਗੋਂ ਉਦਯੋਗ ਲਈ ਬਿਜਲੀ ਦਰਾਂ ਵੀ ਬਹੁਤ ਜਿਆਦਾ ਹੈ। ਉਨਾਂ ਐਲਾਨ ਕੀਤਾ ਕਿ ਪੰਜਾਬ ਦੇ ਲੋਕ ਹਰੇਕ ਖੇਤਰ ਵਿਚ ਸ਼ਾਸਨ ਦੇ ਦਿੱਲੀ ਮਾਡਲ ਨੂੰ ਪਹਿਲਾਂ ਹੀ ਰੱਦ ਕਰ ਚੁੱਕੇ ਹਨ।

ਮੁੱਖ ਮੰਤਰੀ ਨੇ ਦਿੱਲੀ ਦੀਆਂ ਬਿਜਲੀ ਦਰਾਂ ਨੂੰ ਕੇਜਰੀਵਾਲ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਗਿਣੀ-ਮਿੱਥੀ ਲੁੱਟ ਕਰਾਰ ਦਿੰਦਿਆਂ ਕਿਹਾ ਕਿ ਦਿੱਲੀ ਦੀ ਸਰਕਾਰ ਨੇ ਬਿਜਲੀ ਦੀ ਵੰਡ ਕਰਨ ਵਾਲੀਆਂ ਰਿਲਾਇੰਸ ਵਰਗੀਆਂ ਪ੍ਰਾਈਵੇਟ ਕੰਪਨੀਆਂ ਨੂੰ ਆਮ ਆਦਮੀ ਦੀ ਕੀਮਤ ਉਤੇ ਵੱਧ ਦਰਾਂ ਵਸੂਲ ਕੇ ਆਪਣੀਆਂ ਜੇਬਾਂ ਭਰਨ ਲਈ ਖੁੱਲੇਆਮ ਇਜਾਜ਼ਤ ਦਿੱਤੀ ਹੋਈ ਹੈ।

ਕੇਜਰੀਵਾਲ ਦੀ ਆਲੋਚਨਾ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਦਿੱਲੀ ਸਰਕਾਰ ਉਦਯੋਗਿਕ ਬਿਜਲੀ ਲਈ 9.80 ਰੁਪਏ ਯੂਨਿਟ ਵਸੂਲ ਕਰ ਰਹੀ ਹੈ ਜਦੋਂ ਕਿ ਪੰਜਾਬ ਵਿਚ ਕਾਂਗਰਸ ਸਰਕਾਰ ਪੰਜਾਬ ਵਿਚ ਸਨਅਤ ਨੂੰ ਆਕਰਸ਼ਿਤ ਕਰਨ ਲਈ ਪੰਜ ਰੁਪਏ ਯੂਨਿਟ ਦੀ ਸਬਸਿਡੀ ਦਰ ਦੇ ਮੁਤਾਬਕ ਵਸੂਲ ਕੀਤੀ ਜਾ ਰਹੀ ਹੈ ਅਤੇ ਇਸੇ ਸਬਸਿਡੀ ਸਦਕਾ ਬੀਤੇ ਸਾਲ ਚਾਰ ਸਾਲਾਂ ਵਿਚ ਜ਼ਮੀਨੀ ਪੱਧਰ ਉਤੇ 85,000 ਕਰੋੜ ਦੀ ਲਾਗਤ ਦਾ ਨਿਵੇਸ਼ ਲਈ ਰਾਹ ਪੱਧਰਾ ਹੋਇਆ। ਉਨਾਂ ਕਿਹਾ ਕਿ 2226 ਕਰੋੜ ਰੁਪਏ ਦੀ ਸਾਲਾਨਾ ਸਬਸਿਡੀ ਉਤੇ ਪੰਜਾਬ ਵਿਚ 1,43,812 ਉਦਯੋਗਿਕ ਯੂਨਿਟਾਂ ਨੂੰ ਇਸ ਵੇਲੇ ਸਬਸਿਡੀ ਮੁਤਾਬਕ ਬਿਜਲੀ ਦਿੱਤੀ ਜਾ ਰਹੀ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਵਿਚ ਉਨਾਂ ਦੀ ਸਰਕਾਰ 13,79,217 ਕਿਸਾਨਾਂ ਨੂੰ 6735 ਕਰੋੜ ਰੁਪਏ ਦੀ ਮੁਫਤ ਬਿਜਲੀ ਮੁਹੱਈਆ ਕਰਵਾ ਰਹੀ ਹੈ ਜਦੋਂ ਕਿ ਦੂਜੇ ਪਾਸੇ ਦਿੱਲੀ ਵਿਚ ਆਪ ਦੀ ਸਰਕਾਰ ਨੇ ਕਿਸਾਨ ਭਾਈਚਾਰੇ ਨੂੰ ਅਜਿਹੀ ਮਦਦ ਦੇਣ ਲਈ ਕੋਈ ਵੀ ਯਤਨ ਨਹੀਂ ਕੀਤਾ। ਮੁੱਖ ਮੰਤਰੀ ਨੇ ਕਿਹਾ ਕਿ ਸਭ ਤੋਂ ਪਹਿਲਾਂ ਕੇਜਰੀਵਾਲ ਸਰਕਾਰ ਨੇ ਤਿੰਨ ਖੇਤੀ ਵਿਰੋਧੀ ਕਾਨੂੰਨਾਂ ਵਿੱਚੋਂ ਇਕ ਕਾਨੂੰਨ ਨੋਟੀਫਾਈ ਕੀਤਾ ਅਤੇ ਹੁਣ ਆਮ ਆਦਮੀ ਪਾਰਟੀ ਪੰਜਾਬ ਦੇ ਕਿਸਾਨਾਂ ਦੇ ਹਮਦਰਦ ਹੋਣ ਦਾ ਖੇਖਣ ਕਰ ਰਹੀ ਹੈ।

