ਬਰਨਾਲਾ 12 ਫ਼ਰਵਰੀ, 2022 – ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਬੀਤੇ ਦਿਨ 11 ਫਰਵਰੀ ਨੂੰ ਬਰਨਾਲਾ ਵਿਖੇ ਕਾਂਗਰਸ ਦੇ ਉਮੀਦਵਾਰ ਮਨੀਸ਼ ਬਾਂਸਲ ਦੇ ਹੱਕ ਵਿੱਚ ਚੋਣ ਪ੍ਰਚਾਰ ਕਰਨ ਪਹੁੰਚੇ। ਇਸ ਦੌਰਾਨ ਉਹਨਾਂ ਗੱਲਬਾਤ ਕਰਦਿਆਂ ਅਰਵਿੰਦ ਕੇਜਰੀਵਾਲ ਦੀ ਘਰਵਾਲੀ ਵਲੋਂ ਪੰਜਾਬ ਵਿੱਚ ਚੋਣ ਪ੍ਰਚਾਰ ਕੀਤੇ ਜਾਣ ਦੇ ਮੁੱਦੇ ‘ਤੇ ਕਿਹਾ ਕਿ ਕੇਜਰੀਵਾਲ ਦੀ ਘਰਵਾਲੀ ਦੀ ਪੰਜਾਬ ਤੇ ਅੱਖ ਹੈ ਅਤੇ ਪੰਜਾਬ ਦੀ ਮੁੱਖ ਮੰਤਰੀ ਬਨਣਾ ਚਾਹੁੰਦੀ ਹੈ।
ਜ਼ਿਕਰਯੋਗ ਹੈ ਕੇ ਬੀਤੇ ਦਿਨ ਹੀ 11 ਫਰਵਰੀ ਨੂੰ ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਨੇ ‘ਆਪ’ ਪੰਜਾਬ ਦੇ ਮੁੱਖ ਅਹੁਦੇ ਦੇ ਉਮੀਦਵਾਰ ਅਤੇ ਸੰਸਦ ਮੈਂਬਰ ਭਗਵੰਤ ਮਾਨ ਦੀ ਜਿੱਤ ਲਈ ਵਿਧਾਨ ਸਭਾ ਹਲਕਾ ਧੂਰੀ ਵਿੱਚ ਚੋਣ ਪ੍ਰਚਾਰ ਕੀਤਾ ਸੀ।
ਧੂਰੀ ਸ਼ਹਿਰ ਵਿੱਚ ਹੋਏ ਇੱਕ ਚੋਣ ਜਲਸੇ ਨੂੰ ਸੰਬੋਧਨ ਕਰਦਿਆਂ ਸੁਨੀਤਾ ਕੇਜਰੀਵਾਲ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ (ਲੋਕ) 20 ਫਰਵਰੀ ਨੂੰ ‘ਝਾੜੂ’ ਦਾ ਬਟਨ ਦੱਬ ਕੇ ਪੰਜਾਬ ਦੀ ਖੁਸ਼ਹਾਲੀ ਅਤੇ ਆਪਣੇ ਆਪ ਦੀ ਤਰੱਕੀ ਲਈ ਭਗਵੰਤ ਮਾਨ ਨੂੰ ਜਿਤਾਉਣ। ਇਸ ਚੋਣ ਜਲਸੇ ਨੂੰ ਕੇਜਰੀਵਾਲ ਦੀ ਬੇਟੀ ਹਰਸ਼ਿਤਾ ਕੇਜਰੀਵਾਲ, ਭਗਵੰਤ ਮਾਨ ਦੀ ਮਾਤਾ ਹਰਪਾਲ ਕੌਰ ਅਤੇ ਭੈਣ ਮਨਪ੍ਰੀਤ ਕੌਰ ਨੇ ਵੀ ਸੰਬੋਧਨ ਕੀਤਾ ਸੀ।