ਸੜਕ ਲਈ ਕਿਸਾਨਾਂ ਦੀਆਂ ਜ਼ਮੀਨਾਂ ਦੱਬਣ ਦਾ ਮਾਮਲਾ, ਕੈਪਟਨ ਨੇ ਕਿਹਾ ‘ਮਿਲਾਂਗਾ ਮੈਂ ਗਡਕਰੀ ਨੂੰ’

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨਾਂ ਦੇ ਵਫਦ ਨੂੰ ਭਰੋਸਾ ਦਿੱਤਾ ਕਿ ਉਹ ਕੇਂਦਰੀ ਸੜਕੀ ਆਵਾਜਾਈ ਅਤੇ ਮਾਰਗ ਮੰਤਰੀ ਨੂੰ ਮਿਲ ਕੇ ਕੌਮੀ ਹਾਈਵੇਅ ਅਥਾਰਟੀ ਆਫ ਇੰਡੀਆ ਵੱਲੋਂ ‘ਭਾਰਤਮਾਲਾ ਪ੍ਰੀਯੋਜਨਾ’ ਪ੍ਰਾਜੈਕਟ ਤਹਿਤ ਐਕੁਵਾਇਰ ਕੀਤੀ ਜਾਣ ਵਾਲੀ ਜ਼ਮੀਨ ਲਈ ਮੁਆਵਜ਼ੇ ਦੀ ਰਾਸ਼ੀ ਨੂੰ ਮੁੜ ਵਿਚਾਰਨ ਦੀ ਮੰਗ ਉਠਾਉਣਗੇ। ਜ਼ਿਲਾ ਮਾਲ ਅਫਸਰਾਂ ਜਿਨਾਂ ਨੂੰ ਸੀ.ਏ.ਐਲ.ਏ (ਜ਼ਮੀਨ ਗ੍ਰਹਿਣ ਕਰਨ ਲਈ ਸਮਰੱਥ ਅਥਾਰਟੀ) ਮਨੋਨੀਤ ਕੀਤਾ ਗਿਆ ਹੈ, ਵੱਲੋਂ ਤੈਅ ਕੀਤੀ ਘੱਟ ਮੁਆਵਜ਼ਾ ਰਾਸ਼ੀ ਨੂੰ ਕਿਸਾਨ ਰੱਦ ਕਰ ਚੁੱਕੇ ਹਨ।

ਰੋਡ ਕਿਸਾਨ ਸੰਘਰਸ਼ ਕਮੇਟੀ ਨੇ ਅੱਜ ਇੱਥੇ ਮੁੱਖ ਮੰਤਰੀ ਨਾਲ ਮੁਲਾਕਾਤ ਕੀਤੀ ਅਤੇ ਕਮੇਟੀ ਵੱਲੋਂ ਕੀਤੀ ਅਪੀਲ ਦੇ ਜਵਾਬ ਵਿਚ ਮੁੱਖ ਮੰਤਰੀ ਨੇ ਵਿੱਤ ਕਮਿਸ਼ਨਰ ਮਾਲ ਨੂੰ ਕਿਸਾਨਾਂ ਦੀ ਇੱਛਾ ਦੇ ਉਲਟ ਉਨਾਂ ਦੇ ਖਾਤਿਆਂ ਵਿਚ ਮੁਆਵਜ਼ਾ ਰਾਸ਼ੀ ਨਾ ਪਾਉਣ ਲਈ ਤੁਰੰਤ ਵਿਸਥਾਰਤ ਹਦਾਇਤਾਂ ਜਾਰੀ ਕਰਨ ਲਈ ਆਖਿਆ। ਉਨਾਂ ਨੇ ਡੀ.ਜੀ.ਪੀ. ਨੂੰ ਕਿਸਾਨਾਂ ਦੀ ਜ਼ਮੀਨ ਧੱਕੇ ਨਾਲ ਕਬਜ਼ੇ ਵਿਚ ਨਾ ਲੈਣ ਨੂੰ ਵੀ ਯਕੀਨੀ ਬਣਾਉਣ ਦੇ ਆਦੇਸ਼ ਦਿੱਤੇ ਹਨ। ਇਹ ਮਾਮਲਾ ਸੂਬਾ ਭਰ ਦੇ 15 ਜ਼ਿਲਿਆਂ ਵਿਚ 25,000 ਹੈਕਟੇਅਰ ਜ਼ਮੀਨ ਐਕੁਵਾਇਰ ਕੀਤੇ ਜਾਣ ਨਾਲ ਸਬੰਧਤ ਹੈ।

