ਜਲੰਧਰ, 17 ਫਰਵਰੀ 2022 – ਜ਼ਿਲ੍ਹਾ ਪ੍ਰਸ਼ਾਸਨ ਵੱਲੋਂ 9 ਹਲਕਿਆਂ ਦੇ ਸਮੁੱਚੇ 1975 ਪੋਲਿੰਗ ਸਟੇਸ਼ਨਾਂ ‘ਤੇ ਗਤੀਵਿਧੀਆਂ ‘ਤੇ ਨਜ਼ਰ ਰੱਖਣ ਲਈ 2125 ਵੈਬਕਾਸਟਿੰਗ ਕੈਮਰੇ ਲਗਾਏ ਗਏ ਹਨ ਤਾਂ ਜੋ ਵੋਟਿੰਗ ਪ੍ਰਕਿਰਿਆ ਨੂੰ ਆਜ਼ਾਦ, ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਨੇਪਰੇ ਚਾੜ੍ਹਿਆ ਜਾ ਸਕੇ।
ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਘਨਸ਼ਿਆਮ ਥੋਰੀ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਫਿਲੌਰ ਹਲਕੇ ਵਿੱਚ 247, ਨਕੋਦਰ ਵਿੱਚ 257, ਸ਼ਾਹਕੋਟ ਵਿੱਚ 251, ਕਰਤਾਰਪੁਰ ਵਿੱਚ 234, ਜਲੰਧਰ ਪੱਛਮੀ ਵਿੱਚ 219, ਜਲੰਧਰ ਕੇਂਦਰੀ ਵਿੱਚ 225, ਜਲੰਧਰ ਉੱਤਰੀ ਵਿੱਚ 232, ਜਲੰਧਰ ਛਾਉਣੀ ਵਿੱਚ 237 ਅਤੇ ਆਦਮਪੁਰ ਵਿੱਚ 223 ਕੈਮਰੇ ਲਗਾਏ ਗਏ ਹਨ। ਉਨ੍ਹਾਂ ਕਿਹਾ ਕਿ ਤਿੰਨ ਜਾਂ ਇਸ ਤੋਂ ਵੱਧ ਬੂਥਾਂ ਵਾਲੀਆਂ ਪੋਲਿੰਗ ਲੋਕੇਸ਼ਨਾਂ ‘ਤੇ ਵਾਧੂ ਆਊਟਡੋਰ ਕੈਮਰੇ ਲਗਾਏ ਜਾਣਗੇ, ਜਿਸ ਨਾਲ ਮੁੱਖ ਚੋਣ ਅਧਿਕਾਰੀ, ਜ਼ਿਲ੍ਹਾ ਚੋਣ ਅਫ਼ਸਰ ਅਤੇ ਰਿਟਰਨਿੰਗ ਅਫ਼ਸਰਾਂ ਵੱਲੋਂ ਚੋਣ ਪ੍ਰਕਿਰਿਆ ਦੀ ਨਿਗਰਾਨੀ ਨੂੰ ਯਕੀਨੀ ਬਣਾਇਆ ਜਾਵੇਗਾ ।
ਘਨਸ਼ਿਆਮ ਥੋਰੀ ਨੇ ਜ਼ਿਲ੍ਹੇ ਵਿੱਚ ਆਦਰਸ਼ ਚੋਣ ਜ਼ਾਬਤਾ ਸਖ਼ਤੀ ਨਾਲ ਲਾਗੂ ਕਰਨ ਦੀ ਵਚਨਬੱਧਤਾ ਦੁਹਰਾਉਂਦਿਆਂ ਕਿਹਾ ਕਿ ਪੋਲਿੰਗ ਬੂਥਾਂ ਦੇ 100 ਮੀਟਰ ਦੇ ਘੇਰੇ ਅੰਦਰ ਚੋਣ ਪ੍ਰਚਾਰ ਕਰਨ ਦੀ ਇਜਾਜ਼ਤ ਨਹੀਂ ਹੋਵੇਗੀ। ਉਨ੍ਹਾਂ ਕਿਹਾ ਕਿ ਗਤੀਵਿਧੀਆਂ ‘ਤੇ ਨਜ਼ਰ ਰੱਖਣ ਲਈ ਆਊਟਡੋਰ ਵੈਬਕਾਸਟਿੰਗ ਕੈਮਰਿਆਂ ਦੀ ਵਰਤੋਂ ਕੀਤੀ ਜਾਵੇਗੀ ਅਤੇ ਕਿਸੇ ਵੀ ਉਲੰਘਣਾ ਦੀ ਸੂਰਤ ਵਿੱਚ ਉਲੰਘਣਾ ਕਰਨ ਵਾਲੇ ਵਿਅਕਤੀਆਂ ਵਿਰੁੱਧ ਐਫ.