- ਜੀਵਨ ਗੁਪਤਾ ਨੇ ਬਿਜਲੀ ਕੱਟਾਂ ਅਤੇ ਮੁਫ਼ਤ ਬਿਜਲੀ ਦੇ ਮੁੱਦੇ ‘ਤੇ ਭਗਵੰਤ ਮਾਨ ਸਰਕਾਰ ਨੂੰ ਘੇਰਿਆ
ਚੰਡੀਗੜ੍ਹ: 29 ਅਪ੍ਰੈਲ 2022 – ਪੰਜਾਬ ਭਾਜਪਾ ਦੇ ਸੂਬਾ ਜਨਰਲ ਸਕੱਤਰ ਜੀਵਨ ਗੁਪਤਾ ਨੇ ਪੰਜਾਬ ਵਿੱਚ ਰੋਜ਼ਾਨਾ 10 ਤੋਂ 12 ਘੰਟੇ ਦੇ ਬਿਜਲੀ ਕੱਟਾਂ ਨੂੰ ਲੈ ਕੇ ਭਗਵੰਤ ਮਾਨ ਸਰਕਾਰ ‘ਤੇ ਵਰ੍ਹਦਿਆਂ ਕਿਹਾ ਕਿ ਚੋਣਾਂ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਕੇਜਰੀਵਾਲ ਪੰਜਾਬ ਦੇ ਲੋਕਾਂ ਨੂੰ 24 ਘੰਟੇ ਨਿਰਵਿਘਨ ਬਿਜਲੀ ਸਪਲਾਈ ਦੇ ਨਾਲ 300 ਯੂਨਿਟ ਪ੍ਰਤੀ ਮਹੀਨਾ ਮੁਫਤ ਦੇਣ ਦੇ ਵੱਡੇ-ਵੱਡੇ ਵਾਦੇ ਕਰਦੇ ਨਹੀਂ ਥੱਕਦੇ ਸਨ। ਪਰ ਡੇਢ ਮਹੀਨੇ ਦੇ ਅੰਦਰ ਹੀ ਪੰਜਾਬ ਵਿੱਚ ਆਮ ਆਦਮੀ ਪਾਰਟੀ ਦਾ ਝੂਠ ਸਭ ਦੇ ਸਾਹਮਣੇ ਆ ਗਿਆ ਹੈ। ਮੁਫ਼ਤ ਬਿਜਲੀ ਦੇਣੀ ਤਾਂ ਦੂਰ, ਭਗਵੰਤ ਮਾਨ ਨੇ ਜਨਤਾ ਨੂੰ 24 ਘੰਟੇ ਬਿਜਲੀ ਦੇਣ ‘ਤੋਂ ਵੀ ਹੱਥ ਖੜ੍ਹੇ ਕਰ ਦਿੱਤੇ ਹਨ।
ਜੀਵਨ ਗੁਪਤਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪਿੰਡਾਂ ਵਿੱਚ 12 ਘੰਟੇ ਬਿਜਲੀ ਦੇ ਕੱਟ ਦਿੱਤੇ ਜਾ ਰਹੇ ਹਨ। ਪਿੰਡਾਂ ਦੇ ਕਿਸਾਨ ਤੇ ਲੋਕ ਬਹੁਤ ਪ੍ਰੇਸ਼ਾਨ ਹਨ। ਪਹਿਲਾਂ ਹੀ ਅਚਾਨਕ ਪਈ ਗਰਮੀ ਕਾਰਨ ਕਿਸਾਨਾਂ ਦੀਆਂ ਫਸਲਾਂ ਨੂੰ ਬਹੁਤ ਨੁਕਸਾਨ ਹੋਇਆ ਹੈ। ਹੁਣ ਕਿਸਾਨਾਂ ਦੀਆਂ ਸਬਜ਼ੀਆਂ ਅਤੇ ਹੋਰ ਫ਼ਸਲਾਂ ਪਾਣੀ ਤੋਂ ਬਿਨਾਂ ਸੁੱਕ ਰਹੀਆਂ ਹਨ। ਬਿਜਲੀ ਸਪਲਾਈ ਨੂੰ ਲੈ ਕੇ ਕਿਸਾਨ ਭਗਵੰਤ ਮਾਨ ਸਰਕਾਰ ਖਿਲਾਫ ਪ੍ਰਦਰਸ਼ਨ ਕਰ ਰਹੇ ਹਨ। ਪਰ ਭਗਵੰਤ ਮਾਨ ਅਤੇ ਕੇਜਰੀਵਾਲ ਦੋਵੇਂ ਹੀ ਗੁਆਂਢੀ ਸੂਬੇ ਹਿਮਾਚਲ ਪ੍ਰਦੇਸ਼ ਦਾ ਦੌਰਾ ਕਰ ਰਹੇ ਹਨ।
