ਫਰੀਦਕੋਟ 15 ਫਰਵਰੀ 2022 – ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਵਿਧਾਨ ਸਭਾ ਹਲਕਾ ਕੋਟਕਪੂਰਾ ਤੋਂ ਉਮੀਦਵਾਰ ਕੁਲਤਾਰ ਸਿੰਘ ਸੰਧਵਾਂ ਦੇ ਹੱਕ ਵਿੱਚ ਚੋਣ ਪ੍ਰਚਾਰ ਕੀਤਾ। ਸਿਸੋਦੀਆ ਨੇ ਲੋਕਾਂ ਨੂੰ ਪਾਰਟੀ ਦੇ ਉਮੀਦਵਾਰ ਨੂੰ ਭਾਰੀ ਵੋਟਾਂ ਨਾਲ ਜਿਤਾ ਕੇ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਉਣ ਦੀ ਅਪੀਲ ਕੀਤੀ।
ਸੋਮਵਾਰ ਨੂੰ ਮਨੀਸ਼ ਸਿਸੋਦੀਆ ਨੇ ਕੋਟਕਪੂਰਾ ਵਿਧਾਨ ਸਭਾ ਹਲਕੇ ਦੇ ਵੱਖ-ਵੱਖ ਇਲਾਕਿਆਂ ਵਿੱਚ ਚੋਣ ਪ੍ਰਚਾਰ ਕੀਤਾ। ਲੋਕਾਂ ਨੂੰ ਸੰਬੋਧਨ ਕਰਦਿਆਂ ਸਿਸੋਦੀਆ ਨੇ ਕਿਹਾ ਕਿ ਤੁਸੀਂ ਅਕਾਲੀ ਦਲ ਅਤੇ ਕਾਂਗਰਸ ਨੂੰ ਮੌਕੇ ਦਿੱਤੇ। ਅਕਾਲੀ ਦਲ ਨੇ 26 ਸਾਲ ਅਤੇ ਕਾਂਗਰਸ ਨੇ 24 ਸਾਲ ਪੰਜਾਬ ‘ਤੇ ਰਾਜ ਕੀਤਾ। ਦੋਵਾਂ ਨੇ ਸੂਬੇ ਦੇ ਕੁਦਰਤੀ ਸੋਮੇ ਵੇਚ ਦਿੱਤੇ ਅਤੇ ਸਰਕਾਰੀ ਖਜ਼ਾਨਾ ਖਾਲੀ ਕਰ ਦਿੱਤਾ। ਇਸ ਵਾਰ ਪੰਜਾਬ ਦੇ ਲੋਕਾਂ ਨੇ ਆਮ ਆਦਮੀ ਪਾਰਟੀ ਦੀ ਇਮਾਨਦਾਰ ਰਾਜਨੀਤੀ ਨੂੰ ਮੌਕਾ ਦੇਣ ਦਾ ਮਨ ਬਣਾ ਲਿਆ ਹੈ।
‘ਆਪ’ ਦੀ ਸਰਕਾਰ ਸੂਬੇ ‘ਚੋਂ ‘ਪਰਚਾ ਰਾਜ’ ਖਤਮ ਕਰੇਗੀ ਤੇ ਸਾਰੇ ਝੂਠੇ ਪਰਚੇ ਰੱਦ ਕਰੇਗੀ। ਦਿੱਲੀ ਦੇ ਲੋਕਾਂ ਨੇ ਸਾਨੂੰ ਮੌਕਾ ਦਿੱਤਾ ਹੈ। ਅਸੀਂ ਦਿੱਲੀ ਦੇ ਸਰਕਾਰੀ ਸਕੂਲਾਂ ਨੂੰ ਸੁਧਾਰਿਆ, ਬਿਜਲੀ ਦੇ ਬਿੱਲ ਜ਼ੀਰੋ ਕੀਤੇ, ਨੌਜਵਾਨਾਂ ਨੂੰ ਰੁਜ਼ਗਾਰ ਦਿੱਤਾ। ਹੁਣ ਪੰਜਾਬ ਦੀ ਵਾਰੀ ਹੈ। ਇੱਕ ਮੌਕਾ ‘ਆਪ’ ਦੀ ਇਮਾਨਦਾਰ ਰਾਜਨੀਤੀ ਨੂੰ ਦਿਓ। ਅਸੀਂ ਪੰਜਾਬ ਵਿੱਚ ਚੰਗੇ ਸਕੂਲ, ਹਸਪਤਾਲ ਬਣਾਵਾਂਗੇ ਅਤੇ ਨੌਜਵਾਨਾਂ ਨੂੰ ਰੁਜ਼ਗਾਰ ਦੇ ਮੌਕੇ ਦੇਵਾਂਗੇ। ਅਸੀਂ ਕੰਮ ਕਰਕੇ ਦਿਖਾਵਾਂਗੇ ਕਿ ਵਿਕਾਸ ਕਿਵੇਂ ਕੀਤਾ ਜਾਂਦਾ ਹੈ।
ਸਿਸੋਦੀਆ ਨੇ ਵਿਰੋਧੀ ਪਾਰਟੀਆਂ ‘ਤੇ ਵੀ ਤਿੱਖਾ ਨਿਸ਼ਾਨਾ ਸਾਧਿਆ। ਉਨ੍ਹਾਂ ਕਿਹਾ ਕਿ ਅਕਾਲੀ ਦਲ ਅਤੇ ਕਾਂਗਰਸੀ ਨੇਤਾ ਘਰ-ਘਰ ਜਾਕੇ ਪੈਸੇ ਵੰਡ ਕੇ ਲੋਕਾਂ ਦੀਆਂ ਵੋਟਾਂ ਖਰੀਦਣ ਦੀ ਕੋਸ਼ਿਸ਼ ਕਰ ਰਹੇ ਹਨ। ਕਿਸੇ ਵੀ ਪਾਰਟੀ ਦਾ ਲੀਡਰ ਪੈਸੇ ਦੇਵੇ ਤਾਂ ਲੈ ਲਵੋ, ਪਰ ਵੋਟ ਝਾੜੂ ਨੂੰ ਹੀ ਪਾਉਣਾ, ਕਿਉਂਕਿ ਪੰਜਾਬ ਦੇ ਸਕੂਲਾਂ ਦੀ ਹਾਲਤ ਸਿਰਫ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਹੀ ਸੁਧਾਰ ਸਕਦੇ ਹਨ।