ਆਈ.ਆਰ. ਦਰਜ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਆਰ.ਓਜ਼ ਪੱਧਰ ‘ਤੇ ਦੋ ਤਰਫਾ ਸੰਚਾਰ ਲਈ ਵੀ ਕੈਮਰੇ ਲਗਾਏ ਜਾ ਰਹੇ ਹਨ ਜਿਸ ਰਾਹੀਂ ਮੁੱਖ ਚੋਣ ਅਧਿਕਾਰੀ ਰਿਟਰਨਿੰਗ ਅਫ਼ਸਰਾਂ ਨਾਲ ਸਿੱਧਾ ਰਾਬਤਾ ਕਰ ਸਕਦੇ ਹਨ।
ਜ਼ਿਲ੍ਹਾ ਚੋਣ ਅਫ਼ਸਰ ਨੇ ਇਹ ਵੀ ਦੱਸਿਆ ਕਿ ਆਜ਼ਾਦ, ਨਿਰਪੱਖ ਅਤੇ ਸੁਤੰਤਰ ਚੋਣਾਂ ਨੂੰ ਯਕੀਨੀ ਬਣਾਉਣ ਲਈ ਸਾਰੇ ਪੋਲਿੰਗ ਸਥਾਨਾਂ ‘ਤੇ 1163 ਮਾਈਕਰੋ ਅਬਜ਼ਰਵਰ ਪਹਿਲਾਂ ਹੀ ਤਾਇਨਾਤ ਕੀਤੇ ਜਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਕਿਸੇ ਨੂੰ ਵੀ ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।
ਮਤਦਾਨ ਤੋਂ 48 ਘੰਟੇ ਪਹਿਲਾਂ ਪੰਜ ਜਾਂ ਪੰਜ ਤੋਂ ਵੱਧ ਲੋਕਾਂ ਦੇ ਇਕੱਠੇ ਹੋਣ ‘ਤੇ ਪਾਬੰਦੀ: ਜ਼ਿਲ੍ਹਾ ਮੈਜਿਸਟਰੇਟ ਘਨਸ਼ਿਆਮ ਥੋਰੀ ਨੇ ਵੋਟਾਂ ਤੋਂ ਪਹਿਲਾਂ 48 ਘੰਟੇ ਭਾਵ 18 ਫਰਵਰੀ, 2022 ਨੂੰ ਸ਼ਾਮ 6 ਵਜੇ ਤੋਂ 20 ਫਰਵਰੀ, 2022 ਨੂੰ ਵੋਟਾਂ ਦੀ ਸਮਾਪਤੀ ਤੱਕ ਪੰਜ ਜਾਂ ਪੰਜ ਤੋਂ ਵੱਧ ਲੋਕਾਂ ਦੇ ਇਕੱਠੇ ਹੋਣ ‘ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। ਇਹ ਹੁਕਮ ਡੋਰ ਟੂ ਡੋਰ ਪ੍ਰਚਾਰ ਦੇ ਸਬੰਧ ਵਿੱਚ 48 ਘੰਟਿਆਂ ਦੌਰਾਨ ਘਰ-ਘਰ ਜਾਣ ‘ਤੇ ਪਾਬੰਦੀ ਨਹੀਂ ਲਗਾਉਂਦਾ। ਸਾਰੇ ਉਪ ਮੰਡਲ ਮੈਜਿਸਟ੍ਰੇਟ ਇਸ ਹੁਕਮ ਦੀ ਪਾਲਣਾ ਨੂੰ ਯਕੀਨੀ ਬਣਾਉਣਗੇ।