- ਡੀਜੀਪੀ ਦੀ ਕਾਰਜਸ਼ੈਲੀ ਅਤੇ ਸੂਬੇ ਵਿੱਚ ਫੈਲੀ ਅਰਾਜਕਤਾ ਨੂੰ ਲੈ ਕੇ ਅਸ਼ਵਨੀ ਸ਼ਰਮਾ ਨੇ ਅਮਿਤ ਸ਼ਾਹ ਨੂੰ ਲਿਖਿਆ ਪੱਤਰ
ਚੰਡੀਗੜ੍ਹ, 22 ਅਪ੍ਰੈਲ 2022 – ਪੰਜਾਬ ਵਿੱਚ ਫੈਲੀ ਅਰਾਜਕਤਾ, ਕਤਲਾਂ, ਲੁੱਟਾਂ-ਖੋਹਾਂ ਅਤੇ ਪੁਲਿਸ ਵੱਲੋਂ ਝੂਠੇ ਕੇਸ ਦਰਜ ਕੀਤੇ ਜਾਣ ਅਤੇ ਡੀ.ਜੀ.ਪੀ.ਪੰਜਾਬ ਵੱਲੋਂ ਆਪਣੀ ਡਿਊਟੀ ਨਿਭਾਉਣ ਵਿੱਚ ਨਾਕਾਮ ਰਹਿਣ ਅਤੇ ਮੁੱਖ ਮੰਤਰੀ ਪੰਜਾਬ ਦੀ ਕਠਪੁਤਲੀ ਬਣ ਕੇ ਕੰਮ ਕਰਨ ਨੂੰ ਲੈ ਕੇ ਭਾਰਤੀ ਜਨਤਾ ਪਾਰਟੀ ਪੰਜਾਬ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਚਿੱਠੀ ਲਿਖ ਕੇ ਇਸ ਸਾਰੇ ਘਟਨਾਕ੍ਰਮ ਦੀ ਜਾਣਕਾਰੀ ਦਿੱਤੀ ਹੈ।
ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਲਿਖੀ ਚਿੱਠੀ ਵਿੱਚ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਪੰਜਾਬ ਪੁਲੀਸ ਦਾ ਪੂਰੀ ਤਰ੍ਹਾਂ ਸਿਆਸੀਕਰਨ ਹੋ ਗਿਆ ਹੈ। ਪਿਛਲੇ ਇੱਕ ਮਹੀਨੇ ਤੋਂ ਪੰਜਾਬ ਵਿੱਚ ਅਮਨ-ਕਾਨੂੰਨ ਦੀ ਸਥਿਤੀ ਇੰਨੀ ਮਾੜੀ ਹੋ ਗਈ ਹੈ ਕਿ ਅਪਰਾਧੀਆਂ ਨੂੰ ਪੁਲਿਸ ਦਾ ਕੋਈ ਡਰ ਨਹੀਂ ਰਿਹਾ। ਕੌਮਾਂਤਰੀ ਕਬੱਡੀ ਖਿਡਾਰੀਆਂ ਸਮੇਤ ਅਪਰਾਧੀਆਂ ਵੱਲੋਂ ਦਿਨ-ਦਿਹਾੜੇ 30 ਤੋਂ ਵੱਧ ਲੋਕਾਂ ਦੇ ਕਤਲ ਕੀਤੇ ਜਾ ਚੁੱਕੇ ਹਨ। ਇੱਥੋਂ ਤੱਕ ਕਿ ਸਿਆਸੀ ਆਗੂਆਂ ‘ਤੇ ਵੀ ਸ਼ਰੇਆਮ ਅਪਰਾਧੀਆਂ ਵੱਲੋਂ ਹਮਲੇ ਕੀਤੇ ਜਾ ਰਹੇ ਹਨ। ਪੰਜਾਬ ਦੇ ਹਾਲਾਤ ਸੁਧਰਨ ਦੀ ਬਜਾਏ ਪੁਲਿਸ ਸਿਆਸੀ ਬਦਲਾਖੋਰੀ ਵਿੱਚ ਲੱਗੀ ਹੋਈ ਹੈ। ਪੰਜਾਬ ਪੁਲਿਸ ਵੱਲੋਂ ਭਾਜਪਾ ਆਗੂਆਂ ਤੇਜਿੰਦਰ ਬੱਗਾ, ਪ੍ਰੀਤੀ ਗਾਂਧੀ, ਨਵੀਨ ਜਿੰਦਲ ਅਤੇ ਕਾਂਗਰਸੀ ਆਗੂ ਅਲਕਾ ਲਾਂਬਾ ਅਤੇ ਕਵੀ ਕੁਮਾਰ ਵਿਸ਼ਵਾਸ ਖ਼ਿਲਾਫ਼ ਦਰਜ ਕੀਤੇ ਕੇਸ ਦਰਸਾਉਂਦੇ ਹਨ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਆਪਣੀ ਸਿਆਸੀ ਰੰਜਿਸ਼ ਨੂੰ ਕਢਣ ਲਈ ਪੁਲਿਸ ਦੀ ਵਰਤੋਂ ਕਰ ਰਹੇ ਹਨI
ਅਸ਼ਵਨੀ ਸ਼ਰਮਾ ਨੇ ਕਿਹਾ ਕਿ ਉਪਰੋਕਤ ਸਾਰੇ ਵਿਸ਼ਿਆਂ ‘ਤੇ ਭਾਰਤੀ ਜਨਤਾ ਪਾਰਟੀ ਪੰਜਾਬ ਦੇ ਵਫ਼ਦ ਵੱਲੋਂ ਡੀ.ਜੀ.ਪੀ.ਪੰਜਾਬ ਨੂੰ ਇਨ੍ਹਾਂ ਸਾਰੀਆਂ ਮਾਮਲਿਆਂ ਤੋਂ ਜਾਣੂ ਕਰਵਾਉਣ ਅਤੇ ਆਪਣਾ ਰੋਸ ਦਰਜ ਕਰਵਾਉਣ ਲਈ ਕਾਫੀ ਸਮੇਂ ਤੋਂ ਸਮਾਂ ਮੰਗਿਆ ਜਾ ਰਿਹਾ ਸੀ। ਆਖ਼ਰਕਾਰ ਸਮਾਂ ਦਿੱਤੇ ਜਾਣ ਦੇ ਬਾਵਜੂਦ ਵਫ਼ਦ ਨੂੰ ਪਹਿਲਾਂ 2 ਘੰਟੇ ਉਨ੍ਹਾਂ ਦੇ ਦਫ਼ਤਰ ਵਿੱਚ ਬੈਠਣ ਲਈ ਕਿਹਾ ਗਿਆ ਅਤੇ ਫਿਰ ਰੁਝੇਵਿਆਂ ਦਾ ਬਹਾਨਾ ਬਣਾ ਕੇ ਮਿਲਣ ਤੋਂ ਇਨਕਾਰ ਕਰ ਦਿੱਤਾ ਗਿਆ, ਜਦਕਿ ਇਸ ਦੌਰਾਨ ਉਹ ਹੋਰ ਲੋਕਾਂ ਨੂੰ ਮਿਲਦੇ ਰਹੇ। ਉਨ੍ਹਾਂ ਦਾ ਇਹ ਵਤੀਰਾ ਪੂਰੀ ਤਰ੍ਹਾਂ ਨਾਲ ਬੇਇਨਸਾਫ਼ੀ ਅਤੇ ਲੋਕਤੰਤਰ ਦੀ ਸ਼ਾਨ ਦੇ ਵਿਰੁੱਧ ਹੈ। ਇਸ ਤੋਂ ਸਾਫ਼ ਜ਼ਾਹਿਰ ਹੁੰਦਾ ਹੈ ਕਿ ਡੀਜੀਪੀ ਦਿੱਲੀ ਅਤੇ ਪੰਜਾਬ ਦੀਆਂ ਆਮ ਆਦਮੀ ਪਾਰਟੀ ਦੀਆਂ ਸਰਕਾਰਾਂ ਦੀ ਕਠਪੁਤਲੀ ਬਣ ਚੁੱਕੇ ਹਨ।
ਅਸ਼ਵਨੀ ਸ਼ਰਮਾ ਨੇ ਇਸ ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਰਾਸ਼ਟਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਇਸ ਮਾਮਲੇ ‘ਚ ਦਖਲ ਦੇਣ ਅਤੇ ਕਾਰਵਾਈ ਕਰਨ ਲਈ ਮੰਗ ਕੀਤੀ ਹੈ ਤਾਂ ਜੋ ਪੁਲਿਸ ਆਪਣੀ ਡਿਊਟੀ ਸਹੀ ਤਰੀਕੇ ਨਾਲ ਨਿਭਾਏ ਅਤੇ ਪੰਜਾਬ ‘ਚ ਅਰਾਜਕਤਾ ਅਤੇ ਅਪਰਾਧੀਆਂ ਦਾ ਮਾਹੌਲ ਖਤਮ ਕੀਤਾ ਜਾ ਸਕੇ।