
ਲਹਿਰਾਗਾਗਾ, 5 ਅਪ੍ਰੈਲ, 2022: ਜ਼ਿਲ੍ਹਾ ਪੁਲਿਸ ਮੁਖੀ ਮਨਦੀਪ ਸਿੰਘ ਸਿੱਧੂ ਦੇ ਦਿਸ਼ਾ-ਨਿਰਦੇਸ਼ਾਂ ਹੇਠ ਡੀਐੱਸਪੀ ਮਨੋਜ ਗੋਰਸੀ ਦੀ ਅਗਵਾਈ ‘ਚ ਗਠਿਤ ਕੀਤੀ ਗਈ ਟੀਮ ਵੱਲੋਂ ਲਹਿਰਾਗਾਗਾ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਬਰਿੰਦਰ ਗੋਇਲ ਐਡਵੋਕੇਟ ਨੂੰ ਫੋਨ ‘ਤੇ ਗੋਲ਼ੀ ਮਾਰਨ ਦੀ ਧਮਕੀ ਦੇਣ ਵਾਲੇ ਵਿਅਕਤੀ ਨੂੰ ਕਾਬੂ ਕਰਨ ਵਿਚ ਸਫਲਤਾ ਹਾਸਲ ਕਰ ਲਈ ਹੈ।
ਡੀਐੱਸਪੀ ਮਨੋਜ ਗੋਰਸੀ ਨੇ ਦੱਸਿਆ ਕਿ ਵਿਧਾਇਕ ਨੂੰ ਧਮਕੀ ਦੇਣ ਦੇ ਮਾਮਲੇ ਨੂੰ ਪੁਲਿਸ ਵੱਲੋਂ ਪੂਰੀ ਸੰਜੀਦਗੀ ਨਾਲ ਲਿਆ ਗਿਆ ਤੇ ਤੁਰੰਤ ਐਕਸ਼ਨ ਲੈਂਦੇ ਹੋਏ ਫੋਨ ਕਰਨ ਵਾਲੇ ਵਿਅਕਤੀ ਨੂੰ ਬੀਤੀ ਰਾਤ ਸੰਗਰੂਰ ਤੋਂ ਕਾਬੂ ਕਰਨ ਵਿਚ ਸਫ਼ਲਤਾ ਹਾਸਲ ਕੀਤੀ ਗਈ ਹੈ। ਮੁਲਜ਼ਮ ਤੋਂ ਡੂੰਘਾਈ ਨਾਲ ਪੁੱਛਗਿੱਛ ਕੀਤੀ ਗਈ। ਉਨ੍ਹਾਂ ਦੱਸਿਆ ਕਿ ਮੁਲਜ਼ਮ ਦੀ ਪਛਾਣ ਰਿਤੇਸ਼ ਕੁਮਾਰ ਪੁੱਤਰ ਲੀਲਾ ਰਾਮ ਵਾਸੀ ਰਾਮਨਗਰ ਬਸਤੀ ਸੰਗਰੂਰ ਵਜੋਂ ਹੋਈ ਹੈ।
ਡੀਐੱਸਪੀ ਮਨੋਜ ਗੋਰਸੀ ਨੇ ਦੱਸਿਆ ਕਿ ਪੁੱਛਗਿੱਛ ਅਤੇ ਪੜਤਾਲ ਦੌਰਾਨ ਇਹ ਗੱਲ ਸਾਹਮਣੇ ਆਈ ਕਿ ਮੁਲਜ਼ਮ ਰੈਡੀਸਨ ਹੈਲਥ ਕੇਅਰ ਬਿਊਟੀ ਪ੍ਰੋਡਕਟ ਵੇਚਣ ਦਾ ਕੰਮ ਕਰਦਾ ਹੈ ਜੋ ਕਰੀਬ ਅੱਠ ਸਾਲ ਪਹਿਲਾਂ ਆਪਣੀ ਪਤਨੀ ਤੋਂ ਤਲਾਕ ਲੈ ਚੁੱਕਾ ਹੈ ਅਤੇ ਸੰਗਰੂਰ ਵਿਖੇ ਇਕੱਲਾ ਰਹਿੰਦਾ ਹੈ। ਦੋਸ਼ੀ ਪਾਸੋਂ ਹੋਰ ਡੂੰਘਾਈ ਨਾਲ ਪੁੱਛਗਿੱਛ ਜਾਰੀ ਹੈ। ਮਾਮਲੇ ਸਬੰਧੀ ਕਈ ਹੋਰ ਤੱਤ ਸਾਹਮਣੇ ਆਉਣ ‘ਤੇ ਜ਼ਾਬਤੇ ਅਨੁਸਾਰ ਅਗਲੀ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪੁਲਿਸ ਮੁਖੀ ਮਨਦੀਪ ਸਿੰਘ ਸਿੱਧੂ ਆਈਪੀਐੱਸ ਕਪਤਾਨ ਪੁਲਿਸ ਸੰਗਰੂਰ ਵੱਲੋਂ ਜਾਰੀ ਹਦਾਇਤਾਂ ਮੁਤਾਬਕ ਜ਼ਿਲ੍ਹਾ ਸੰਗਰੂਰ ਵਿਚ ਕਿਸੇ ਵੀ ਗੈਰ ਸਮਾਜਿਕ ਅਨਸਰ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਸ਼ਰਾਰਤੀ ਅਨਸਰਾਂ ਵਿਰੁੱਧ ਸਖ਼ਤ ਤੋਂ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਉਨ੍ਹਾਂ ਸਮਾਜ ਵਿਰੋਧੀ ਅਨਸਰਾਂ ਨੂੰ ਆਪਣੀਆਂ ਹਰਕਤਾਂ ਤੋਂ ਬਾਜ਼ ਆਉਣ ਦੀ ਚਿਤਾਵਨੀ ਵੀ ਦਿੱਤੀ।
