ਨਵੀਂ ਦਿੱਲੀ, 3 ਫਰਵਰੀ 2022 – ਲੋਕ ਇਨਸਾਫ਼ ਪਾਰਟੀ ਦੇ ਆਗੂ ਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਵੱਲੋਂ ਦਾਇਰ ਪਟੀਸ਼ਨ ‘ਤੇ ਸੁਪਰੀਮ ਕੋਰਟ ਅੱਜ ਸੁਣਵਾਈ ਕਰੇਗਾ। ਪਿਛਲੀ ਸੁਣਵਾਈ ਦੌਰਾਨ ਅਦਾਲਤ ਨੇ ਪੰਜਾਬ ਸਰਕਾਰ ਨੂੰ ਬਲਾਤਕਾਰ ਦੇ ਇੱਕ ਕਥਿਤ ਮਾਮਲੇ ਵਿੱਚ ਬੈਂਸ ਨੂੰ 3 ਫਰਵਰੀ ਤੱਕ ਗ੍ਰਿਫ਼ਤਾਰ ਨਾ ਕਰਨ ਦੇ ਹੁਕਮ ਦਿੱਤੇ ਸਨ।
ਇਸ ਮਾਮਲੇ ਵਿੱਚ ਪੀੜਤ ਨੇ ਪਹਿਲਾਂ 16 ਨਵੰਬਰ 2020 ਨੂੰ ਵਿਧਾਇਕ ਸਿਮਰਜੀਤ ਸਿੰਘ ਬੈਂਸ, ਕਮਲਜੀਤ ਸਿੰਘ, ਬਲਜਿੰਦਰ ਕੌਰ, ਜਸਬੀਰ ਕੌਰ ਉਰਫ਼ ਭਾਬੀ, ਸੁਖਚੈਨ ਸਿੰਘ, ਪਰਮਜੀਤ ਸਿੰਘ ਉਰਫ਼ ਪੰਮਾ ਅਤੇ ਗੋਗੀ ਸ਼ਰਮਾ ਖ਼ਿਲਾਫ਼ ਪੁਲੀਸ ਕਮਿਸ਼ਨਰ ਨੂੰ ਸ਼ਿਕਾਇਤ ਦਿੱਤੀ ਸੀ। ਪੀੜਤ ਨੇ ਦੋਸ਼ ਲਾਏ ਸਨ ਕੇ ਪੁਲੀਸ ਨੇ ਸ਼ਿਕਾਇਤ ‘ਤੇ ਕੋਈ ਕਾਰਵਾਈ ਨਹੀਂ ਕੀਤੀ ਅਤੇ ਮਾਮਲੇ ਨੂੰ ਜਾਂਚ ਦੇ ਨਾਂ ‘ਤੇ ਹੀ ਟਾਲ ਦਿੱਤਾ ਗਿਆ।
ਅਖ਼ੀਰ ਪੀੜਤ ਨੇ ਸਥਾਨਕ ਅਦਾਲਤ ਦੀ ਸ਼ਰਨ ਲਈ ਅਤੇ 7 ਜੁਲਾਈ 2021 ਨੂੰ ਵਧੀਕ ਚੀਫ਼ ਜੁਡੀਸ਼ੀਅਲ ਮੈਜਿਸਟਰੇਟ ਹਰਸਿਮਰਨ ਜੀਤ ਸਿੰਘ ਦੀ ਅਦਾਲਤ ਨੇ ਥਾਣਾ ਡਵੀਜ਼ਨ ਨੰਬਰ 6 ਦੀ ਪੁਲਿਸ ਨੂੰ ਇਸ ਮਾਮਲੇ ਵਿੱਚ ਐਫਆਈਆਰ ਦਰਜ ਕਰਨ ਦੇ ਹੁਕਮ ਦਿੱਤੇ ਸਨ। ਅਦਾਲਤ ਦੇ ਹੁਕਮਾਂ ਤੋਂ ਬਾਅਦ ਪੁਲੀਸ ਨੇ ਵਿਧਾਇਕ ਬੈਂਸ ਤੇ ਹੋਰਨਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਸੀ।
ਅਦਾਲਤ ਨੇ ਇਸ ਮਾਮਲੇ ਵਿੱਚ ਦੋ ਮਹੀਨਿਆਂ ਵਿੱਚ ਚਾਰਜਸ਼ੀਟ ਦਾਖ਼ਲ ਕਰਨ ਲਈ ਕਿਹਾ ਸੀ, ਇਸ ਦੇ ਬਾਵਜੂਦ ਪੁਲੀਸ ਨੇ ਕਰੀਬ ਚਾਰ ਮਹੀਨਿਆਂ ਬਾਅਦ 11 ਨਵੰਬਰ 2021 ਨੂੰ ਚਾਰਜਸ਼ੀਟ ਅਦਾਲਤ ਵਿੱਚ ਪੇਸ਼ ਕੀਤੀ ਅਜੇ ਤੱਕ ਇਸ ਮਾਮਲੇ ਵਿੱਚ ਇੱਕ ਵੀ ਮੁਲਜ਼ਮ ਪੁਲੀਸ ਨੇ ਗ੍ਰਿਫ਼ਤਾਰ ਨਹੀਂ ਕੀਤਾ ਹੈ।