- ਭਾਜਪਾ ਜਲਦ ਹੀ ਬਿਜਲੀ ਦੇ ਮੁੱਦੇ ‘ਤੇ ਪੰਜਾਬ ਸਰਕਾਰ ਖਿਲਾਫ ਸ਼ੁਰੂ ਕਰੇਗੀ ਸੰਘਰਸ਼: ਅਸ਼ਵਨੀ ਸ਼ਰਮਾ
ਚੰਡੀਗੜ੍ਹ, 23 ਅਪ੍ਰੈਲ 2022 – ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਪ੍ਰੈਸ ਕਾਨਫਰੰਸ ਦੌਰਾਨ ਕਿਹਾ ਕਿ ਪੰਜਾਬ ਦੀ ਭਗਵੰਤ ਮਾਨ ਸਰਕਾਰ ਵੱਲੋਂ ਬਿਜਲੀ ਦੇ ਮੁੱਦੇ ‘ਤੇ ਪੰਜਾਬ ਦੇ ਲੋਕਾਂ ਨਾਲ ਕੀਤੇ ਜਾ ਰਹੇ ਧੋਖੇ ਨੂੰ ਲੈ ਕੇ ਭਾਰਤੀ ਜਨਤਾ ਪਾਰਟੀ ਬਹੁਤ ਜਲਦ ਲੋਕਾਂ ਦੇ ਸਹਿਯੋਗ ਨਾਲ ਸੰਘਰਸ਼ ਦਾ ਬਿਗਲ ਵਜਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਬਿਜਲੀ ਦੇ ਮੁੱਦੇ ‘ਤੇ ਕਈ ਵਾਰ ਆਪਣੀ ਜ਼ੁਬਾਨ ਫਿਰ ਚੁੱਕੇ ਹਨ।
ਅਸ਼ਵਨੀ ਸ਼ਰਮਾ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਚੋਣਾਂ ਦੌਰਾਨ ਪੰਜਾਬ ਦੇ ਸਾਰੇ ਲੋਕਾਂ ਨੂੰ ਮੁਫਤ ਬਿਜਲੀ ਦੇਣ ਦੇ ਝੂਠੇ ਵਾਅਦੇ ਸਮੇਤ ਕਈ ਹੋਰ ਝੂਠੇ ਵਾਅਦੇ ਕਰਕੇ ਸੱਤਾ ‘ਤੇ ਕਬਜਾ ਕੀਤਾ। ਪਰ ਸੱਤਾ ਸੰਭਾਲਣ ਤੋਂ ਬਾਅਦ ਕੇਜਰੀਵਾਲ ਅਤੇ ਭਗਵੰਤ ਮਾਨ ਆਪਣੇ ਵਾਅਦਿਆਂ ਤੋਂ ਪਿੱਛੇ ਹਟ ਗਏ ਅਤੇ ਜਨਤਾ ਨੂੰ ਗੁੰਮਰਾਹ ਕਰਨਾ ਸ਼ੁਰੂ ਕਰ ਦਿੱਤਾ। ਦਿੱਲੀ ਵਿੱਚ ਕਿਸਾਨਾਂ ਦੇ ਧਰਨੇ ਦੌਰਾਨ ਕਿਸਾਨਾਂ ਦੀ ਸਭ ਤੋਂ ਵੱਡੀ ਹਿਤੈਸ਼ੀ ਹੋਣ ਦਾ ਦਾਅਵਾ ਕਰਨ ਵਾਲੀ ਆਮ ਆਦਮੀ ਪਾਰਟੀ ਨੇ ਹੁਣ ਪੰਜਾਬ ਵਿੱਚ ਕਿਸਾਨਾਂ ਨੂੰ ਸੰਮਨ ਭੇਜਣੇ ਸ਼ੁਰੂ ਕਰ ਦਿੱਤੇ ਹਨ। ਇਸ ਤੋਂ ਪਹਿਲਾਂ ਪੰਜਾਬ ਸਰਕਾਰ ਨੇ ਕਿਸਾਨਾਂ ‘ਤੇ ਲਾਠੀਚਾਰਜ ਕੀਤਾ ਸੀ, ਜੋ ਕਿ ਬਹੁਤ ਹੀ ਨਿੰਦਣਯੋਗ ਹੈ। ਇਸ ਨਾਲ ਆਮ ਆਦਮੀ ਪਾਰਟੀ ਦਾ ਦੋਗਲਾ ਚਿਹਰਾ ਨੰਗਾ ਹੋ ਗਿਆ ਹੈ। ਇਸ ਤੋਂ ਸਾਫ਼ ਹੋ ਗਿਆ ਹੈ ਕਿ ਆਮ ਆਦਮੀ ਪਾਰਟੀ ਨੂੰ ਪੰਜਾਬ ਦੇ ਲੋਕਾਂ ਜਾਂ ਕਿਸਾਨਾਂ ਨਾਲ ਕੋਈ ਲੈਣਾ-ਦੇਣਾ ਨਹੀਂ ਹੈ। ਆਮ ਆਦਮੀ ਪਾਰਟੀ ਦਾ ਮਕਸਦ ਸਿਰਫ ਪੰਜਾਬ ਦੀ ਸੱਤਾ ਹਾਸਿਲ ਕਰਨਾ ਸੀ।
ਅਸ਼ਵਨੀ ਸ਼ਰਮਾ ਨੇ ਕਿਹਾ ਕਿ ਪੰਜਾਬ ਦੇ ਮੌਜੂਦਾ ਹਾਲਾਤ ਬਦ ਤੋਂ ਬਦਤਰ ਹੋ ਗਏ ਹਨ। ਸੂਬੇ ਵਿੱਚ ਕਾਨੂੰਨ ਵਿਵਸਥਾ ਨਾਂ ਦੀ ਕੋਈ ਚੀਜ਼ ਨਹੀਂ ਹੈ। ਪਿਛਲੇ ਇੱਕ ਮਹੀਨੇ ਦੌਰਾਨ ਪੰਜਾਬ ਵਿੱਚ ਅਮਨ-ਕਾਨੂੰਨ ਦੀ ਸਥਿਤੀ ਇੰਨੀ ਮਾੜੀ ਹੋ ਚੁੱਕੀ ਹੈ ਕਿ ਅਪਰਾਧੀਆਂ ਵੱਲੋਂ ਦਿਨ-ਦਿਹਾੜੇ ਕੌਮਾਂਤਰੀ ਕਬੱਡੀ ਖਿਡਾਰੀਆਂ ਸਮੇਤ 30 ਤੋਂ ਵੱਧ ਕਤਲ ਕੀਤੇ ਜਾ ਚੁੱਕੇ ਹਨ। ਇੱਥੋਂ ਤੱਕ ਕਿ ਸਿਆਸੀ ਆਗੂਆਂ ‘ਤੇ ਵੀ ਸ਼ਰੇਆਮ ਅਪਰਾਧੀਆਂ ਵੱਲੋਂ ਹਮਲੇ ਕੀਤੇ ਜਾ ਰਹੇ ਹਨ। ਪੁਲੀਸ ਕਿਸੇ ਵੀ ਅਪਰਾਧੀ ਖ਼ਿਲਾਫ਼ ਕਾਰਵਾਈ ਕਰਨ ਦੀ ਥਾਂ ਮੂਕ ਦਰਸ਼ਕ ਬਣ ਕੇ ਤਮਾਸ਼ਾ ਦੇਖ ਰਹੀ ਹੈ। ਸ਼ਰਮਾ ਨੇ ਕਿਹਾ ਕਿ ਭਾਜਪਾ ਪੰਜਾਬ ਦੇ ਅਜਿਹੇ ਹਾਲਾਤਾਂ ਨੂੰ ਦੇਖ ਕੇ ਚੁੱਪ ਨਹੀਂ ਬੈਠੇਗੀ ਅਤੇ ਜਲਦ ਹੀ ਜਨਤਾ ਦੇ ਸਹਿਯੋਗ ਨਾਲ ਪੰਜਾਬ ਸਰਕਾਰ ਖਿਲਾਫ ਸੰਘਰਸ਼ ਵਿੱਢੇਗੀ।