ਦਿੱਲੀ ਦੀਆਂ ਲੋਕ ਵਿਰੋਧੀ ਬਿਜਲੀ ਦਰਾਂ ਦਾ ਪਰਦਾਫਾਸ਼ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਦਿੱਲੀ ਸਰਕਾਰ ਘਰੇਲੂ ਬਿਜਲੀ 200 ਯੂਨਿਟ ਮੁਫਤ ਦੇ ਕੇ ਇਕ ਪਾਸੇ ਜੇਬ ਵਿੱਚ ਥੋੜੀ ਰਕਮ ਪਾ ਰਹੀ ਹੈ ਅਤੇ ਦੁਕਾਨਦਾਰਾਂ, ਉਦਯੋਗਾਂ ਤੇ ਕਿਸਾਨਾਂ ਕੋਲੋਂ ਕਮਰਸ਼ੀਅਲ ਤੇ ਖੇਤੀਬਾੜੀ ਬਿਜਲੀ ਦੀਆਂ ਵੱਧ ਕੀਮਤਾਂ ਲਗਾ ਕੇ ਦੂਜੇ ਪਾਸੇ ਜੇਬ ਵਿੱਚੋਂ ਵੱਡੀ ਰਕਮ ਵਸੂਲ ਰਹੀ ਹੈ। ਉਨਾਂ ਕਿਹਾ ਕਿ ਦਿੱਲੀ ਸਰਕਾਰ ਛੋਟੇ ਦੁਕਾਨਦਾਰਾਂ ਤੇ ਹੋਰ ਕਮਰਸ਼ੀਅਲ ਸੰਸਥਾਵਾਂ ਨੂੰ ਬਿਜਲੀ 11.34 ਰੁਪਏ ਪ੍ਰਤੀ ਯੂਨਿਟ ਦੇ ਹਿਸਾਬ ਨਾਲ ਵੇਚ ਰਹੀ ਹੈ ਜੋ ਕਿ ਪੰਜਾਬ ਦੀਆਂ ਕੀਮਤਾਂ ਤੋਂ 50 ਫੀਸਦੀ ਤੋਂ ਵੱਧ ਹੈ। ਉਨਾਂ ਕਿਹਾ ਕਿ ਅਸਲ ਵਿੱਚ ਦਿੱਲੀ ਦਾ ਹਰੇਕ ਵਾਸੀ ਪੰਜਾਬ ਦੇ ਵਸਨੀਕਾਂ ਦੇ ਮੁਕਾਬਲੇ ਅਸਿੱਧੇ ਰੂਪ ਵਿੱਚ ਬਿਜਲੀ ਲਈ ਵੱਧ ਰਕਮ ਅਦਾ ਕਰ ਰਿਹਾ ਹੈ।

