ਚੰਡੀਗੜ੍ਹ, 15 ਫਰਵਰੀ 2022 – ਪੰਜਾਬ ਵਿਧਾਨ ਸਭਾ ਚੋਣਾਂ 20 ਫਰਵਰੀ, 2022 ਨੂੰ ਹੋਣੀਆਂ ਨਿਸ਼ਚਿਤ ਹੋਈਆਂ ਹਨ। ਇਸ ਦੌਰਾਨ ਅਮਨ ਤੇ ਕਾਨੂੰਨ ਦੀ ਵਿਵਸਥਾ ਨੂੰ ਕਾਇਮ ਰੱਖਣ ਸਬੰਧੀ ਚੋਣਾਂ ਸ਼ਾਂਤਮਈ ਢੰਗ ਨਾਲ ਨੇਪੜੇ ਚਾੜਨ ਲਈ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਵੋਟਾਂ ਪੈਣ ਦੀ ਪ੍ਰੀਕ੍ਰਿਆ ਖਤਮ ਹੋਣ ਤੋਂ 48 ਘੰਟੇ ਪਹਿਲਾਂ ਚੋਣ ਲੜ ਰਹੇ ਉਮੀਦਵਾਰਾਂ ਵੱਲੋਂ ਕਿਸੇ ਤਰ੍ਹਾਂ ਦੀ ਪਬਲਿਕ ਮੀਟਿੰਗ ਕਰਨ,ਰੈਲੀ ਕਰਨ ਅਤੇ ਲਾਊਡ ਸਪੀਕਰ ਰਾਹੀਂ ਪ੍ਰਚਾਰ ਕਰਨ ਤੇ ਮੁਕੰਮਲ ਪਾਬੰਦੀ ਰਹੇਗੀ।
ਇਸ ਤੋਂ ਬਿਨਾ ਚੋਣਾਂ ਦੌਰਾਨ 18 ਫਰਵਰੀ ਸ਼ਾਮ 6 ਵਜੇ ਤੋਂ 20 ਫਰਵਰੀ ਵੋਟਾਂ ਪੈਣ ਤੱਕ ਅਤੇ 10 ਮਾਰਚ ਨੂੰ (ਵੋਟਾਂ ਦੀ ਗਿਣਤੀ ਵਾਲੇ ਦਿਨ) ਵੋਟਾਂ ਦੀ ਗਿਣਤੀ ਮੁਕੰਮਲ ਹੋਣ ਤੱਕ ਡਰਾਈ ਡੇਅ ਘੋਸ਼ਿਤ ਕਰਨ ਦੇ ਹੁਕਮ ਜਾਰੀ ਕੀਤੇ ਹਨ।
ਹੁਕਮਾਂ ‘ਚ ਕਿਹਾ ਗਿਆ ਹੈ ਕਿ ਉਕਤ ਪਾਬੰਦੀ ਸਮੇਂ ਦੌਰਾਨ ਕਿਸੇ ਵੀ ਸ਼ਰਾਬ ਦੇ ਠੇਕੇ (ਦੇਸੀ ਅਤੇ ਅੰਗਰੇਜ਼ੀ), ਬੀਅਰ ਬਾਰ, ਰੈਸਟੋਰੈਂਟ, ਅਹਾਤੇ, ਕਲੱਬ, ਹੋਟਲ ਜਿਥੇ ਸ਼ਰਾਬ ਵੇਚਣ ਅਤੇ ਪੀਣ ਦੀ ਕਾਨੂੰਨੀ ਤੌਰ ‘ਤੇ ਇਜਾਜ਼ਤ ਹੈ, ਜਾਂ ਕਿਸੇ ਹੋਰ ਜਨਤਕ ਥਾਵਾਂ ਆਦਿ ਤੇ ਸ਼ਰਾਬ ਦੀ ਵਿਕਰੀ ਕਰਨ, ਵਰਤੋ ਕਰਨ, ਪੀਣ, ਪਿਲਾਉਣ, ਸਟੋਰ ਕਰਨ ਅਤੇ ਹੋਰ ਨਸ਼ੀਲੇ ਪਦਾਰਥਾਂ ਦੀ ਵਰਤੋਂ ਕਰਨ ‘ਤੇ ਵੀ ਪੂਰਨ ਤੌਰ ‘ਤੇ ਇਹ ਹੁਕਮ ਲਾਗੂ ਹੋਣਗੇ।