ਚੰਡੀਗੜ੍ਹ, 25 ਮਾਰਚ 2022 – ਕਾਦੀਆਂ ਹਲਕੇ ਦੇ ਕਾਂਗਰਸੀ ਵਿਧਾਇਕ ਪ੍ਰਤਾਪ ਸਿੰਘ ਬਾਜਵਾ ਨੇ ਪੰਜਾਬ ਸਰਕਾਰ ਵਲੋਂ ਪੰਚਾਇਤੀ ਫੰਡ ਰੋਕਣ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਖਤ ਲਿਖਿਆ ਗਿਆ ਹੈ। ਬਾਜਵਾ ਨੇ ਮੰਗ ਕੀਤੀ ਕਿ ਪਿੰਡਾਂ ਦੇ ਵਿਕਾਸ ਲਈ ਜਾਰੀ ਫੰਡਾਂ ਨੂੰ ਰੋਕਿਆ ਨਾ ਜਾਵੇ ਅਤੇ ਵਿਕਾਸ ਕਾਰਜ ਜਾਰੀ ਰੱਖੇ ਜਾਣ। ਬਾਜਵਾ ਨੇ ਮੁੱਖ ਮੰਤਰੀ ਨੂੰ ਇਹ ਫੰਡ ਨਾ ਰੋਕਣ ਅਤੇ ਪਿਛਲੀ ਸਰਕਾਰ ਦੁਆਰਾ ਕੀਤੇ ਵਾਅਦੇ ਅਨੁਸਾਰ ਇਹਨਾਂ ਨੂੰ ਵੰਡਣ ਦੀ ਆਗਿਆ ਦੇਣ ਲਈ ਨਿਰਦੇਸ਼ ਦੇਣ ਦੀ ਅਪੀਲ ਕੀਤੀ ਹੈ।
ਬਾਜਵਾ ਨੇ ਲਿਖਿਆ ਹੈ ਕਿ ਪਤਾ ਲੱਗਿਆ ਹੈ ਕਿ ਪੰਜਾਬ ਸਰਕਾਰ ਵੱਲੋਂ 300 ਦੇ ਕਰੀਬ ਪੰਚਾਇਤਾਂ ਨੂੰ ਮਿਲਣ ਵਾਲੀਆਂ ਗਰਾਂਟਾਂ ਨੂੰ ਰੋਕ ਦਿੱਤਾ ਗਿਆ ਹੈ। ਰੋਕੀਆਂ ਗਈਆਂ 11 ਕਿਸਮਾਂ ਦੀਆਂ ਗਰਾਂਟਾਂ ਵਿੱਚ ਵਿਕਾਸ ਗਰਾਂਟ, ਪਸ਼ੂ ਮੇਲਾ ਗਰਾਂਟ, ਤਰਲ ਰਹਿਣ -ਖੂੰਹਦ ਪਬੰਧਨ ਲਈ ਗਰਾਂਟਾਂ, ਯਾਦਗਰੀ ਗੇਟਾਂ ਲਈ ਗਰਾਂਟਾਂ ਸ਼ਾਮਲ ਹਨ।
ਪ੍ਰਤਾਪ ਬਾਜਵਾ ਨੇ ਚਿੱਠੀ ਵਿੱਚ ਲਿਖਿਆ ਹੈ ਕਿ ਇਹ ਗਰਾਂਟਾਂ ਪਿੰਡਾਂ ਦੇ ਵਿਕਾਸ ਲਈ ਬਹੁਤ ਜ਼ਰੂਰੀ ਹਨ। ਰਾਸ਼ਟਰੀ ਸਵਰਾਜ ਅਭਿਆਨ ਜਾਂ ਪਿੰਡਾਂ ਵਿੱਚ ਕਮਿਊਨਿਟੀ ਸੈਂਟਰਾਂ ਦੀ ਉਸਾਰੀ ਅਧੀਨ ਵੀ ਗਰਾਂਟਾਂ ਰੋਕ ਦਿੱਤੀਆਂ ਗਈਆਂ ਹਨ। ਇਨ੍ਹਾਂ ਗਰਾਂਟਾਂ ਦੀ ਵੰਡ ਨੂੰ ਰੋਕਣ ਨਾਲ ਪੰਜਾਬ ਸਰਕਾਰ ਪਿੰਡਾਂ ਦੇ ਵਿਕਾਸ ‘ਤੇ ਮਾੜ੍ਹਾ ਪ੍ਰਭਾਵ ਪਾਵੇਗੀ ਤੇ ਇਸ ਤਰ੍ਹਾਂ ਪਿੰਡ ਦੇ ਲੋਕਾਂ ਨੂੰ ਨੁਕਸਾਨ ਪਹੁੰਚਾਏਗੀ। ਪ੍ਰਤਾਪ ਬਾਜਵਾ ਨੇ ਭਗਵੰਤ ਮਾਨ ਨੂੰ ਚਿੱਠੀ ਲਿਖ ਕੇ ਗ੍ਰਾਂਟ ਨੂੰ ਰੋਕਣ ਦਾ ਕਾਰਨ ਪੁੱਛਿਆ ਹੈ ਅਤੇ ਅਪੀਲ ਕੀਤੀ ਹੈ ਕੇ ਗਰਾਂਟਾਂ ਨੂੰ ਜਾਰੀ ਰੱਖਿਆ ਜਾਵੇ।