ਨਵੀਂ ਦਿੱਲੀ, 24 ਮਾਰਚ 2022 – ਲਗਾਤਾਰ ਦੋ ਦਿਨ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧੇ ਤੋਂ ਬਾਅਦ ਹੁਣ ਦਿੱਲੀ-ਐਨਸੀਆਰ ਵਿੱਚ ਸੀਐਨਜੀ-ਪੀਐਨਜੀ ਗੈਸ ਦੀਆਂ ਕੀਮਤਾਂ ਵਿੱਚ ਵਾਧਾ ਕੀਤਾ ਗਿਆ ਹੈ। ਘਰੇਲੂ ਪੀਐਨਜੀ ਦੀ ਕੀਮਤ ਵਿੱਚ 1 ਰੁਪਏ ਪ੍ਰਤੀ ਕਿਲੋ ਦਾ ਵਾਧਾ ਕੀਤਾ ਗਿਆ ਹੈ, ਜਦੋਂ ਕਿ ਸੀਐਨਜੀ ਦੀ ਕੀਮਤ ਵਿੱਚ 50 ਪੈਸੇ ਪ੍ਰਤੀ ਕਿਲੋ ਦਾ ਵਾਧਾ ਕੀਤਾ ਗਿਆ ਹੈ। ਵਧੀਆਂ ਕੀਮਤਾਂ ਤੋਂ ਬਾਅਦ ਪੀਐਨਜੀ 37.61 ਰੁਪਏ ਅਤੇ ਸੀਐਨਜੀ 35.86 ਰੁਪਏ ਪ੍ਰਤੀ ਕਿਲੋਗ੍ਰਾਮ ਤੱਕ ਪਹੁੰਚ ਗਈ ਹੈ। ਨਵੀਆਂ ਕੀਮਤਾਂ ਅੱਜ ਤੋਂ ਲਾਗੂ ਹੋਣਗੀਆਂ।
ਮੰਗਲਵਾਰ ਅਤੇ ਬੁੱਧਵਾਰ ਨੂੰ ਦੇਸ਼ ਭਰ ‘ਚ ਲਗਾਤਾਰ ਦੋ ਦਿਨ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ‘ਚ ਵਾਧਾ ਕੀਤਾ ਗਿਆ ਸੀ। ਬੁੱਧਵਾਰ ਨੂੰ ਦਿੱਲੀ ‘ਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ‘ਚ 80 ਪੈਸੇ ਅਤੇ ਮੁੰਬਈ ‘ਚ 85 ਪੈਸੇ ਦਾ ਵਾਧਾ ਹੋਇਆ ਹੈ। ਇਸ ਵਾਧੇ ਤੋਂ ਬਾਅਦ ਅੰਡੇਮਾਨ ਨਿਕੋਬਾਰ ਦੇ ਪੋਰਟ ਬਲੇਅਰ ‘ਚ ਪੈਟਰੋਲ ਸਭ ਤੋਂ ਸਸਤਾ ਯਾਨੀ 84.30 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 78.52 ਰੁਪਏ ‘ਚ ਮਿਲ ਰਿਹਾ ਹੈ। ਇਸ ਦੇ ਨਾਲ ਹੀ ਮਹਾਰਾਸ਼ਟਰ ਦੇ ਪਰਭਨੀ ‘ਚ ਸਭ ਤੋਂ ਮਹਿੰਗਾ ਪੈਟਰੋਲ 114.80 ਰੁਪਏ ਅਤੇ ਡੀਜ਼ਲ 97.44 ਰੁਪਏ ਪ੍ਰਤੀ ਲੀਟਰ ‘ਤੇ ਵਿਕ ਰਿਹਾ ਹੈ।
ਮੰਗਲਵਾਰ ਨੂੰ ਡੀਜ਼ਲ-ਪੈਟਰੋਲ ਦੀਆਂ ਕੀਮਤਾਂ ‘ਚ 80 ਪੈਸੇ ਪ੍ਰਤੀ ਲੀਟਰ ਦੇ ਨਾਲ-ਨਾਲ ਘਰੇਲੂ ਗੈਸ ਸਿਲੰਡਰ ਦੀ ਕੀਮਤ ‘ਚ ਵੀ 50 ਰੁਪਏ ਦਾ ਵਾਧਾ ਕੀਤਾ ਗਿਆ। ਰੂਸ-ਯੂਕਰੇਨ ਯੁੱਧ ਕਾਰਨ ਕੌਮਾਂਤਰੀ ਬਾਜ਼ਾਰ ‘ਚ ਕੱਚੇ ਤੇਲ ਦੀਆਂ ਕੀਮਤਾਂ ਵਧਣ ਕਾਰਨ ਤੇਲ ਕੰਪਨੀਆਂ ‘ਤੇ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਧਾਉਣ ਦਾ ਦਬਾਅ ਹੈ। ਅਜਿਹੇ ‘ਚ ਆਉਣ ਵਾਲੇ ਦਿਨਾਂ ‘ਚ ਪੈਟਰੋਲ ਅਤੇ ਡੀਜ਼ਲ 20 ਰੁਪਏ ਤੱਕ ਮਹਿੰਗਾ ਹੋ ਸਕਦਾ ਹੈ।