ਸ੍ਰੀ ਆਨੰਦਪੁਰ ਸਾਹਿਬ, 2 ਮਈ 2022 – ਸ੍ਰੀ ਆਨੰਦਪੁਰ ਸਾਹਿਬ ਦੇ ਇਤਿਹਾਸਕ ਕਿਲ੍ਹਾ ਅਨੰਦਗੜ੍ਹ ਸਾਹਿਬ ਤੋਂ ਪੁਲਿਸ ਨੇ 7 ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਵੱਡੀ ਮਾਤਰਾ ‘ਚ ਅਸਲਾ ਬਰਾਮਦ ਕੀਤਾ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਕਿਲ੍ਹੇ ਦੀ ਸਰਾਂ ਵਿਚੋਂ 6 ਵੱਡੇ ਹਥਿਆਰ ਬਰਾਮਦ ਹੋਣ ਦੀ ਸੂਚਨਾ ਮਿਲੀ ਹੈ।
ਇਨ੍ਹਾਂ ਵਿਚੋਂ ਦੋ ਨਾਲੀ ਬੰਦੂਕ 12 ਬੋਰ, 30 ਬੋਰ 315 ਬੋਰ ਆਦਿ ਦੇ ਹਥਿਆਰ ਸ਼ਾਮਲ ਹਨ। ਜਦੋਂ ਇਸ ਸੰਬੰਧੀ ਥਾਣਾ ਮੁਖੀ ਸਿਮਰਨਜੀਤ ਸਿੰਘ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਮੰਨਿਆ ਕਿ ਸੱਤ ਬੰਦਿਆਂ ਨੂੰ ਗ੍ਰਿਫ਼ਤਾਰ ਕਰਕੇ ਇਹ ਹਥਿਆਰ ਬਰਾਮਦ ਕੀਤੇ ਗਏ ਹਨ।ਨਾਲ ਹੀ ਉਨ੍ਹਾਂ ਦੱਸਿਆ ਕਿ ਇਨ੍ਹਾਂ ਹਥਿਆਰਾਂ ਵਿੱਚੋਂ ਲਾਇਸੈਂਸਧਾਰੀ ਹਥਿਆਰ ਹਨ ਜਿਨ੍ਹਾਂ ਦੀ ਜਾਂਚ ਪੜਤਾਲ ਕੀਤੀ ਜਾ ਰਹੀ ਹੈ। ਉਨ੍ਹਾਂ ਇਸ ਸਬੰਧੀ ਹੋਰ ਕੋਈ ਵੀ ਜਾਣਕਾਰੀ ਦੇਣ ਤੋਂ ਇਨਕਾਰ ਕਰਦਿਆਂ ਕਿਹਾ ਕਿ ਜਾਂਚ ਕਰਨ ਤੋਂ ਬਾਅਦ ਹੀ ਹੋਰ ਜਾਣਕਾਰੀ ਦਿੱਤੀ ਜਾ ਸਕਦੀ ਹੈ।
ਇੱਥੇ ਇਹ ਵੀ ਦੱਸਣਯੋਗ ਹੈ ਕਿ ਕਿਲ੍ਹਾ ਆਨੰਦਗੜ੍ਹ ਸਾਹਿਬ ਦੀ ਸਰਾਂ ਦਾ ਸਮੁੱਚਾ ਪ੍ਰਬੰਧ ਕਾਰ ਸੇਵਾ ਬਾਬਾ ਸੰਤ ਬਾਬਾ ਸੁੱਚਾ ਸਿੰਘ ਦੀ ਸਰਪ੍ਰਸਤੀ ਹੇਠ ਚੱਲਦਾ ਹੈ। ਇਸ ਸਬੰਧੀ ਜਦੋਂ ਸੰਤ ਬਾਬਾ ਸੁੱਚਾ ਸਿੰਘ ਦੇ ਫ਼ੋਨ ‘ਤੇ ਸੰਪਰਕ ਕੀਤਾ ਗਿਆ ਤਾਂ ਉਨ੍ਹਾਂ ਦੇ ਸੇਵਾਦਾਰ ਨੇ ਫੋਨ ਚੁੱਕਿਆ। ਜਦੋਂ ਉਨ੍ਹਾਂ ਨੂੰ ਘਟਨਾ ਬਾਰੇ ਗੱਲ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਬਾਬਾ ਜੀ ਅਜੇ ਪਾਠ ਕਰ ਰਹੇ ਹਨ ਇਸ ਲਈ ਅਜੇ ਉਨ੍ਹਾਂ ਨਾਲ ਗੱਲਬਾਤ ਨਹੀਂ ਕੀਤੀ ਜਾ ਸਕਦੀ।