ਮੋਹਾਲੀ, 24 ਫਰਵਰੀ 2022 – ਡਰੱਗ ਮਾਮਲੇ ਵਿੱਚ ਮੁਲਜ਼ਮ ਅਕਾਲੀ ਲੀਡਰ ਬਿਕਰਮ ਮਜੀਠੀਆ ਅੱਜ ਮੋਹਾਲੀ ਅਦਾਲਤ ਵਿੱਚ ਪੇਸ਼ ਹੋਏ। ਜਿਸ ਤੋਂ ਬਾਅਦ ਉਨ੍ਹਾਂ ਨੇ ਅਦਾਲਤ ਵਿੱਚ ਆਤਮ ਸਮਰਪਣ ਕੀਤਾ। ਬਿਕਰਮ ਸਿੰਘ ਮਜੀਠੀਆ ਨੇ ਵਧੀਕ ਜ਼ਿਲ੍ਹਾ ਸੈਸ਼ਨ ਜੱਜ ਐੱਸ. ਕੇ. ਸਿੰਗਲਾ ਦੀ ਅਦਾਲਤ ‘ਚ ਆਤਮਸਮਰਪਣ ਕੀਤਾ। ਖ਼ਬਰਾਂ ਇਹ ਵੀ ਸਾਹਮਣੇ ਆ ਰਹੀਆਂ ਹਨ ਕਿ, ਆਤਮ ਸਮਰਪਣ ਤੋਂ ਬਾਅਦ ਹੀ ਹੁਣ ਮਜੀਠੀਆ ਰੈਗੂਲਰ ਜ਼ਮਾਨਤ ਲਈ ਅਪਲਾਈ ਕਰ ਸਕਦੇ ਹਨ।
ਡਰੱਗਜ਼ ਮਾਮਲੇ ‘ਚ ਫਸੇ ਸੀਨੀਅਰ ਅਕਾਲੀ ਆਗੂ ਬਿਕਰਮ ਮਜੀਠੀਆ ਨੇ ਮੋਹਾਲੀ ਦੀ ਅਦਾਲਤ ‘ਚ ਆਤਮ ਸਮਰਪਣ ਕਰ ਦਿੱਤਾ ਹੈ। ਹੁਣ ਉਸ ਦੀ ਜ਼ਮਾਨਤ ਪਟੀਸ਼ਨ ‘ਤੇ ਸੁਣਵਾਈ ਹੋ ਰਹੀ ਹੈ। ਪੰਜਾਬ ਸਰਕਾਰ ਦੇ ਵਕੀਲ ਉਸ ਦੀ ਹਿਰਾਸਤ ਦੀ ਮੰਗ ਕਰ ਰਹੇ ਹਨ ਤਾਂ ਜੋ ਉਸ ਕੋਲੋਂ ਡਰੱਗ ਗਠਜੋੜ ਬਾਰੇ ਪੁੱਛਗਿੱਛ ਕੀਤੀ ਜਾ ਸਕੇ। ਉਨ੍ਹਾਂ ਨੂੰ ਜ਼ਮਾਨਤ ਮਿਲਦੀ ਹੈ ਜਾਂ ਜੇਲ੍ਹ ਭੇਜਿਆ ਜਾਂਦਾ ਹੈ, ਇਸ ਬਾਰੇ ਅਦਾਲਤ ਕੁਝ ਦੇਰ ਵਿਚ ਫੈਸਲਾ ਕਰੇਗੀ।
ਮਜੀਠੀਆ ਖਿਲਾਫ ਅੰਤਰਰਾਸ਼ਟਰੀ ਨਸ਼ਾ ਤਸਕਰਾਂ ਨਾਲ ਮਿਲੀਭੁਗਤ ਦੇ ਦੋਸ਼ ‘ਚ ਮੋਹਾਲੀ ਦੀ ਕ੍ਰਾਈਮ ਬ੍ਰਾਂਚ ‘ਚ ਮਾਮਲਾ ਦਰਜ ਕੀਤਾ ਗਿਆ ਹੈ। ਉਧਰ, ਅਕਾਲੀ ਦਲ ਦਾ ਕਹਿਣਾ ਹੈ ਕਿ ਪੰਜਾਬ ਦੀ ਕਾਂਗਰਸ ਸਰਕਾਰ ਨੇ ਸਿਆਸੀ ਬਦਲਾਖੋਰੀ ਕਾਰਨ ਇਹ ਕੇਸ ਦਰਜ ਕੀਤਾ ਹੈ।
ਬਿਕਰਮ ਮਜੀਠੀਆ ਖਿਲਾਫ ਮਾਮਲਾ ਦਰਜ ਹੋਣ ਤੋਂ ਬਾਅਦ ਉਸ ਨੇ ਮੋਹਾਲੀ ਦੀ ਅਦਾਲਤ ‘ਚ ਅਗਾਊਂ ਜ਼ਮਾਨਤ ਲਈ ਅਰਜ਼ੀ ਦਿੱਤੀ ਸੀ, ਪਰ ਇਸ ਨੂੰ ਰੱਦ ਕਰ ਦਿੱਤਾ ਗਿਆ ਸੀ। ਇਸ ਤੋਂ ਬਾਅਦ ਉਹ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਗਏ। ਉੱਥੇ ਕੁਝ ਦਿਨਾਂ ਦੀ ਅੰਤਰਿਮ ਰਾਹਤ ਤੋਂ ਬਾਅਦ ਉਸ ਦੀ ਪਟੀਸ਼ਨ ਰੱਦ ਕਰ ਦਿੱਤੀ ਗਈ। ਫਿਰ ਉਹ ਸੁਪਰੀਮ ਕੋਰਟ ਗਿਆ। ਸੁਪਰੀਮ ਕੋਰਟ ਨੇ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਉਨ੍ਹਾਂ ਦੀ ਗ੍ਰਿਫਤਾਰੀ ‘ਤੇ 23 ਫਰਵਰੀ ਤੱਕ ਰੋਕ ਲਗਾ ਦਿੱਤੀ ਸੀ।
ਦੱਸ ਦਈਏ ਕਿ, ਸੁਪਰੀਮ ਕੋਰਟ ਵਲੋਂ ਜੋ ਰਾਹਤ ਮਜੀਠੀਆ ਨੂੰ 23 ਫਰਵਰੀ ਤੱਕ ਦਿੱਤੀ ਗਈ ਸੀ, ਉਹ ਖ਼ਤਮ ਹੋ ਗਈ ਸੀ। ਜਿਸ ਤੋਂ ਬਾਅਦ ਮਜੀਠੀਆ ਅੱਜ ਮੋਹਾਲੀ ਕੋਰਟ ਵਿੱਚ ਪੇਸ਼ ਹੋਏ ਅਤੇ ਆਤਮ ਸਮਰਪਣ ਕੀਤਾ।