ਨਸ਼ਿਆਂ ਨੂੰ ਸਰਪ੍ਰਸਤੀ ਬਾਦਲਾਂ ਨੇ ਦਿੱਤੀ, ਅਸੀਂ ਲੱਕ ਤੋੜ ਰਹੇ ਹਾਂ, ਕੇਜਰੀਵਾਲ ਦਿੱਲੀ ਦੇ ਲੋਕਾਂ ਨੂੰ ਮੂਰਖ ਬਣਾ ਪੰਜਾਬ ਆਇਆ !

ਪੰਜਾਬ ਵਿਧਾਨ ਸਭਾ ਚੋਣਾਂ 2022 ਤੋਂ ਪਹਿਲਾਂ ਸਿਆਸਤ ਦਿਨੋ ਦਿਨ ਤੇਜ਼ ਹੁੰਦੀ ਜਾ ਰਹੀ ਹੈ ਅਤੇ ਸ਼ਬਦੀ ਵਾਰ ਵੀ ਡੂੰਘੇ ਹੁੰਦੇ ਜਾ ਰਹੇ ਹਨ। ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨਾਲ ਚੰਦ-ਤਾਰੇ ਤੋੜ ਕੇ ਲਿਆਉਣ ਦੇ ਵਾਅਦੇ ਕਰਨ ਤੋਂ ਪਹਿਲਾਂ, ਆਮ ਆਦਮੀ ਪਾਰਟੀ ਮੁਖੀ ਅਰਵਿੰਦ ਕੇਜਰੀਵਾਲ ਦਿੱਲੀ ‘ਚ ਆਪਣੀ ਕਾਰਗੁਜ਼ਾਰੀ ਵਿਖਾਉਣ। ਉਨ੍ਹਾਂ ਕਿਹਾ ਕਿ ਪੰਜਾਬ ਚ ਸੂਬਾ ਸਰਕਾਰ ਆਮ ਲੋਕਾਂ ਦੇ ਹਿੱਤਾਂ ਦੀ ਬਾਖ਼ੂਬੀ ਰਾਖੀ ਕਰ ਰਹੀ ਹੈ, ਕੇਜਰੀਵਾਲ ਨੂੰ ਉਨ੍ਹਾਂ ਦੀ ਚਿੰਤਾ ਕਰਨ ਦੀ ਲੋੜ ਨਹੀਂ। ਲੋਕਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ‘ਆਪ’ ਸੁਪਰੀਮੋ ਪੰਜਾਬ ਦੀ ਦੌਲਤ ‘ਤੇ ਨਜ਼ਰ ਰੱਖ ਰਹੇ ਹਨ ਜਿਸ ਕਾਰਨ ਉਹ ਲੋਕਾਂ ਨੂੰ ਲੁਭਾਉਣ ਲਈ ਹਵਾਈ ਕਿਲ੍ਹੇ ਬਣਾ ਰਹੇ ਹਨ। ਉਨ੍ਹਾਂ ਕੇਜਰੀਵਾਲ ਨੂੰ ਚੁਣੌਤੀ ਦਿੱਤੀ ਕਿ ਪੰਜਾਬੀਆਂ ਦੇ ਸਾਹਮਣੇ ਝੂਠ ਦੇ ਪੁਲੰਦੇ ਫੋਲਣ ਤੋਂ ਪਹਿਲਾਂ ਉਹ ਪੰਜਾਬ ਸਰਕਾਰ ਵਾਂਗ ਦਿੱਲੀ ਵਾਸੀਆਂ ਨੂੰ ਸਸਤੀ ਬਿਜਲੀ ਅਤੇ ਪੈਟਰੋਲ ਦੇਣ ਦਾ ਐਲਾਨ ਕਰਨ ਦੀ ਹਿੰਮਤ ਕਰੇ।

ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ‘ਆਪ’ ਲੀਡਰਸ਼ਿਪ ਨੂੰ ਇੱਕ ਮੋਟੀ ਜਿਹੀ ਗੱਲ ਸਮਝ ਲੈਣੀ ਚਾਹੀਦੀ ਹੈ ਕਿ ਅਣਖੀ ਪੰਜਾਬੀ ਕਿਸੇ ਵੀ ਬਾਹਰਲੇ ਵਿਅਕਤੀ ਨੂੰ ਰਾਜ ਕਰਨ ਦੀ ਹਰਗਿਜ਼ ਇਜਾਜ਼ਤ ਨਹੀਂ ਦੇਣਗੇ। ਮੁੱਖ ਮੰਤਰੀ ਨੇ ਕੇਜਰੀਵਾਲ ਨੂੰ ਯਾਦ ਕਰਵਾਇਆ ਕਿ ਪੰਜਾਬ ਸਰਕਾਰ ਪੂਰੇ ਉੱਤਰੀ ਖੇਤਰ ਵਿੱਚ ਸਭ ਤੋਂ ਸਸਤਾ ਪੈਟਰੋਲ ਅਤੇ ਡੀਜ਼ਲ ਆਪਣੇ ਲੋਕਾਂ ਨੂੰ ਮੁਹੱਈਆ ਕਰਵਾ ਰਹੀ ਹੈ ਅਤੇ ਇਸੇ ਤਰ੍ਹਾਂ ਪੂਰੇ ਦੇਸ਼ ਨਾਲੋਂ ਸੂਬੇ ਵਿੱਚ ਬਿਜਲੀ ਦੀਆਂ ਦਰਾਂ ਸਭ ਤੋਂ ਸਸਤੀਆਂ ਹਨ। ਉਨ੍ਹਾਂ ਸੁਆਲ ਕੀਤਾ, ” ਕੀ ਕੇਜਰੀਵਾਲ ਪੰਜਾਬ ਵਿੱਚ ਆ ਕੇ ਲੋਕਾਂ ਨੂੰ ਭਰਮਾਉਣ ਲਈ ਕਈ ਤਰ੍ਹਾਂ ਦੇ ਝੂਠੇ ਐਲਾਨ ਕਰਨ ਤੋਂ ਪਹਿਲਾਂ ਦਿੱਲੀ ਵਿੱਚ ਪੰਜਾਬ ਵਾਂਗ ਆਮ ਆਦਮੀ ਦੇ ਏਜੰਡੇ ਨੂੰ ਲਾਗੂ ਕਰਨਗੇ।” ਉਨ੍ਹਾਂ ਆਪਣੀ ਸਰਕਾਰ ਵੱਲੋਂ ਲਏ ਗਏ ਕਈ ਲੋਕ ਪੱਖੀ ਫੈਸਲਿਆਂ ਦੀ ਸੂਚੀ ਗਿਣਵਾਉਂਦਿਆਂ ਕਿਹਾ ਕਿ ਬਿਜਲੀ ਬਿੱਲਾਂ ਦੇ 1500 ਕਰੋੜ ਰੁਪਏ ਦੇ ਬਕਾਏ ਮੁਆਫ ਕੀਤੇ ਗਏ ਹਨ, ਘਰੇਲੂ ਖਪਤਕਾਰਾਂ ਲਈ ਬਿਜਲੀ ਦਰਾਂ ਪ੍ਰਤੀ ਯੂਨਿਟ ਤਿੰਨ ਰੁਪਏ ਘਟਾਈਆਂ ਗਈਆਂ ਹਨ। ਪੇਂਡੂ ਖੇਤਰਾਂ ਵਿੱਚ ਜਲ ਸਪਲਾਈ ਘਰਾਂ ਦੀਆਂ ਮੋਟਰਾਂ ਦੇ ਸਬੰਧ ਵਿੱਚ 1200 ਕਰੋੜ ਰੁਪਏ ਮੁਆਫ ਕੀਤੇ ਗਏ ਹਨ, ਜਲ ਸਪਲਾਈ ਦੇ ਪਾਣੀ ਦੇ ਮਾਸਿਕ ਖਰਚੇ ਘਟਾ ਕੇ 50 ਰੁਪਏ ਕੀਤੇ ਗਏ ਹਨ ਅਤੇ ਰੇਤ ਦੇ ਰੇਟ ਬਹੁਤ ਘੱਟ ਕੀਤੇ ਗਏ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਇਹ ਹੀ ਆਮ ਆਦਮੀ ਦਾ ਏਜੰਡਾ ਹੈ ਅਤੇ ਪੰਜਾਬ ਸਰਕਾਰ ਆਮ ਆਦਮੀ ਨੂੰ ਲਾਭ ਪਹੁੰਚਾਉਣ ਲਈ ਇਸ ਨੂੰ ਪੂਰੇ ਜੋਸ਼ ਨਾਲ ਲਾਗੂ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਉਪਰਾਲੇ ਭਵਿੱਖ ਵਿੱਚ ਵੀ ਜਾਰੀ ਰਹਿਣਗੇ ਤਾਂ ਜੋ ਸੂਬੇ ਦੇ ਸਰਬਪੱਖੀ ਵਿਕਾਸ ਅਤੇ ਲੋਕਾਂ ਦੀ ਖੁਸ਼ਹਾਲੀ ਨੂੰ ਯਕੀਨੀ ਬਣਾਇਆ ਜਾ ਸਕੇ। ਮੁੱਖ ਮੰਤਰੀ ਚੰਨੀ ਨੇ ਕਿਹਾ, ‘ਮੈਂ ਆਮ ਆਦਮੀ ਦੀਆਂ ਮੁਸ਼ਕਿਲਾਂ ਨੂੰ ਜਾਣਦਾ ਹਾਂ ਅਤੇ ਮੇਰਾ ਹਰ ਕਦਮ ਉਨ੍ਹਾਂ ਨੂੰ ਘੱਟ ਕਰਨ ਲਈ ਹੈ।”

