ਜਲੰਧਰ, 27 ਫਰਵਰੀ 2022 – ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਉਨ੍ਹਾਂ ਲੋਕਾਂ ਦੀ ਮਦਦ ਲਈ 24X7 ਹੈਲਪਲਾਈਨ ਨੰਬਰ 1100 ਜਾਰੀ ਕੀਤਾ ਗਿਆ ਹੈ, ਜਿਨ੍ਹਾਂ ਦੇ ਪਰਿਵਾਰਕ ਮੈਂਬਰ ਜਾਂ ਰਿਸ਼ਤੇਦਾਰ ਜੰਗ ਪ੍ਰਭਾਵਿਤ ਦੇਸ਼ ਯੂਕਰੇਨ ਵਿੱਚ ਫਸੇ ਹੋਏ ਹਨ। ਇਸ ਤੋਂ ਇਲਾਵਾ ਵਿਦੇਸ਼ਾਂ ਵਿੱਚ ਰਹਿੰਦੇ ਲੋਕਾਂ ਲਈ ਇੱਕ ਹੋਰ ਨੰਬਰ 91-172-4111905 ਜਾਰੀ ਗਿਆ ਕੀਤਾ ਹੈ ਤਾਂ ਜੋ ਪੀੜਤ ਪਰਿਵਾਰਾਂ ਨੂੰ ਵੱਧ ਤੋਂ ਵੱਧ ਮਦਦ ਮੁਹੱਈਆ ਕਰਵਾਈ ਜਾ ਸਕੇ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਹਾ ਪੱਧਰੀ ਕੰਟਰੋਲ ਰੂਮ ਵੀ ਸਥਾਪਿਤ ਕੀਤਾ ਗਿਆ ਹੈ, ਜਿਥੇ ਲੋਕਾਂ ਵੱਲੋਂ 39 ਕਾਲਾਂ ਦੇ ਜ਼ਰੀਏ ਯੂਕਰੇਨ ਵਿੱਚ ਫਸੇ ਆਪਣੇ ਪਰਿਵਾਰਕ ਮੈਂਬਰਾਂ ਬਾਰੇ ਜਾਣਕਾਰੀ ਸਾਂਝੀ ਕੀਤੀ ਗਈ ਹੈ। ਉਨ੍ਹਾਂ ਅੱਗੇ ਦੱਸਿਆ ਕਿ ਕੰਟਰੋਲ ਰੂਮ ਵੱਲੋਂ ਇਕੱਤਰ ਕੀਤੀ ਗਈ ਜਾਣਕਾਰੀ ਅਗਲੇਰੀ ਕਾਰਵਾਈ ਲਈ ਸੂਬਾ ਸਰਕਾਰ ਨਾਲ ਸਾਂਝੀ ਕੀਤੀ ਜਾ ਰਹੀ ਹੈ।
ਜ਼ਿਕਰਯੋਗ ਹੈ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜਲੰਧਰ ਦੇ ਲੋਕਾਂ ਲਈ ਯੂਕਰੇਨ ਵਿੱਚ ਫਸੇ ਆਪਣੇ ਪਰਿਵਾਰਕ ਮੈਂਬਰਾਂ ਸਬੰਧੀ ਜਾਣਕਾਰੀ ਸਾਂਝੀ ਕਰਨ ਖਾਤਰ ਇੱਕ ਹੈਲਪਲਾਈਨ ਨੰਬਰ 0181-2224417 ਸਥਾਪਤ ਕੀਤਾ ਗਿਆ ਹੈ।
ਘਨਸ਼ਿਆਮ ਥੋਰੀ ਨੇ ਅੱਗੇ ਕਿਹਾ ਕਿ ਪ੍ਰਸ਼ਾਸਨ ਇਨ੍ਹਾਂ ਲੋਕਾਂ ਦੇ ਸੰਪਰਕ ਵਿੱਚ ਹੈ ਅਤੇ ਉਨ੍ਹਾਂ ਨੂੰ ਅਪੀਲ ਕੀਤੀ ਹੈ ਕਿ ਉਹ ਯੂਕਰੇਨ ਵਿੱਚ ਫਸੇ ਆਪਣੇ ਪਰਿਵਾਰਕ ਮੈਂਬਰਾਂ ਨੂੰ ਵਿਦੇਸ਼ ਮੰਤਰਾਲੇ (MEA) ਵੱਲੋਂ ਦਿੱਤੇ ਸੁਝਾਅ ਅਨੁਸਾਰ ਨਜ਼ਦੀਕੀ ਯੂਕਰੇਨੀਅਨ ਦੇਸ਼ਾਂ ਦੀਆਂ ਸਰਹੱਦਾਂ ਵੱਲ ਨਾ ਜਾਣ ਦੀ ਸਲਾਹ ਦੇਣ, ਜਦੋਂ ਤੱਕ ਕਿ ਇਸ ਸਬੰਧ ਵਿੱਚ ਅੱਗੇ ਸੰਚਾਰ ਪ੍ਰਾਪਤ ਨਹੀਂ ਹੁੰਦਾ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਯੂਕਰੇਨ ਤੋਂ ਪਰਤਣ ਵਾਲੇ ਪੰਜਾਬੀਆਂ ਲਈ ਆਵਾਜਾਈ ਦੀਆਂ ਸਹੂਲਤਾਂ ਦਾ ਪ੍ਰਬੰਧ ਕਰਨ ਦੀ ਪ੍ਰਕਿਰਿਆ ਵਿੱਚ ਵੀ ਹੈ ਤਾਂ ਜੋ ਉਹ ਸੁਰੱਖਿਅਤ ਆਪਣੇ ਘਰ ਪਹੁੰਚ ਸਕਣ।