ਦੋ ਸੂਬਿਆਂ ਵਿੱਚ ਦਿੱਤੀਆਂ ਜਾਂਦੀਆਂ ਬਿਜਲੀ ਸਬਸਿਡੀਆਂ ਦੀ ਤੁਲਨਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਬਿਜਲੀ ਸਬਸਿਡੀ ਉਤੇ ਸਾਲਾਨਾ 10458 ਕਰੋੜ ਰੁਪਏ ਖਰਚ ਰਹੀ ਹੈ ਜਦੋਂ ਕਿ ਕੇਜਰੀਵਾਲ ਸਰਕਾਰ 2820 ਕਰੋੜ ਰੁਪਏ ਖਰਚ ਕਰਦੀ ਹੈ। ਪੰਜਾਬ ਦੀ 3 ਕਰੋੜ ਵਸੋਂ ਦੇ ਮੁਕਾਬਲੇ ਦਿੱਲੀ ਦੀ ਵਸੋਂ ਸਿਰਫ 2 ਕਰੋੜ ਹੈ। ਇਸ ਹਿਸਾਬ ਨਾਲ ਪੰਜਾਬ ਵਿੱਚ ਔਸਤਨ ਬਿਜਲੀ ਸਬਸਿਡੀ ਪ੍ਰਤੀ ਵਿਅਕਤੀ 3486 ਰੁਪਏ ਹਨ ਜਦੋਂ ਕਿ ਦਿੱਲੀ ਵਿੱਚ ਪ੍ਰਤੀ ਵਿਅਕਤੀ 1410 ਰੁਪਏ ਦਿੱਤੀ ਜਾਂਦੀ ਹੈ। ਕੈਪਟਨ ਅਮਰਿੰਦਰ ਸਿੰਘ ਨੇ ਅੱਗੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਦਿੱਤੀ ਜਾਂਦੀ 10458 ਕਰੋੜ ਰੁਪਏ ਦੀ ਸਬਸਿਡੀ ਕੁੱਲ ਮਾਲੀਏ ਦਾ 2.24 ਫੀਸਦੀ ਹੈ ਜਦੋਂ ਕਿ ਦਿੱਲੀ ਸਰਕਾਰ ਵੱਲੋਂ ਦਿੱਤੀ ਜਾਂਦੀ 2820 ਕਰੋੜ ਰੁਪਏ ਦੀ ਸਬਸਿਡੀ ਕੁੱਲ ਮਾਲੀਏ ਦਾ ਸਿਰਫ 1.03 ਫੀਸਦੀ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਜਦੋਂ ਖਪਤਕਾਰਾਂ ਨੂੰ ਬਿਜਲੀ ਦੀ ਵਿਕਰੀ ਰਾਹੀਂ ਇਕੱਠੇ ਹੁੰਦੇ ਮਾਲੀਏ ਦੇ ਪ੍ਰਸੰਗ ਵਿੱਚ ਦੇਖਿਆ ਜਾਵੇ ਤਾਂ ਸਥਿਤੀ ਹੋਰ ਵੀ ਮਾੜੀ ਹੋ ਜਾਂਦੀ ਹੈ। ਸਾਲ 2020-21 ਵਿੱਚ ਪੀ.ਐਸ.ਪੀ.ਐਸ.ਐਲ. ਨੇ 46,713 ਮੈਗਾਵਾਟ ਬਿਜਲੀ ਵੇਚੀ ਜਦੋਂ ਕਿ ਦਿੱਲੀ ਵਿੱਚ ਡਿਸਟਰੀਬਿਊਸ਼ਨ ਕੰਪਨੀਆਂ ਨੇ 27,436 ਮੈਗਾਵਾਟ ਬਿਜਲੀ ਵੇਚੀ। ਪੰਜਾਬ ਵਿੱਚ ਬਿਜਲੀ ਨੂੰ ਵੇਚ ਕੇ ਕੁੱਲ 29,903 ਕਰੋੜ ਰੁਪਏ ਮਾਲੀਆ ਇਕੱਠਾ ਹੋਇਆ ਜਦੋਂ ਕਿ ਦਿੱਲੀ ਵਿੱਚ 20,556 ਕਰੋੜ ਰੁਪਏ ਮਾਲੀਆ ਇਕੱਠਾ ਹੋਇਆ। ਇਸ ਤਰਾਂ ਪੰਜਾਬ ਵਿੱਚ ਔਸਤਨ ਪ੍ਰਤੀ ਯੂਨਿਟ ਬਿਜਲੀ ਦੀ ਕੀਮਤ 6.40 ਰੁਪਏ ਹੈ ਜਦੋਂ ਕਿ ਦਿੱਲੀ ਵਿੱਚ ਇਹੋ 7.49 ਰੁਪਏ ਹੈ।

ਹੋਰ ਖ਼ਬਰਾਂ ਅਤੇ ਵੈਬਸਾਈਟ ਲਈ ਇਥੇ ਕਲਿੱਕ ਕਰੋ

ਫੇਸਬੁੱਕ ‘ਤੇ ਜੁੜਨ ਲਈ ਇੱਥੇ ਕਲਿੱਕ ਕਰੋ

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਮਾਝੇ ਤੇ ਦੋਆਬੇ ‘ਚ ਆਉਂਦਾ ਸੀ ਅਫਗਾਨਿਸਤਾਨੀ ਨਸ਼ਾ ! ਪੁਲਿਸ ਨੇ ਦਿੱਲੀ ਜਾ 4 ਅਫ਼ਗਾਨੀ ਕੀਤੇ ਗ੍ਰਿਫਤਾਰ

8 ਜੁਲਾਈ ਲਈ ਕਿਸਾਨ ਜਥੇਬੰਦੀਆਂ ਨੇ ਦਿੱਤੀ ਵੱਡੀ ਕਾਲ, ਸੜਕਾਂ ‘ਤੇ ਨਿੱਤਰੋ ਆਕੇ