ਬਾਦਲਾਂ ਅਤੇ ਕੈਪਟਨ ਅਮਰਿੰਦਰ ਸਿੰਘ ‘ਤੇ ਤਿੱਖਾ ਹਮਲਾ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਲੁਟੇਰਿਆਂ ਨੇ ਡਰੱਗ ਮਾਫੀਆ ਨੂੰ ਪਨਾਹ ਦੇ ਕੇ ਇਸ ਦੀ ਸਰਪ੍ਰਸਤੀ ਕੀਤੀ ਹੈ। ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਹੁਣ ਸਰਕਾਰ ਨੇ ਬਿਕਰਮ ਸਿੰਘ ਮਜੀਠੀਆ ਦੇ ਮਾੜੇ ਕੰਮਾਂ ਲਈ ਉਸ ‘ਤੇ ਮੁਕੱਦਮਾ ਦਰਜ ਕਰ ਲਿਆ ਹੈ, ਜਿਸ ਕਾਰਨ ਉਹ ਗ੍ਰਿਫਤਾਰੀ ਤੋਂ ਬਚਣ ਲਈ ਏਧਰ-ਓਧਰ ਭੱਜ ਰਿਹਾ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਦੇ ਕਾਰੋਬਾਰ ਵਿੱਚ ਸ਼ਾਮਲ ਹਰ ਵਿਅਕਤੀ ਨੂੰ ਸੂਬੇ ਅਤੇ ਇੱਥੋਂ ਦੇ ਲੋਕਾਂ ਨਾਲ ਧ੍ਰੋਹ ਕਮਾਉਣ ਦੇ ਗੁਨਾਹਗਾਰ ਵਜੋਂ ਲੈ ਕੇ ਉਨ੍ਹਾਂ ‘ ਤੇ ਨੱਥ ਪਾਈ ਜਾਵੇਗੀ।

ਸੂਬੇ ਵਿੱਚ ਹਰ ਕੀਮਤ ‘ਤੇ ਅਮਨ-ਸ਼ਾਂਤੀ ਅਤੇ ਸਦਭਾਵਨਾ ਬਣਾਈ ਰੱਖਣ ਦਾ ਅਹਿਦ ਲੈਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੀਆਂ ਦੁਸ਼ਮਣ ਤਾਕਤਾਂ ਸੂਬੇ ਨੂੰ ਅਸਥਿਰ ਕਰਨ ‘ਤੇ ਤੁਲੀਆਂ ਹੋਈਆਂ ਹਨ, ਪਰ ਪੰਜਾਬ ਦੇ ਲੋਕਾਂ ਦੀ ਮੱਦਦ ਨਾਲ, ਇਨ੍ਹਾਂ ਤਾਕਤਾਂ ਦੇ ਨਾਪਾਕ ਮਨਸੂਬਿਆਂ ਨੂੰ ਨਾਕਾਮ ਕੀਤਾ ਜਾਵੇਗਾ ਅਤੇ ਅਜਿਹੀ ਕਿਸੇ ਵੀ ਕੋਸ਼ਿਸ਼ ਨੂੰ ਕਾਮਯਾਬ ਨਹੀਂ ਹੋਣ ਦਿੱਤਾ ਜਾਵੇਗਾ। ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੀ ਅਮਨ-ਸ਼ਾਂਤੀ ਨੂੰ ਹਰ ਕੀਮਤ ‘ਤੇ ਬਰਕਰਾਰ ਰੱਖਣ ਲਈ ਵਚਨਬੱਧ ਹੈ।

https://www.facebook.com/thekhabarsaar/

http://thekhabarsaar.com/

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਹਰਭਜਨ ਸਿੰਘ ਨੇ ਲਿਆ ਕ੍ਰਿਕਟ ਤੋਂ ਸੰਨਿਆਸ, ਟਵੀਟ ਕਰਕੇ ਕਿਹਾ ਅਲਵਿਦਾ

ਲੱਗਿਆ ਰਾਤ ਦਾ ਕਰਫਿਊ, ਕੋਰੋਨਾ ਵੈਕਸੀਨ ਨਹੀਂ ਤਾਂ ਇਕੱਠ ਨਹੀਂ, ਪੜ੍ਹੋ ਨਵੇਂ ਨਿਯਮ