ਹਰਮੀਤ ਸਿੰਘ ਕਾਲਕਾ ਵੱਲੋਂ ਉਠਾਏ ਸਵਾਲਾਂ ’ਤੇ ਸ਼੍ਰੋਮਣੀ ਕਮੇਟੀ ਦਾ ਤਿੱਖਾ ਪ੍ਰਤੀਕਰਮ

ਅੰਮ੍ਰਿਤਸਰ, 04 ਮਈ 2022 – ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ਸ. ਹਰਮੀਤ ਸਿੰਘ ਕਾਲਕਾ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ’ਤੇ ਉਠਾਏ ਗਏ ਸਵਾਲਾਂ ਉੱਤੇ ਪ੍ਰਤੀਕਰਮ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਮੀਡੀਆ ਸ. ਕੁਲਵਿੰਦਰ ਸਿੰਘ ਰਮਦਾਸ ਨੇ ਕਿਹਾ ਕਿ ਕਾਲਕਾ ਰਾਜਸੀ ਬਿਆਨਬਾਜ਼ੀ ਕਰ ਰਹੇ ਹਨ, ਜਦਕਿ ਸੱਚਾਈ ਇਹ ਹੈ ਕਿ ਸ਼੍ਰੋਮਣੀ ਕਮੇਟੀ ਵੱਲੋਂ ਇਕੱਲਾ ਦਿੱਲੀ ਹੀ ਨਹੀਂ ਸਗੋਂ ਦੇਸ਼ ਦੇ 13 ਸੂਬਿਆਂ ਵਿਚ ਸਿੱਖ ਮਿਸ਼ਨਾਂ ਰਾਹੀਂ ਧਰਮ ਪ੍ਰਚਾਰ ਦੇ ਕਾਰਜ ਕੀਤੇ ਜਾ ਰਹੇ ਹਨ।

ਇਨ੍ਹਾਂ ਸਾਰੇ ਮਿਸ਼ਨਾਂ ਵਿਚ ਤਾਇਨਾਤ ਪ੍ਰਚਾਰਕ ਜਥੇ ਸੂਬਿਆਂ ’ਚ ਸੰਗਤਾਂ ਦੀਆਂ ਭਾਵਨਾਵਾਂ ਅਨੁਸਾਰ ਧਰਮ ਪ੍ਰਚਾਰ ਦੇ ਪ੍ਰੋਗਰਾਮ ਉਲੀਕਦੇ ਹਨ ਅਤੇ ਇਸੇ ਤਹਿਤ ਹੀ ਦਿੱਲੀ ਵਿਚ ਵੀ ਕਾਰਜ ਜਾਰੀ ਹਨ। ਸ. ਰਮਦਾਸ ਨੇ ਕਿਹਾ ਕਿ ਦਿੱਲੀ ਸਿੱਖ ਮਿਸ਼ਨ ਅੱਜ ਨਹੀਂ ਬਲਕਿ ਪਿਛਲੇ ਲੰਮੇ ਅਰਸੇ ਤੋਂ ਕਾਰਜਸ਼ੀਲ ਹੈ ਅਤੇ ਆਪਣੀ ਸਥਾਪਨਾ ਦੇ ਸਮੇਂ ਤੋਂ ਲੈ ਕੇ ਦਿੱਲੀ ਖੇਤਰ ਵਿਚ ਧਰਮ ਪ੍ਰਚਾਰ ਦੀ ਸਰਗਰਮ ਭੂਮਿਕਾ ਨਿਭਾਅ ਰਿਹਾ ਹੈ। ਉਨ੍ਹਾਂ ਕਾਲਕਾ ਨੂੰ ਸਵਾਲ ਕੀਤਾ ਕਿ ਸਿੱਖੀ ਪ੍ਰਚਾਰ ਕਰਨਾ ਅਤੇ ਸੰਗਤਾਂ ਨੂੰ ਗੁਰੂ ਘਰਾਂ ਦੇ ਦਰਸ਼ਨ ਕਰਵਾਉਣੇ ਕੋਈ ਗੁਨਾਹ ਹੈ। ਸ਼੍ਰੋਮਣੀ ਕਮੇਟੀ ਅਧਿਕਾਰੀ ਨੇ ਕਿਹਾ ਕਿ ਦਿੱਲੀ ਸਮੇਤ ਦੇਸ਼ ਦੇ ਵੱਖ-ਵੱਖ ਸੂਬਿਆਂ ਵਿਚ ਧਰਮ ਪ੍ਰਚਾਰ ਕਰਨਾ ਸ਼੍ਰੋਮਣੀ ਕਮੇਟੀ ਦੇ ਜ਼ੁੰਮੇਵਾਰੀ ਹੈ, ਜਿਸ ਨੂੰ ਨਿਰੰਤਰ ਜਾਰੀ ਰੱਖਿਆ ਜਾ ਰਿਹਾ ਹੈ।

ਕਾਲਕਾ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ 400 ਸਾਲਾ ਪ੍ਰਕਾਸ਼ ਪੁਰਬ ਮੌਕੇ ਦਿੱਲੀ ਵਿਖੇ ਲਾਲ ਕਿਲ੍ਹੇ ’ਤੇ ਕਰਵਾਏ ਗਏ ਸਮਾਗਮ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਦੇ ਸ਼ਾਮਲ ਨਾ ਹੋਣ ਸਬੰਧੀ ਸ. ਰਮਦਾਸ ਨੇ ਕਿਹਾ ਕਿ ਉਸ ਦਿਨ ਸ੍ਰੀ ਅੰਮ੍ਰਿਤਸਰ ਵਿਖੇ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪ੍ਰਕਾਸ਼ ਅਸਥਾਨ ਵਿਖੇ ਸ਼੍ਰੋਮਣੀ ਕਮੇਟੀ ਵੱਲੋਂ ਪਹਿਲਾਂ ਉਲੀਕਿਆ ਗਿਆ ਸਮਾਗਮ ਕੀਤਾ ਜਾਣਾ ਸੀ, ਜਿਸ ਕਾਰਨ ਪ੍ਰਧਾਨ ਸ਼੍ਰੋਮਣੀ ਕਮੇਟੀ ਦਾ ਦਿੱਲੀ ਜਾਣਾ ਸੰਭਵ ਨਹੀਂ ਸੀ। ਉਨ੍ਹਾਂ ਕਿਹਾ ਕਿ ਸ. ਕਾਲਕਾ ਵੱਡੀ ਪੰਥਕ ਸੰਸਥਾ ਸ਼੍ਰੋਮਣੀ ਕਮੇਟੀ ਦੀ ਵਿਰੋਧਤਾ ਕਰਨ ਦੀ ਥਾਂ ਦਿੱਲੀ ’ਚ ਸਿੱਖੀ ਪ੍ਰਚਾਰ ਲਈ ਸ਼੍ਰੋਮਣੀ ਕਮੇਟੀ ਵੱਲੋਂ ਆਰੰਭੀਆਂ ਗਤੀਵਿਧੀਆਂ ਵਿਚ ਸਹਿਯੋਗੀ ਬਣਨ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

81 IAS-PPS ਅਫਸਰਾਂ ਦੇ ਤਬਾਦਲੇ

ਟਾਟਾ ਟੈਕਨਾਲੋਜਿਜ਼ ਵੱਲੋਂ ਪੰਜਾਬ ਵਿੱਚ ਇਲੈਕਟ੍ਰੀਕਲ ਵਾਹਨਾਂ ਦਾ ਉਤਪਾਦਨ ਕੇਂਦਰ ਸਥਾਪਤ ਕਰਨ ਦੀ ਪੇਸ਼ਕਸ਼