ਫ਼ਿਰੋਜ਼ਪੁਰ, 19 ਫਰਵਰੀ 2022 – ਆਲ ਇੰਡੀਆ ਕਾਂਗਰਸ ਕਮੇਟੀ ਨੇ ਫ਼ਿਰੋਜ਼ਪੁਰ ਦਿਹਾਤੀ ਤੋਂ ਕਾਂਗਰਸ ਵਿਧਾਇਕਾ ਸਤਿਕਾਰ ਕੌਰ ਗਹਿਰੀ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਕਰਨ ਕਰ ਕੇ ਪਾਰਟੀ ‘ਚੋਂ ਬਾਹਰ ਕੱਢ ਦਿੱਤਾ ਹੈ। ਆਲ ਇੰਡੀਆ ਕਾਂਗਰਸ ਕਮੇਟੀ ਦੇ ਪੰਜਾਬ ਇੰਚਾਰਜ ਹਰੀਸ਼ ਚੌਧਰੀ ਨੇ ਇਹ ਫੈਸਲਾ ਲਿਆ ਹੈ। ਉਨ੍ਹਾਂ ਵੱਲੋਂ ਨੋਟੀਫਿਕੇਸ਼ਨ ਜਾਰੀ ਕਰਕੇ ਇਸਦੀ ਜਾਣਕਾਰੀ ਦਿੱਤੀ ਗਈ ਹੈ।
ਦੱਸਣਯੋਗ ਹੈ ਕਿ ਦਿਹਾਤੀ ਹਲਕੇ ਤੋਂ ਸਤਿਕਾਰ ਕੌਰ ਦੀ ਥਾਂ ਆਮ ਆਦਮੀ ਪਾਰਟੀ ਨੂੰ ਛੱਡ ਕਾਂਗਰਸ ਵਿਚ ਸ਼ਾਮਿਲ ਹੋਏ ਅਮਰਦੀਪ ਸਿੰਘ ਆਸ਼ੂ ਬੰਗੜ ਨੂੰ ਉਮੀਦਵਾਰ ਬਣਾਇਆ ਗਿਆ ਹੈ, ਜਿਸ ਦਾ ਸਤਿਕਾਰ ਕੌਰ ਗਹਿਰੀ ਵਲੋਂ ਭਾਰੀ ਵਿਰੋਧ ਕੀਤਾ ਗਿਆ ਸੀ।
ਕਾਂਗਰਸ ਨੇ ਇਸ ਤੋਂ ਪਹਿਲਾਂ ਸਮਰਾਲਾ ਤੋਂ ਵਿਧਾਇਕ ਅਮਰੀਕ ਸਿੰਘ ਢਿੱਲੋਂ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਲਈ ਪਾਰਟੀ ਵਿੱਚੋਂ ਕੱਢ ਦਿੱਤਾ ਸੀ। ਦੂਜੇ ਪਾਸੇ ਹਲਕਾ ਅਟਾਰੀ ਤੋਂ ਵਿਧਾਇਕ ਤਰਸੇਮ ਡੀਸੀ, ਬਰਨਾਲਾ ਤੋਂ ਸਾਬਕਾ ਵਿਧਾਇਕ ਕੇਵਲ ਢਿੱਲੋਂ ਅਤੇ ਤਲਵੰਡੀ ਸਾਬੋ ਤੋਂ ਸਾਬਕਾ ਵਿਧਾਇਕ ਹਰਮਿੰਦਰ ਜੱਸੀ ਨੂੰ ਪਾਰਟੀ ਵਿੱਚੋਂ ਕੱਢ ਦਿੱਤਾ ਗਿਆ ਸੀ।
ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਬਾਗੀ ਉਮੀਦਵਾਰ ਕਾਂਗਰਸ ਲਈ ਸਿਰਦਰਦੀ ਬਣੇ ਹੋਏ ਹਨ। ਕੈਬਨਿਟ ਮੰਤਰੀ ਰਾਣਾ ਗੁਰਜੀਤ ਸਿੰਘ ਕਪੂਰਥਲਾ ਤੋਂ ਉਮੀਦਵਾਰ ਹਨ, ਪਰ ਉਨ੍ਹਾਂ ਦੇ ਪੁੱਤਰ ਰਾਣਾ ਇੰਦਰ ਪ੍ਰਤਾਪ ਸਿੰਘ ਆਜ਼ਾਦ ਉਮੀਦਵਾਰ ਵਜੋਂ ਸੁਲਤਾਨਪੁਰ ਲੋਧੀ ਤੋਂ ਚੋਣ ਲੜ ਰਹੇ ਹਨ। ਖੁਦ ਸੀਐਮ ਚੰਨੀ ਦੇ ਭਰਾ ਡਾ: ਮਨੋਹਰ ਸਿੰਘ ਬਾਸੀ ਪਠਾਣਾ ਤੋਂ ਆਜ਼ਾਦ ਉਮੀਦਵਾਰ ਵਜੋਂ ਚੋਣ ਲੜ ਰਹੇ ਹਨ।