ਪੰਜਾਬ ਵਿੱਚ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਦੇ ਬੈਨਰ ਹੇਠ ਵੱਖ-ਵੱਖ ਵਿਭਾਗਾਂ ਦੇ ਠੇਕਾ ਮੁਲਾਜ਼ਮਾਂ ਵੱਲੋਂ ਪਰਿਵਾਰਾਂ ਸਮੇਤ ਪੱਕਾ ਮੋਰਚਾ 18ਵੇਂ ਦਿਨ ਵੀ ਲਗਾਤਾਰ ਜਾਰੀ ਹੈ। ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਵੱਲੋਂ ਪਟਿਆਲੇ ਵਿਖੇ ਚੱਲ ਰਹੇ ਪੱਕੇ ਮੋਰਚੇ ਨੂੰ 25 ਸਤੰਬਰ ਤੋਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਸ਼ਹਿਰ ਮੋਰਿੰਡਾ ਵਿਖੇ ਲਿਜਾਉਣ ਦਾ ਐਲਾਨ ਕੀਤਾ ਹੈ। ਮੁਲਾਜ਼ਮਾਂ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਦੀ ਤਬਦੀਲੀ ਲੋਕਾਂ ਦੀ ਲੋੜ ਮੁਤਾਬਕ ਨਹੀਂ ਸਗੋਂ ਪਿਛਲੇ ਸਾਢੇ ਚਾਰ ਸਾਲਾਂ ਦੇ ਅਰਸ਼ੇ ਵਿੱਚ ਕਾਰਪੋਰੇਟ ਪੱਖੀ ਨੀਤੀਆਂ ਨੂੰ ਲਾਗੂ ਕਰਕੇ ਮਿਹਨਤਕਸ਼ ਲੋਕਾਂ ਦੀ ਕੀਤੀ ਆਰਥਿਕ ਲੁੱਟ ਨੂੰ ਲਕਾਉਣ ਲਈ ਕੀਤੀ ਹੈ, ਕਿਉਂਕਿ ਕੈਪਟਨ ਸਰਕਾਰ ਵੱਲੋਂ ਆਰਥਿਕ ਸੁਧਾਰਾਂ ਦੇ ਨਾਮ ‘ਤੇ ਲਾਗੂ ਕੀਤੀਆਂ ਕਾਰਪੋਰੇਟ ਪੱਖੀ ਨੀਤੀਆਂ ਕਾਰਨ ਕਾਂਗਰਸ ਸਰਕਾਰ ਨੂੰ ਭਵਿੱਖ ਵਿੱਚ ਸੱਤਾ ਦੀ ਕੁਰਸੀ ਮਿਲਣੀ ਸੰਭਵ ਨਹੀਂ ਸੀ।
ਇਸ ਲੋੜ ਵਿੱਚੋਂ ਕਾਂਗਰਸ ਹਾਈ ਕਮਾਂਡ ਨੇ ਮੁੱਖ ਮੰਤਰੀ ਦੀ ਤਬਦੀਲੀ ਕਰਕੇ ਕੈਪਟਨ ਸਰਕਾਰ ਦੀਆਂ ਨਾਕਾਮੀਆਂ ‘ਤੇ ਪਰਦਾ ਪਾਉਣ ਦੀ ਕੋਸ਼ਿਸ਼ ਕੀਤੀ ਹੈ। ਕਾਂਗਰਸ ਹਾਈ ਕਮਾਂਡ ਵੱਲੋਂ ਸਾਢੇ ਚਾਰ ਸਾਲਾਂ ਦੇ ਅਰਸੇ ਦੌਰਾਨ ਮਿਹਨਤਕਸ਼ ਲੋਕਾਂ ਨਾਲ ਕੀਤੇ ਧ੍ਰੋਹ ਦੀ ਜਿੰਮੇਵਾਰੀ ਕੈਪਟਨ ਸਰਕਾਰ ਸਿਰ ਮੜਕੇ ਸਮੁੱਚੀ ਕਾਂਗਰਸ ਪਾਰਟੀ ਨੂੰ ਲੋਕ ਰੋਹ ਤੋਂ ਸੁਰੱਖਿਅਤ ਕਰਨ ਅਤੇ ਲੁੱਟ-ਜ਼ਬਰ ਵਿਰੁੱਧ ਚੱਲ ਰਹੇ ਸੰਘਰਸ਼ਾਂ ਨੂੰ ਕੁਚਲਣ ਦੀ ਨਾਪਾਕ ਕੋਸ਼ਿਸ਼ ਕੀਤੀ ਹੈ। ਆਗੂਆਂ ਨੇ ਕਿਹਾ ਕਿ ਸਮੁੱਚੇ ਸੰਘਰਸ਼ਸ਼ੀਲ ਲੋਕਾਂ ਨੂੰ ਕਾਂਗਰਸ ਸਰਕਾਰ ਦੀਆਂ ਇਹਨਾਂ ਲੂੰਬੜ ਚਾਲਾਂ ਨੂੰ ਸਮਝਦੇ ਹੋਏ ਸਾਂਝੀਆਂ ਮੰਗਾਂ ਦੀ ਪ੍ਰਾਪਤੀ ਲਈ ਸਾਂਝੇ ਘੋਲਾਂ ਨੂੰ ਲਗਾਤਾਰ ਜਾਰੀ ਰੱਖਣਾ ਚਾਹੀਦਾ ਹੈ।
ਮੋਰਚੇ ਦੇ ਸੂਬਾਈ ਦੇ ਆਗੂਆਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਸਮੂਹ ਵਿਭਾਗਾਂ ਵਿੱਚ ਸਮੂਹ ਕੈਟਾਗਿਰੀਆਂ ਰਾਹੀਂ ਕੰਮ ਕਰਦੇ ਸਮੂਹ ਠੇਕਾ ਮੁਲਾਜ਼ਮਾਂ ਨੂੰ ਤੁਰੰਤ ਵਿਭਾਗਾਂ ਵਿੱਚ ਰੈਗੂਲਰ ਕੀਤਾ ਜਾਵੇ। ਠੇਕਾ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਲਈ ਬਣਾਏ ਜਾ ਰਹੇ ਨਵੇਂ ਐਕਟ ਵਿੱਚ ਠੇਕਾ ਮੁਲਾਜ਼ਮਾਂ ਦੀਆਂ ਸਮੂਹ ਕੈਟਾਗਿਰੀਆਂ ਨੂੰ ਸ਼ਾਮਿਲ ਕੀਤਾ ਜਾਵੇ ਅਤੇ ਆਗੂਆਂ ਅਗਲੇ ਸੰਘਰਸ਼ਾਂ ਦਾ ਐਲਾਨ ਕਰਦੇ ਹੋਏ ਕਿਹਾ ਕਿ 25 ਸਤੰਬਰ ਤੋਂ ਪਟਿਆਲਾ ਪੱਕਾ ਮੋਰਚਾ ਸਿਫ਼ਟ ਕਰਕੇ ਮੁੱਖ ਮੰਤਰੀ ਦੇ ਸ਼ਹਿਰ ਮੋਰਿੰਡਾ ਵਿਖੇ ਪੱਕਾ ਮੋਰਚਾ ਲਾਇਆ ਜਾਵੇਗਾ। ਸੰਯੁਕਤ ਕਿਸਾਨ ਮੋਰਚੇ ਵੱਲੋਂ 27 ਸਤੰਬਰ ਨੂੰ ਭਾਰਤ ਬੰਦ ਦੇ ਦਿੱਤੇ ਸੱਦੇ ‘ਤੇ ਸਮੁੱਚੇ ਪੰਜਾਬ ਦੇ ਠੇਕਾ ਮੁਲਾਜ਼ਮਾਂ ਵੱਖ-ਵੱਖ ਥਾਵਾਂ ‘ਤੇ ਸ਼ਮੂਲੀਅਤ ਕਰਨਗੇ ਅਤੇ ਠੇਕਾ ਮੁਲਾਜ਼ਮਾਂ ਵੱਲੋਂ 28 ਸਤੰਬਰ ਨੂੰ ਸ਼ਹੀਦ-ਏ-ਆਜ਼ਮ ਭਗਤ ਸਿੰਘ ਦਾ ਜਨਮ ਦਿਨ ਮੋਰਿੰਡਾ ਪੱਕੇ ਮੋਰਚੇ ਵਿੱਚ ਮਨਾਇਆ ਜਾਵੇਗਾ।
ਹੋਰ ਖ਼ਬਰਾਂ ਅਤੇ ਵੈਬਸਾਈਟ ਲਈ ਇਥੇ ਕਲਿੱਕ ਕਰੋ
ਫੇਸਬੁੱਕ ‘ਤੇ ਜੁੜਨ ਲਈ ਇੱਥੇ ਕਲਿੱਕ ਕਰੋ