ਜੀਵਨ ਗੁਪਤਾ ਨੇ ਕਿਹਾ ਕਿ ਭਗਵੰਤ ਮਾਨ ਦੀ ਸਰਕਾਰ ਝੂਠੇ ਲੋਕਾਂ ਦੀ ਸਰਕਾਰ ਹੈ, ਕਿਉਂਕਿ ਇਨ੍ਹਾਂ ਨੇ ਡੇਢ ਮਹੀਨੇ ਵਿੱਚ ਹੀ ਆਪਣਾ ਰੰਗ ਵਿਖਾ ਦਿੱਤਾ ਹੈ। ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਪਹਿਲੀ ਕੈਬਨਿਟ ਮੀਟਿੰਗ ਵਿੱਚ ਹੀ ਪੰਜਾਬ ਦੇ ਹਰ ਵਰਗ ਨੂੰ 300 ਯੂਨਿਟ ਮੁਫਤ ਬਿਜਲੀ ਦੇਣ ਦਾ ਵਾਅਦਾ ਕੀਤਾ ਸੀ, ਪਰ ਭਗਵੰਤ ਮਾਨ ਨੇ ਪਹਿਲੀ ਅਪਰੈਲ ਨੂੰ ਹੀ ਪੰਜਾਬ ਵਿਧਾਨ ਸਭਾ ਦਾ ਇਜਲਾਸ ਬੁਲਾ ਕੇ ਪੰਜਾਬ ਦੇ ਲੋਕਾਂ ਨੂੰ ਮੂਰਖ ਬਣਾਇਆ ‘ਅਪ੍ਰੈਲ ਫੂਲ’ ਦਾ ਤੋਹਫਾ ਦੇ ਦਿੱਤਾI ਅੱਜ ਪੰਜਾਬ ਦੇ ਹਰ ਸ਼ਹਿਰ ਅਤੇ ਪਿੰਡ ਵਿੱਚ ਬਿਜਲੀ ਦੇ ਲੰਮੇ ਕੱਟ ਲੱਗ ਰਹੇ ਹਨ।
ਭਗਵੰਤ ਮਾਨ ਸਰਕਾਰ ਨੇ ਸੂਬੇ ਦੇ ਥਰਮਲ ਪਲਾਂਟਾਂ ਤੋਂ ਬਿਜਲੀ ਉਤਪਾਦਨ ਵੀ ਬੰਦ ਕਰ ਦਿੱਤਾ ਹੈ, ਕਿਉਂਕਿ ਪੰਜਾਬ ਸਰਕਾਰ ਕੋਲ ਕੋਲਾ ਖਰੀਦਣ ਲਈ ਪੈਸੇ ਨਹੀਂ ਹਨ। ਪੰਜਾਬ ਪਹਿਲਾਂ ਹੀ 3,00,000 ਕਰੋੜ ਦੇ ਕਰਜ਼ੇ ਹੇਠ ਦੱਬਿਆ ਹੋਇਆ ਹੈ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੀ ਸਰਕਾਰ ਬਣਦਿਆਂ ਹੀ 15 ਦਿਨਾਂ ਦੇ ਅੰਦਰ ਵੱਖ-ਵੱਖ ਵਿਆਜ ਦਰਾਂ ‘ਤੇ ਬਾਜ਼ਾਰ ਤੋਂ 3,500 ਕਰੋੜ ਰੁਪਏ ਹੋਰ ਕਰਜ਼ੇ ਲਏ ਹਨ। ਜਿਸ ਤਰੀਕੇ ਨਾਲ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਬਾਜ਼ਾਰ ਤੋਂ ਕਰਜ਼ਾ ਲਿਆ ਹੈ, ਉਸ ਤੋਂ ਲੱਗਦਾ ਹੈ ਕਿ ਬਹੁਤ ਜਲਦੀ ਪੰਜਾਬ ਕੰਗਾਲੀ ਦੀ ਕਗਾਰ ‘ਤੇ ਖੜ੍ਹਾ ਹੋ ਜਾਵੇਗਾ।