ਇਸ ਪ੍ਰਾਜੈਕਟ ਤਹਿਤ ਜ਼ਮੀਨ ਐਕੁਵਾਇਰ ਕਰਨ ਦੀ ਪ੍ਰਕਿਰਿਆ ਚੱਲ ਰਹੀ ਹੈ ਜਿਸ ਤਹਿਤ ਕਈ ਐਕਸਪ੍ਰੈਸ ਸ਼ਾਮਲ ਹੋਣੇ ਹਨ ਜਿਨਾਂ ਵਿਚ ਦਿੱਲੀ-ਜੰਮੂ-ਕੱਟੜਾ, ਜਮਨਾਨਗਰ-ਅੰਮ੍ਰਿਤਸਰ, ਲੁਧਿਆਣਾ-ਰੋਪੜ-ਬਠਿੰਡਾ-ਡਬਵਾਲੀ ਤੋਂ ਇਲਾਵਾ ਜਲੰਧਰ ਤੇ ਲੁਧਿਆਣਾ ਬਾਈਪਾਸ ਸ਼ਾਮਲ ਹਨ। ਮੁੱਖ ਮੰਤਰੀ ਨਾਲ ਰੋਡ ਕਿਸਾਨ ਸੰਘਰਸ਼ ਕਮੇਟੀ ਦੇ ਸੂਬਾ ਪ੍ਰਧਾਨ ਸੁਖਦੇਵ ਸਿੰਘ ਢਿੱਲੋਂ ਦੀ ਅਗਵਾਈ ਵਿਚ ਵਫਦ ਦੀ ਮੀਟਿੰਗ ਕਪੂਰਥਲਾ ਦੇ ਵਿਧਾਇਕ ਰਾਣਾ ਗੁਰਜੀਤ ਸਿੰਘ ਨੇ ਕਰਵਾਈ ਜਿਸ ਦੌਰਾਨ ਮੁੱਖ ਮੰਤਰੀ ਨੇ ਆਪਣੇ ਪ੍ਰਮੁੱਖ ਸਕੱਤਰ ਨੂੰ ਕੇਂਦਰੀ ਮੰਤਰੀ ਨਿਤਿਨ ਗਡਕਰੀ ਨਾਲ ਮੀਟਿੰਗ ਲਈ ਛੇਤੀ ਸਮਾਂ ਲੈਣ ਦੀ ਹਦਾਇਤ ਕੀਤੀ।

ਉਨਾਂ ਨੇ ਕਿਸਾਨਾਂ ਦੀ ਸੰਤੁਸ਼ਟੀ ਹੋਣ ਤੱਕ ਇਸ ਮਸਲੇ ਨੂੰ ਪਹਿਲ ਦੇ ਆਧਾਰ ਉਤੇ ਹੱਲ ਕਰਨ ਦੀ ਲੋੜ ਉਤੇ ਜ਼ੋਰ ਦਿੱਤਾ ਕਿਉਂ ਜੋ ਕਿਸਾਨ ਇਸ ਮਸਲੇ ਉਤੇ ਬੀਤੇ ਕਈ ਮਹੀਨਿਆਂ ਤੋਂ ਸੰਘਰਸ਼ ਕਰ ਰਹੇ ਹਨ। ਮੁੱਖ ਮੰਤਰੀ ਨੇ ਵਿੱਤ ਕਮਿਸ਼ਨਰ ਮਾਲ ਰਵਨੀਤ ਕੌਰ ਅਤੇ ਪ੍ਰਮੁੱਖ ਸਕੱਤਰ ਲੋਕ ਨਿਰਮਾਣ ਵਿਭਾਗ (ਭਵਨ ਤੇ ਮਾਰਗ) ਵਿਕਾਸ ਪ੍ਰਤਾਪ ਨੂੰ ਕਮੇਟੀ ਦੇ ਨੁਮਾਇੰਦਿਆਂ ਨਾਲ ਸਲਾਹ-ਮਸ਼ਵਰਾ ਕਰਕੇ ਸਾਂਝੇ ਤੌਰ ਉਤੇ ਇਕ ਵਿਆਪਕ ਕੇਸ ਕਰਨ ਦੇ ਹੁਕਮ ਦਿੱਤੇ ਤਾਂ ਕਿ ‘ਰਾਈਟ ਟੂ ਫੇਅਰ ਕੰਪਸੇਸ਼ਨ ਐਂਡ ਟਰਾਂਸਪੇਰੈਂਸੀ ਇਨ ਲੈਂਡ ਐਕੁਜ਼ੀਸ਼ਨ, ਰੀਹੈਬਲੀਟੇਸ਼ਨ ਐਂਡ ਰੀਸੈਟਲਮੈਂਟ ਐਕਟ-2013’ ਤਹਿਤ ਕਿਸਾਨਾਂ ਲਈ ਮੁਆਵਜ਼ਾ ਰਾਸ਼ੀ ਤੈਅ ਕਰਨ ਮੌਕੇ ਦਰਪੇਸ਼ ਕਮੀਆਂ ਨੂੰ ਉਜਾਗਰ ਕੀਤਾ ਜਾ ਸਕੇ।

ਮੁੱਖ ਮੰਤਰੀ ਨੇ ਅਜਿਹੇ ਮਾਮਲਿਆਂ ਨੂੰ ਸਾਲਸੀ ਲਈ ਭੇਜਣ ਦੀ ਸੰਭਾਵਨਾ ਨੂੰ ਰੱਦ ਕਰ ਦਿੱਤਾ ਕਿਉਂਕਿ ਇਸ ਨਾਲ ਕਿਸਾਨਾਂ ਲਈ ਇਨਸਾਫ ਮੰਗਣ ਵਿਚ ਬੇਲੋੜੀ ਦੇਰੀ ਹੋਵੇਗੀ। ਕਮੇਟੀ ਵੱਲੋਂ ਉਠਾਏ ਇਕ ਹੋਰ ਮੁੱਦੇ ਉਤੇ ਮੁੱਖ ਮੰਤਰੀ ਨੇ ਲੋਕ ਨਿਰਮਾਣ ਵਿਭਾਗ ਦੇ ਪ੍ਰਮੁੱਖ ਸਕੱਤਰ ਨੂੰ ਨਵੇਂ ਬਣਨ ਵਾਲੇ ਗਰੀਨ ਫੀਲਡ ਐਕਸਪ੍ਰੈਸ ਨੇੜੇ ਕਿਸਾਨਾਂ ਨੂੰ ਉਨਾਂ ਦੇ ਖੇਤਾਂ ਵਿਚ ਜਾਣ ਲਈ ਰਾਹ ਦੇਣ ਦੀ ਸੰਭਾਵਨਾ ਤਲਾਸ਼ਣ ਲਈ ਕਿਹਾ। ਕਿਸਾਨਾਂ ਵੱਲੋਂ ਆਪਣੇ ਖੇਤਾਂ ਵਿਚ ਪਹੁੰਚ ਨਾ ਹੋਣ ਉਤੇ ਚਿੰਤਾ ਜ਼ਾਹਰ ਕਰਨ ਦਾ ਨੋਟਿਸ ਲੈਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਹ ਗਡਕਰੀ ਨਾਲ ਮੀਟਿੰਗ ਦੌਰਾਨ ਇਸ ਮੁੱਦੇ ਨੂੰ ਵੀ ਉਠਾਉਣਗੇ।

ਹੋਰ ਖ਼ਬਰਾਂ ਅਤੇ ਵੈਬਸਾਈਟ ਲਈ ਇਥੇ ਕਲਿੱਕ ਕਰੋ

ਫੇਸਬੁੱਕ ‘ਤੇ ਜੁੜਨ ਲਈ ਇੱਥੇ ਕਲਿੱਕ ਕਰੋ

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

‘ਕੋਵਿਡ ਦੀ ਤੀਸਰੀ ਲਹਿਰ ਨਾਲ ਨਜਿੱਠਣ ਲਈ ਤਿਆਰ ਸਰਕਾਰ’, ਮੋਗਾ ਪਹੁੰਚੇ ਸਿੱਧੂ

ਹੁਣ ਪੰਜਾਬ ਦੇ ਸੈਲਫੀ ਪੁਆਇੰਟਸ ਰਾਹੀਂ ਕਰ ਸਕਦੇ ਹੋ ਓਲੰਪਿਕਸ ਖੇਡਣ ਗਏ ਖਿਡਾਰੀਆਂ ਨੂੰ ਉਤਸ਼ਾਹਤ