ਚੰਡੀਗੜ੍ਹ, 13 ਮਈ 2022 – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਪੰਜਾਬੀ ਗਾਇਕਾਂ ਵੱਲੋਂ ਗਏ ਜਾ ਰਹੇ ਬੰਦੂਕ ਕਲਚਰ ਅਤੇ ਗੈਂਗਸਟਰ ਗੀਤਾਂ ਨੂੰ ਲੈ ਕੇ ਸਖਤ ਹੋ ਗਏ ਹਨ। ਮਾਨ ਨੇ ਪੰਜਾਬੀ ਗਾਇਕਾਂ ਨੂੰ ਚੇਤਾਵਨੀ ਦਿੱਤੀ ਹੈ ਕੇ ਬੰਦੂਕ ਸੱਭਿਆਚਾਰ ਅਤੇ ਗੈਂਗਸਟਰਵਾਦ ਨੂੰ ਉਤਸ਼ਾਹਿਤ ਕਰਨ ਵਾਲੇ ਗੀਤ ਬੰਦ ਕਰੋ। ਜੇਕਰ ਅਜਿਹਾ ਨਾ ਕੀਤਾ ਗਿਆ ਤਾਂ ਸਰਕਾਰ ਸਖ਼ਤ ਕਾਰਵਾਈ ਕਰੇਗੀ। ਫਿਲਹਾਲ ਇਹ ਅਪੀਲ ਹੈ, ਪਰ ਜੇਕਰ ਭਵਿੱਖ ‘ਚ ਅਜਿਹੇ ਗੀਤ ਆਉਂਦੇ ਹਨ ਤਾਂ ਸਰਕਾਰ ਉਨ੍ਹਾਂ ਨੂੰ ਨਹੀਂ ਬਖਸ਼ੇਗੀ। ਵੀਰਵਾਰ ਨੂੰ ਹੋਈ ਮੀਟਿੰਗ ਵਿੱਚ ਸੀਐਮ ਮਾਨ ਨੇ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਦੇ ਐਸਐਸਪੀ, ਪੁਲਿਸ ਕਮਿਸ਼ਨਰ ਅਤੇ ਡਿਪਟੀ ਕਮਿਸ਼ਨਰਾਂ ਨੂੰ ਇਸ ‘ਤੇ ਨਜ਼ਰ ਰੱਖਣ ਲਈ ਕਿਹਾ ਹੈ।
ਸੀਐਮ ਭਗਵੰਤ ਮਾਨ ਨੇ ਕਿਹਾ ਕਿ ਗਾਇਕਾਂ ਨੂੰ ਗੀਤਾਂ ਰਾਹੀਂ ਹਿੰਸਾ ਫੈਲਾਉਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਉਸ ਦੇ ਗੀਤਾਂ ਤੋਂ ਜਲਦੀ ਪ੍ਰਭਾਵਿਤ ਹੋਣ ਵਾਲੇ ਬੱਚੇ ਵਿਗੜ ਜਾਂਦੇ ਹਨ। ਗੀਤਾਂ ਵਿੱਚ ਪੰਜਾਬ ਦੀ ਅਮੀਰ ਸੱਭਿਆਚਾਰਕ ਵਿਰਾਸਤ ਨੂੰ ਪ੍ਰਦਰਸ਼ਿਤ ਕਰੋ। ਉਨ੍ਹਾਂ ਕਿਹਾ ਕਿ ਪੰਜਾਬੀ ਗਾਇਕਾਂ ਨੂੰ ਇਸ ਰੁਝਾਨ ਨੂੰ ਤੁਰੰਤ ਬੰਦ ਕਰਨਾ ਚਾਹੀਦਾ ਹੈ।
ਸੀਐਮ ਮਾਨ ਨੇ ਕਿਹਾ ਕਿ ਪੰਜਾਬੀ ਗਾਇਕਾਂ ਨੂੰ ਆਪਣੇ ਗੀਤਾਂ ਵਿੱਚ ਸਮਾਜ ਵਿਰੋਧੀਆਂ ਦੀ ਵਡਿਆਈ ਨਹੀਂ ਕਰਨੀ ਚਾਹੀਦੀ। ਇਸ ਨਾਲ ਸਮਾਜ ਵਿੱਚ ਹਿੰਸਾ, ਨਫ਼ਰਤ ਅਤੇ ਦੁਸ਼ਮਣੀ ਭੜਕ ਰਹੀ ਹੈ। ਇਸ ਦੀ ਬਜਾਏ ਗਾਇਕਾਂ ਨੂੰ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਦੀਆਂ ਕਦਰਾਂ-ਕੀਮਤਾਂ ‘ਤੇ ਚੱਲਦੇ ਹੋਏ ਭਾਈਚਾਰਕ ਸਾਂਝ, ਸ਼ਾਂਤੀ ਅਤੇ ਸਦਭਾਵਨਾ ਨੂੰ ਮਜ਼ਬੂਤ ਕਰਨ ਵਾਲੇ ਗੀਤ ਗਾਉਣੇ ਚਾਹੀਦੇ ਹਨ।