ਚੰਡੀਗੜ੍ਹ: ਪੰਜਾਬ ਵਿਧਾਨਸਭਾ ਚੋਣਾਂ ਲਈ ਵੋਟਿੰਗ ਸ਼ੁਰੂ ਹੋ ਗਈ ਹੈ। ਸੂਬੇ ਦੀਆਂ 117 ਸੀਟਾਂ ‘ਤੇ ਵਿਧਾਨਸਭਾ ਚੋਣਾਂ ਸ਼ੁਰੂ ਹੋ ਗਈਆਂ ਹਨ । ਵੋਟਿੰਗ ਸਵੇਰ 8 ਵਜੇ ਤੋਂ ਸ਼ਾਮ 6 ਵਜੇ ਤਕ ਹੈ । ਰਾਜ ‘ਚ 2 ਕਰੋੜ 14 ਲੱਖ 99 ਹਜ਼ਾਰ 804 ਵੋਟਰ ਹਨ, ਜੋਕਿ ਆਪਣੇ ਵੋਟ ਦੇ ਅਧਿਕਾਰ ਦਾ ਇਸਤੇਮਾਲ ਕਰਨਗੇ। ਇਨ੍ਹਾਂ ’ਚ 1,12,98081 ਪੁਰਸ਼, 1,02,00,996 ਔਰਤਾਂ ਅਤੇ 727 ਥਰਡ ਜੈਂਡਰ ਵੋਟਰ ਸ਼ਾਮਲ ਹਨ।
ਕੁੱਲ 1304 ਉਮੀਦਵਾਰਾਂ ਵਿਚੋਂ 231 ਰਾਸ਼ਟਰੀ ਪਾਰਟੀਆਂ, 250 ਸੂਬਾਈ ਪਾਰਟੀਆਂ, 362 ਗੈਰ ਮਾਨਤਾ ਪ੍ਰਾਪਤ ਪਾਰਟੀਆਂ ਨਾਲ ਸਬੰਧਤ ਹਨ ਜਦਕਿ 461 ਆਜ਼ਾਦ ਉਮੀਦਵਾਰ ਹਨ। ਕੁੱਲ 14 ਹਜ਼ਾਰ 751 ਸਥਾਨਾਂ ’ਤੇ 24689 ਪੋਲਿੰਗ ਸਟੇਸ਼ਨ ਬਣਾਏ ਗਏ ਹਨ। ਪੰਜਾਬ ’ਚ ਚੋਣ ਪ੍ਰਕਿਰਿਆ ਦੌਰਾਨ ਕੋਰੋਨਾ ਨਿਯਮਾਂ ਦੀ ਪਾਲਣਾ ਕੀਤੀ ਜਾ ਰਹੀ ਹੈ। ਪ੍ਰਸ਼ਾਸਨ ਵੱਲੋਂ ਕਿਹਾ ਗਿਆ ਹੈ ਕਿ ਇਸ ਦੌਰਾਨ ਕਿਸੇ ਵੀ ਕਿਸਮ ਦੀ ਢਿੱਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ।