ਚੰਡੀਗੜ੍ਹ, 8 ਮਾਰਚ 2022 – ਡਰੱਗ ਮਾਮਲੇ ‘ਚ ਅੰਤਰਰਾਸ਼ਟਰੀ ਨਸ਼ਾ ਤਸਕਰਾਂ ਨਾਲ ਮਿਲੀਭੁਗਤ ਦੇ ਮਾਮਲੇ ‘ਚ ਬਿਕਰਮ ਮਜੀਠੀਆ ਦੀ ਨਿਆਇਕ ਹਿਰਾਸਤ ਅੱਜ ਖ਼ਤਮ ਹੋ ਗਈ ਹੈ। ਨਿਆਇਕ ਹਿਰਾਸਤ ਖਤਮ ਹੋਣ ਤੋਂ ਬਾਅਦ ਅੱਜ ਮਜੀਠੀਆ ਨੂੰ ਮੁਹਾਲੀ ਕੋਰਟ ‘ਚ ਪੇਸ਼ ਕੀਤਾ ਜਾਵੇਗਾ।
ਅਦਾਲਤ ਵੱਲੋਂ 24 ਫਰਵਰੀ ਨੂੰ ਮਜੀਠੀਆ ਨੂੰ ਅੱਜ 8 ਮਾਰਚ ਤੱਕ 14 ਦਿਨਾਂ ਦੀ ਨਿਆਇਕ ਹਿਰਾਸਤ ‘ਚ ਭੇਜਿਆ ਗਿਆ ਸੀ। ਜਿਸ ਤੋਂ ਬਾਅਦ ਅੱਜ ਮਜੀਠੀਆ ਦੇ ਵਕੀਲ ਵਲੋਂ ਜ਼ਮਾਨਤ ਦੀ ਅਰਜ਼ੀ ਲਾਈ ਜਾ ਸਕਦੀ ਹੈ।
ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੇ 24 ਫਰਵਰੀ ਨੂੰ ਸਵੇਰੇ ਹੀ ਮੁਹਾਲੀ ਅਦਾਲਤ ਵਿਚ ਆਤਮ ਸਮਰਪਣ ਕਰ ਦਿੱਤਾ ਸੀ। ਇਸ ਤੋਂ ਬਾਅਦ ਏਆਈਜੀ ਬਲਰਾਜ ਸਿੰਘ ਦੀ ਅਗਵਾਈ ਵਿਚ ਪੰਜਾਬ ਪੁਲਿਸ ਦੀ ਐਸਆਈਟੀ ਨੇ ਅਦਾਲਤ ਵਿਚ ਹੀ ਉਹਨਾਂ ਤੋਂ ਕਰੀਬ ਡੇਢ ਘੰਟੇ ਤੱਕ ਪੁੱਛਗਿੱਛ ਕੀਤੀ। ਮੋਹਾਲੀ ਅਦਾਲਤ ‘ਚ ਆਤਮ-ਸਮਰਪਣ ਕਰਨ ਮਗਰੋਂ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਅਦਾਲਤ ਨੇ 8 ਮਾਰਚ ਤੱਕ ਨਿਆਇਕ ਹਿਰਾਸਤ ‘ਚ ਭੇਜ ਦਿੱਤਾ ਸੀ।