ਚੰਡੀਗੜ੍ਹ, 26 ਫਰਵਰੀ 2022 – ਚੰਡੀਗੜ੍ਹ ਵਿੱਚ, ਕੇਂਦਰ ਸਰਕਾਰ ਵੱਲੋਂ ਦਿੱਲੀ, ਅੰਡੇਮਾਨ ਅਤੇ ਨਿਕੋਬਾਰ ਸਿਵਲ ਸਰਵਿਸ (DANICS) ਕੇਡਰ ਦੇ ਅਧਿਕਾਰੀ ਨਿਯੁਕਤ ਕੀਤੇ ਗਏ ਸਨ। ਇਸ ਤੋਂ ਪਹਿਲਾਂ ਪੰਜਾਬ ਸਿਵਲ ਸਰਵਿਸ (ਪੀਸੀਐਸ) ਅਤੇ ਹਰਿਆਣਾ ਸਿਵਲ ਸਰਵਿਸ (ਐਚਸੀਐਸ) ਦੇ ਅਧਿਕਾਰੀ ਇੱਥੇ ਤਾਇਨਾਤ ਰਹੇ ਹਨ। ਕੇਂਦਰ ਸਰਕਾਰ ਦੇ ਇਸ ਫੈਸਲੇ ਤੋਂ ਬਾਅਦ ਚੰਡੀਗੜ੍ਹ ਵਿੱਚ ਯੂਟੀ ਕੇਡਰ ਦੇ ਅਧਿਕਾਰੀਆਂ ਦੀ ਤਾਇਨਾਤੀ ਨੂੰ ਲੈ ਕੇ ਮਾਹੌਲ ਗਰਮ ਹੋਣ ਲੱਗਾ ਹੈ।
ਜਿਸ ‘ਤੇ ਕਾਂਗਰਸੀ ਆਗੂ ਸੁਖਪਾਲ ਖਹਿਰਾ ਨੇ ਸਵਾਲ ਖੜ੍ਹੇ ਕੀਤੇ ਹਨ। ਉਨ੍ਹਾਂ ਕਿਹਾ ਕਿ ਚੰਡੀਗੜ੍ਹ ਵਿੱਚ ਯੂਟੀ ਕੇਡਰ ਦੇ ਅਫਸਰ ਲਗਾ ਕੇ ਪੰਜਾਬ ਦੇ ਹੱਕ ਖੋਹੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਭਾਖੜਾ ਬਿਆਸ ਮੈਨੇਜਮੈਂਟ ਬੋਰਡ (ਬੀ.ਬੀ.ਐਮ.ਬੀ.) ਤੋਂ ਪੰਜਾਬ ਦਾ ਕੰਟਰੋਲ ਹਟਾਇਆ ਜਾ ਰਿਹਾ ਹੈ। ਇਸ ਨਾਲ ਭਾਜਪਾ ਦੀ ਪੰਜਾਬ ਪ੍ਰਤੀ ਨਫਰਤ ਅਤੇ ਵਿਤਕਰੇ ਵਾਲੀ ਨੀਤੀ ਦਾ ਇੱਕ ਵਾਰ ਫਿਰ ਪਰਦਾਫਾਸ਼ ਹੋ ਗਿਆ ਹੈ। ਉਨ੍ਹਾਂ ਇਸ ਨੂੰ ਸੰਘੀ ਢਾਂਚੇ ‘ਤੇ ਹਮਲਾ ਕਰਾਰ ਦਿੱਤਾ। ਖਹਿਰਾ ਨੇ ਸਾਰਿਆਂ ਨੂੰ ਇਕਜੁੱਟ ਹੋ ਕੇ ਇਸ ਦਾ ਵਿਰੋਧ ਕਰਨ ਦੀ ਅਪੀਲ ਕੀਤੀ।
ਇਸ ਤੋਂ ਪਹਿਲਾਂ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਨੇ ਵੀ ਯੂਟੀ ਕੇਡਰ ਦੇ ਅਧਿਕਾਰੀਆਂ ਦੀ ਨਿਯੁਕਤੀ ਦਾ ਵਿਰੋਧ ਕੀਤਾ ਸੀ। ਉਨ੍ਹਾਂ ਕਿਹਾ ਕਿ ਬੀਬੀਐਮਬੀ ਦੇ ਨਿਯਮਾਂ ਨੂੰ ਛਿੱਕੇ ਟੰਗ ਕੇ ਪੰਜਾਬ ਦੇ ਹੱਕਾਂ ਨੂੰ ਖੋਹਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪਿਛਲੇ ਕੁਝ ਦਿਨਾਂ ਤੋਂ ਅਜਿਹੀਆਂ ਕਾਰਵਾਈਆਂ ਕਰਕੇ ਚੰਡੀਗੜ੍ਹ ’ਤੇ ਪੰਜਾਬ ਦਾ ਹੱਕ ਕਮਜ਼ੋਰ ਕੀਤਾ ਜਾ ਰਿਹਾ ਹੈ। ਉਨ੍ਹਾਂ ਕੈਪਟਨ ਅਮਰਿੰਦਰ ਸਿੰਘ, ਸੁਖਦੇਵ ਢੀਂਡਸਾ, ਭਗਵੰਤ ਮਾਨ, ਸੁਖਬੀਰ ਬਾਦਲ, ਨਵਜੋਤ ਸਿੱਧੂ ਅਤੇ ਚਰਨਜੀਤ ਚੰਨੀ ਨੂੰ ਕਿਹਾ ਕਿ ਚੋਣਾਂ ਹੁਣ ਖਤਮ ਹੋ ਚੁੱਕੀਆਂ ਹਨ। ਇਸ ਲਈ ਸਭ ਨੂੰ ਸਿਆਸਤ ਤੋਂ ਉਪਰ ਉਠ ਕੇ ਪੰਜਾਬ ਦੇ ਹੱਕਾਂ ਲਈ ਇਕਜੁੱਟ ਹੋਣਾ ਚਾਹੀਦਾ ਹੈ।
ਆਮ ਆਦਮੀ ਪਾਰਟੀ (ਆਪ) ਨੇ ਭਾਖੜਾ ਬਿਆਸ ਮੈਨੇਜਮੈਂਟ ਬੋਰਡ (ਬੀ.ਬੀ.ਐੱਮ.ਬੀ.) ‘ਚ ਪੰਜਾਬ ਦੀ ਪੱਕੀ ਨੁਮਾਇੰਦਗੀ ਖ਼ਤਮ ਕਰਨ ਦਾ ਸਖ਼ਤ ਨੋਟਿਸ ਲੈਂਦੇ ਹੋਏ ਇਸ ਨੂੰ ਪੰਜਾਬ ਦੇ ਹੱਕਾਂ ਉੱਤੇ ਇੱਕ ਹੋਰ ਸਿੱਧਾ ਹਮਲਾ ਕਰਾਰ ਦਿੱਤਾ ਹੈ।
ਸ਼ੁੱਕਰਵਾਰ ਨੂੰ ਪਾਰਟੀ ਹੈਡਕੁਆਟਰ ਤੋਂ ਜਾਰੀ ਬਿਆਨ ਰਾਹੀਂ ਪਾਰਟੀ ਦੇ ਸੂਬਾ ਪ੍ਰਧਾਨ, ਸੰਸਦ ਮੈਂਬਰ ਅਤੇ ਮੁੱਖ ਮੰਤਰੀ ਦੇ ਉਮੀਦਵਾਰ ਭਗਵੰਤ ਮਾਨ ਨੇ ਕਿਹਾ ਕਿ ਕਾਂਗਰਸ ਤੋਂ ਵੀ ਕਈ ਕਦਮ ਅੱਗੇ ਜਾ ਕੇ ਭਾਰਤੀ ਜਨਤਾ ਪਾਰਟੀ (ਭਾਜਪਾ) ਦੀ ਮੋਦੀ ਸਰਕਾਰ ਰਾਜਾਂ ਦੇ ਅਧਿਕਾਰਾਂ ‘ਤੇ ਡਾਕੇ ਮਾਰਨ ‘ਚ ਜੁਟੀ ਹੋਈ ਹੈ, ਜੋ ਭਾਰਤ ਦੀ ਸੰਘੀ (ਫੈਡਰਲ) ਵਿਵਸਥਾ ਉੱਤੇ ਵੀ ਸਿੱਧੀ ਸੱਟ ਹੈ। ਭਗਵੰਤ ਮਾਨ ਨੇ ਬੀ.