ਨਵੀਂ ਦਿੱਲੀ, 11 ਮਾਰਚ 2022 – ‘ਆਪ’ ਪੰਜਾਬ ਦੇ ਮੁੱਖ ਮੰਤਰੀ ਉਮੀਦਵਾਰ ਭਗਵੰਤ ਮਾਨ ਨੇ ਦਿੱਲੀ ਦੇ ਮੁੱਖ ਮੰਤਰੀ ਅਤੇ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਪਾਰਟੀ ਆਗੂ-ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਜਿੱਤ ਤੋਂ ਬਾਅਦ ਕੇਜਰੀਵਾਲ ਨੂੰ ਮਿਲਣ ਪਹੁੰਚੇ ਭਗਵੰਤ ਮਾਨ ਨੇ ਪੈਰੀਂ ਹੱਥ ਲਾ ਕੇ ਆਸ਼ੀਰਵਾਦ ਲਿਆ।
ਪੰਜਾਬ ਵਿੱਚ ਰਿਕਾਰਡ ਤੋੜ ਸੀਟਾਂ ਜਿੱਤਣ ਤੋਂ ਬਾਅਦ ਆਮ ਆਦਮੀ ਪਾਰਟੀ (ਆਪ) ਨੇ ਸਰਕਾਰ ਬਣਾਉਣ ਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਭਲਕੇ ਭਗਵੰਤ ਮਾਨ ਰਾਜਪਾਲ ਨਾਲ ਮੁਲਾਕਾਤ ਕਰਕੇ ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਕਰਨਗੇ। ਭਗਵੰਤ ਮਾਨ ਨੇ ਕਿਹਾ ਕਿ 1-2 ਦਿਨਾਂ ‘ਚ ਸਾਰਾ ਕੰਮ ਹੋ ਜਾਵੇਗਾ।
ਪੰਜਾਬ ਵਿੱਚ ਆਮ ਆਦਮੀ ਪਾਰਟੀ ਨੇ ਪੰਜਾਬ ਚੋਣਾਂ ਵਿੱਚ 92 ਸੀਟਾਂ ਜਿੱਤੀਆਂ ਹਨ। ਸਿਰਫ਼ 18 ਕਾਂਗਰਸ, 4 ਅਕਾਲੀ ਦਲ, 2 ਭਾਜਪਾ ਅਤੇ ਇੱਕ ਆਜ਼ਾਦ ਉਮੀਦਵਾਰ ਜਿੱਤਿਆ ਹੈ।