- ਸੂਬੇ ਦੇ 28ਵੇਂ ਮੁੱਖ ਮੰਤਰੀ ਵਜੋਂ ਚਾਰਜ ਸੰਭਾਲਿਆ
ਚੰਡੀਗੜ੍ਹ, 16 ਮਾਰਚ 2022 – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਹੀਦ-ਏ-ਆਜ਼ਮ ਦੇ ਜੱਦੀ ਪਿੰਡ ਖਟਕੜ ਕਲਾਂ ਵਿਖੇ ਸਹੁੰ ਚੁੱਕਣ ਤੋਂ ਬਾਅਦ ਅੱਜ ਬਾਅਦ ਦੁਪਹਿਰ ਪੰਜਾਬ ਸਿਵਲ ਸਕੱਤਰੇਤ ਵਿਖੇ ਮੁੱਖ ਮੰਤਰੀ ਦਫ਼ਤਰ ਵਿੱਚ ਆਪਣੇ ਅਹੁਦੇ ਦਾ ਚਾਰਜ ਸੰਭਾਲ ਲਿਆ।
ਪੰਜਾਬ ਦੇ 28ਵੇਂ ਮੁੱਖ ਮੰਤਰੀ ਦੇ ਸਕੱਤਰੇਤ ਵਿੱਚ ਦਾਖ਼ਲ ਹੋਣ ਸਮੇਂ ਜਸ਼ਨ ਵਰਗਾ ਮਾਹੌਲ ਵੇਖਣ ਨੂੰ ਮਿਲਿਆ ਅਤੇ ਹਰ ਪਾਸੇ ਤੇ ਬਾਲਕੋਨੀ ਵਿੱਚ ਖੜ੍ਹੇ ਕਰਮਚਾਰੀਆਂ ਵੱਲੋਂ ਉਨ੍ਹਾਂ ਦਾ ਭਰਵਾਂ ਸਵਾਗਤ ਕੀਤਾ ਗਿਆ। ਮੁੱਖ ਮੰਤਰੀ ਨੇ ਸਿਵਲ ਸਕੱਤਰੇਤ ਵਿਖੇ ਪੰਜਾਬ ਪੁਲਿਸ ਦੀ 82ਵੀਂ ਬਟਾਲੀਅਨ ਵੱਲੋਂ ਗਾਰਡ ਆਫ਼ ਆਨਰ ਲਿਆ।
ਮੁੱਖ ਸਕੱਤਰ ਅਨਿਰੁਧ ਤਿਵਾੜੀ ਅਤੇ ਡੀਜੀਪੀ, ਪੰਜਾਬ ਵੀਕੇ ਭਾਵੜਾ ਸਮੇਤ ਸੀਨੀਅਰ ਆਈਏਐਸ ਅਧਿਕਾਰੀਆਂ ਨੇ ਮੁੱਖ ਮੰਤਰੀ ਦਾ ਗੁਲਦਸਤੇ ਭੇਟ ਕਰਕੇ ਸਵਾਗਤ ਕੀਤਾ।
ਆਪਣੇ ਅਹੁਦੇ ਦਾ ਚਾਰਜ ਸੰਭਾਲਣ ਤੋਂ ਤੁਰੰਤ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਮੌਕੇ ਹਾਜ਼ਰ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਇਕ ਛੋਟੇ ਪਰ ਸਪੱਸ਼ਟ ਸੰਦੇਸ਼ ਵਿਚ ਕਿਹਾ ਕਿ ਸੂਬੇ ਦੇ ਲੋਕਾਂ ਨੇ ਇਤਿਹਾਸਕ ਫ਼ਤਵਾ ਦਿੱਤਾ ਹੈ ਅਤੇ ਉਨ੍ਹਾਂ ਦੀ ਸਰਕਾਰ ਲੋਕ ਪੱਖੀ ਨੀਤੀਆਂ ਲਈ ਨਿਰੰਤਰ ਕੰਮ ਕਰੇਗੀ। ਮੁੱਖ ਮੰਤਰੀ ਨੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਲੋਕਾਂ ਦੇ ਜੀਵਨ ਪੱਧਰ ਦੀ ਬਿਹਤਰੀ ਲਈ ਮਿਲ ਕੇ ਕੰਮ ਕਰਨ ਦਾ ਭਰੋਸਾ ਵੀ ਦਿੱਤਾ।