ਬੀ.ਐੱਮ.ਬੀ. ਦੇ ਪ੍ਰਬੰਧਨ ‘ਚ ਪੰਜਾਬ ਦੀ ਗਿਣਮਿਥ ਕੇ ਘਟਾਈ ਜਾ ਰਹੀ ਅਹਿਮੀਅਤ ਵਾਲੀ ਕੇਂਦਰੀ ਕਾਰਵਾਈ ਦੀ ਜ਼ੋਰਦਾਰ ਨਿਖੇਧੀ ਕਰਦੇ ਹੋਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਪੀਲ ਕੀਤੀ ਕਿ ਉਹ ਤਾਜ਼ਾ ਫ਼ੈਸਲੇ ਸਮੇਤ ਪਹਿਲਾਂ ਲਏ ਗਏ ਸਾਰੇ ਪੰਜਾਬ ਵਿਰੋਧੀ ਫ਼ੈਸਲਿਆਂ ‘ਤੇ ਨਜ਼ਰਸਾਨੀ ਕਰਨ ਅਤੇ ਪੰਜਾਬ ਦੇ ਹੱਕ-ਹਕੂਕ ਬਹਾਲ ਕਰਨ।
ਭਗਵੰਤ ਮਾਨ ਅਨੁਸਾਰ, “ਕੇਂਦਰ ਸਰਕਾਰ ਬੀ.ਬੀ.ਐੱਮ.ਬੀ. ਦੇ ਨਿਯਮਾਂ (ਰੂਲਜ਼) ‘ਚ ਮਨਮਾਨੇ ਫ਼ੈਸਲੇ ਲੈਣ ਤੋਂ ਗੁਰੇਜ਼ ਕਰੇ ਅਤੇ ਪਹਿਲਾਂ ਹੀ ਦੋਵੇਂ ਹੱਥੀਂ ਲੁੱਟੇ ਗਏ ਪੰਜਾਬ ਨਾਲ ਖੁੰਦਕੀ ਅਤੇ ਮਤਰੇਈ ਮਾਂ ਵਾਲਾ ਵਤੀਰਾ ਤਿਆਗੇ।”
ਮਾਨ ਨੇ ਕਿਹਾ, “ਬੀ.ਬੀ.ਐੱਮ.ਬੀ. ਪੰਜਾਬ ਦੀ ਸਰਜਮੀਂ ‘ਤੇ ਖੜਾ ਹੋਇਆ ਉਹ ਪ੍ਰਬੰਧਨ ਹੈ, ਜਿਸ ‘ਚੋਂ ਪੰਜਾਬ ਨੂੰ ਹੀ ਆਊਟ ਕਰਨ ਦੀਆਂ ਸਾਜਿਸ਼ਾਂ ਹੋਈਆਂ। ਪਹਿਲਾਂ ਇਹ ਧੱਕਾ ਕੇਂਦਰ ‘ਚ ਕਾਬਜ਼ ਕਾਂਗਰਸ ਦੀਆਂ ਸਰਕਾਰਾਂ ਕਰਦੀਆਂ ਸਨ, ਹੁਣ ਉਹੋ ਰਾਹ ਭਾਜਪਾ ਦੀ ਅਗਵਾਈ ਵਾਲੀ ਮੋਦੀ ਸਰਕਾਰ ਨੇ ਫੜ ਲਿਆ ਹੈ। ਜੋ ਪੰਜਾਬ ਦੀ ਦੁਖਦੀ ਰਗ ਨੂੰ ਜਾਣਬੁੱਝ ਕੇ ਦਬਾਏ ਜਾਣ ਵਾਲੀ ਕੋਝੀ ਸ਼ਰਾਰਤ ਹੈ।”