- ਅਸ਼ਵਨੀ ਸ਼ਰਮਾ ਨੇ ਪੰਜਾਬ ਵਿੱਚ ਫੈਲੀ ਅਰਾਜਕਤਾ ਅਤੇ ਦਿੱਲੀ ਦੇ ਮੁੱਖ ਮੰਤਰੀ ਵਲੋਂ ਪੰਜਾਬ ਦੇ ਅਧਿਕਾਰੀਆਂ ਦੀ ਬੁਲਾਈ ਮੀਟਿੰਗ ਬਾਰੇ ਰਾਜਪਾਲ ਨਾਲ ਕੀਤੀ ਮੁਲਾਕਾਤ।
ਚੰਡੀਗੜ੍ਹ, 15 ਅਪ੍ਰੈਲ 2022 – ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਇੱਕ ਮਹੀਨੇ ਵਿੱਚ ਹੀ 30 ਤੋਂ ਵੱਧ ਕਤਲ ਹੋਣ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵਲੋਂ ਪੰਜਾਬ ਦੇ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਦਿੱਲੀ ਬੁਲਾ ਕੇ ਉਹਨਾਂ ਨਾਲ ਪੰਜਾਬ ਦੇ ਮੁੱਦਿਆਂ ਨੂੰ ਲੈ ਕੇ ਮੀਟਿੰਗ ਕੀਤੇ ਜਾਣ ‘ਤੇ ਕਰੜਾ ਨੋਟਿਸ ਲੈਂਦੀਆਂ ਪੰਜਾਬ ਭਾਜਪਾ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਦੀ ਪ੍ਰਧਾਨਗੀ ਹੇਠ ਭਾਜਪਾ ਦੇ ਵਫ਼ਦ ਨੇ ਪੰਜਾਬ ਦੇ ਰਾਜਪਾਲ ਸ੍ਰੀ ਪੁਰਹਿਤ ਜੀ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਪੰਜਾਬ ਵਿੱਚ ਫੈਲੀ ਅਰਾਜਕਤਾ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਭਾਜਪਾ ਦੇ ਵਫ਼ਦ ਵਿੱਚ ਸੂਬਾ ਭਾਜਪਾ ਜਨਰਲ ਸਕੱਤਰ ਜੀਵਨ ਗੁਪਤਾ, ਡਾ: ਸੁਭਾਸ਼ ਸ਼ਰਮਾ, ਰਾਜੇਸ਼ ਬਾਗਾ ਅਤੇ ਦਿਆਲ ਸਿੰਘ ਸੋਢੀ ਆਦਿ ਸ਼ਾਮਲ ਸਨ।
ਅਸ਼ਵਨੀ ਸ਼ਰਮਾ ਨੇ ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਚੋਣਾਂ ਤੋਂ ਪਹਿਲਾਂ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਦੋਵੇਂ ਹੀ ਜਨਤਾ ਨੂੰ ਕਹਿੰਦੇ ਸਨ ਕਿ ਪੰਜਾਬ ਵਿੱਚ ਸਰਕਾਰ ਦਿੱਲੀ ਤੋਂ ਚਲਾਈ ਜਾ ਰਹੀ ਹੈ, ਪਰ ਜੇਕਰ ਪੰਜਾਬ ਦੇ ਲੋਕ ਆਮ ਆਦਮੀ ਦੀ ਸਰਕਾਰ ਬਣਾਉਂਦੇ ਹਨ ਤਾਂ ਪੰਜਾਬ ਦੀ ਸਰਕਾਰ ਪੰਜਾਬ ਤੋਂ ਚਲਾਈ ਜਾਵੇਗੀ। ਸ਼ਰਮਾ ਨੇ ਸਵਾਲ ਕੀਤਾ ਕਿ ਜਦੋਂ ਪੰਜਾਬ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਨੂੰ ਬਣਾਇਆ ਗਿਆ ਹੈ ਅਤੇ ਪੰਜਾਬ ਦੇ ਮੁੱਖ ਮੰਤਰੀ ਕੋਲ ਪੰਜਾਬ ਨਾਲ ਸਬੰਧਤ ਸਾਰੇ ਅਧਿਕਾਰੀਆਂ ਨਾਲ ਬੈਠਕ ਕਰਨ ਅਤੇ ਸਵਾਲ-ਜਵਾਬ ਕਰਨ ਦਾ ਅਧਿਕਾਰ ਹੈ ਤਾਂ ਅਰਵਿੰਦ ਕੇਜਰੀਵਾਲ ਨੂੰ ਪੰਜਾਬ ਦੇ ਅਧਿਕਾਰੀਆਂ ਨੂੰ ਦਿੱਲੀ ਵਿੱਚ ਮੀਟਿੰਗ ਲਈ ਸੱਦਣ ਦਾ ਹੁਕਮ ਕਿਸ ਨੇ, ਕਿਉਂ ਅਤੇ ਕਿੰਵੇਂ ਦਿੱਤਾ? ਉਨ੍ਹਾਂ ਕਿਹਾ ਕਿ ਕੇਜਰੀਵਾਲ ਨੇ ਇੱਕ ਮਹੀਨੇ ਵਿੱਚ ਸਾਬਤ ਕਰ ਦਿੱਤਾ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਪੰਗੂ ਹਨ ਅਤੇ ਭਗਵੰਤ ਮਾਨ ਕੇਜਰੀਵਾਲ ਦੀ ਕਠਪੁਤਲੀ ਹਨ।
ਅਸ਼ਵਨੀ ਸ਼ਰਮਾ ਨੇ ਕਿਹਾ ਕਿ ਕੇਜਰੀਵਾਲ ਅਤੇ ਭਗਵੰਤ ਮਾਨ ਦੋਵੇਂ ਹੀ ਜਨਤਾ ਨਾਲ ਕੀਤੇ ਵਾਅਦੇ ਪੂਰੇ ਕਰਨ ਤੋਂ ਪਿੱਛੇ ਹਟ ਗਏ ਹਨ। ਪੰਜਾਬ ਦੇ ਲੋਕ ਆਪਣੇ ਆਪ ਨੂੰ ਠੱਗਿਆ ਮਹਿਸੂਸ ਕਰ ਰਹੇ ਹਨ। ਹੁਣ ਕੇਜਰੀਵਾਲ ਅਤੇ ਭਗਵੰਤ ਮਾਨ ਦੋਵਾਂ ਦੀ ਜੋੜੀ ਨੇ ਪੰਜਾਬ ਦੀ ਉਦਾਹਰਨ ਦੇ ਕੇ ਦੂਜੇ ਚੋਣ ਸੂਬਿਆਂ ਵਿੱਚ ਜਾ ਕੇ ਕੂੜ ਪ੍ਰਚਾਰ ਕਰਨਾ ਸ਼ੁਰੂ ਕਰ ਦਿੱਤਾ ਹੈ। ਪਰ ਇੱਥੇ ਦੋਵਾਂ ਨੂੰ ਮੂੰਹ ਦੀ ਖਾਣੀ ਪਵੇਗੀ।