ਸ੍ਰੀ ਅਨੰਦਪੁਰ ਸਾਹਿਬ (ਰੂਪਨਗਰ), 11 ਮਈ 2022 – ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਗੁਰਬਚਨ ਸਿੰਘ ਵੱਲੋਂ ਸਿੱਖਾਂ ਨੂੰ ਚਾਰ ਬੱਚੇ ਪੈਦਾ ਕਰਨ ਦੀ ਅਪੀਲ ਨੂੰ ਲੈ ਕੇ ਵਿਵਾਦ ਖੜ੍ਹਾ ਹੋ ਗਿਆ ਸੀ, ਪਰ ਮੰਗਲਵਾਰ ਨੂੰ ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਜਥੇਦਾਰ ਦੇ ਬਿਆਨ ਦਾ ਸਮਰਥਨ ਕੀਤਾ। ਉਨ੍ਹਾਂ ਕਿਹਾ ਕਿ ਸਾਬਕਾ ਜਥੇਦਾਰ ਵੱਲੋਂ ਚਾਰ ਬੱਚੇ ਪੈਦਾ ਕਰਨ ਦੀ ਅਪੀਲ ਨੂੰ ਪ੍ਰਵਾਨ ਕਰਨ ਵਿੱਚ ਕੋਈ ਹਰਜ਼ ਨਹੀਂ ਹੈ। ਸ੍ਰੀ ਆਨੰਦਪੁਰ ਸਾਹਿਬ ਵਿੱਚ ਧਾਮੀ ਨੇ ਕਿਹਾ ਕਿ ਸਿੱਖਾਂ ਦੀ ਗਿਣਤੀ ਦਿਨੋਂ ਦਿਨ ਘਟਦੀ ਜਾ ਰਹੀ ਹੈ। ਇਸ ਦਾ ਸਾਧਾਰਨ ਕਾਰਨ ਇਹ ਹੈ ਕਿ ਇੱਕ ਜਾਂ ਦੋ ਬੱਚੇ ਪੈਦਾ ਕਰਨ ਦੀ ਪਰੰਪਰਾ ਪੰਜਾਬੀਆਂ, ਖਾਸ ਕਰਕੇ ਸਿੱਖਾਂ ਨੇ ਪ੍ਰਵਾਨ ਕੀਤੀ ਸੀ। ਉਨ੍ਹਾਂ ਕਿਹਾ ਕਿ ਸਿੱਖਾਂ ਦੀ ਘਟਦੀ ਗਿਣਤੀ ਚਿੰਤਾ ਦਾ ਵਿਸ਼ਾ ਹੈ।
ਇੱਕ ਅੰਦਾਜ਼ੇ ਅਨੁਸਾਰ ਦੁਨੀਆਂ ਭਰ ਵਿੱਚ ਸਿੱਖਾਂ ਦੀ ਆਬਾਦੀ ਸਿਰਫ਼ 35 ਮਿਲੀਅਨ ਹੈ। ਇਨ੍ਹਾਂ ਵਿੱਚੋਂ ਭਾਰਤ ਵਿੱਚ ਸਭ ਤੋਂ ਵੱਧ 25 ਮਿਲੀਅਨ ਦੇ ਕਰੀਬ ਹਨ, ਜਿਨ੍ਹਾਂ ਵਿੱਚੋਂ ਸਭ ਤੋਂ ਵੱਧ ਗਿਣਤੀ ਪੰਜਾਬ ਵਿੱਚ ਹੀ ਹੈ। ਇਸ ਤੋਂ ਇਲਾਵਾ ਹਰਿਆਣਾ, ਹਿਮਾਚਲ ਪ੍ਰਦੇਸ਼, ਜੰਮੂ-ਕਸ਼ਮੀਰ, ਉੱਤਰ ਪ੍ਰਦੇਸ਼ ਸਮੇਤ ਵੱਖ-ਵੱਖ ਰਾਜਾਂ ਵਿਚ ਕਾਫੀ ਗਿਣਤੀ ਵਿਚ ਵਸਦੇ ਹਨ।
ਇਹ ਪਹਿਲੀ ਵਾਰ ਹੈ ਕਿ ਕਿਸੇ ਸਿੱਖ ਧਾਰਮਿਕ ਆਗੂ ਵੱਲੋਂ ਚਾਰ ਬੱਚੇ ਹੋਣ ਦਾ ਬਿਆਨ ਆਇਆ ਹੈ। ਹਾਲਾਂਕਿ, ਹਿੰਦੂ ਧਾਰਮਿਕ ਨੇਤਾਵਾਂ ਅਤੇ ਭਾਜਪਾ ਦੇ ਕੁਝ ਨੇਤਾਵਾਂ ਦੇ ਅਜਿਹੇ ਬਿਆਨ ਪਿਛਲੇ ਸਮੇਂ ਵਿੱਚ ਵੀ ਵਿਵਾਦਾਂ ਵਿੱਚ ਰਹੇ ਹਨ।