ਚੰਡੀਗੜ੍ਹ, 18 ਮਈ 2022 – ਜੂਨ ਦੇ ਪਹਿਲੇ ਹਫ਼ਤੇ ‘ਸਾਕਾ ਨੀਲਾ ਤਾਰਾ’ ਦੀ ਬਰਸੀ ਦੇ ਮੱਦੇਨਜ਼ਰ ਪੰਜਾਬ ਸਰਕਾਰ ਦੀ ਬੇਨਤੀ ‘ਤੇ ਕੇਂਦਰੀ ਗ੍ਰਹਿ ਮੰਤਰਾਲੇ ਨੇ ਸੂਬੇ ਵਿੱਚ ਵਾਧੂ ਫੋਰਸ ਤਾਇਨਾਤ ਕਰਨ ਦੀ ਮਨਜ਼ੂਰੀ ਦੇ ਦਿੱਤੀ ਹੈ। ਆਉਣ ਵਾਲੇ ਦਿਨਾਂ ਵਿੱਚ ਸੁਰੱਖਿਆ ਲਈ ਅਰਧ ਸੈਨਿਕ ਬਲਾਂ ਦੀਆਂ 10 ਕੰਪਨੀਆਂ ਛੇਤੀ ਹੀ ਸੂਬੇ ਵਿੱਚ ਤਾਇਨਾਤ ਕਰ ਦਿੱਤੀਆਂ ਜਾਣਗੀਆਂ। ਸੂਬਾ ਪੁਲਿਸ ਵਿੱਚ ਕਰੀਬ 80,000 ਜਵਾਨ ਹਨ ਅਤੇ ਸੁਰੱਖਿਆ ਲਈ 10 ਕੰਪਨੀਆਂ ਦੇ ਲਗਭਗ 1,000 ਜਵਾਨ ਵੀ ਤਾਇਨਾਤ ਕੀਤੇ ਜਾਣਗੇ। ਪੰਜਾਬ ਦੇ ਡੀਜੀਪੀ ਵੀਕੇ ਭਾਵਰਾ ਨੇ ਕਿਹਾ ਹੈ ਕਿ ਜੂਨ ਦੇ ਪਹਿਲੇ ਹਫ਼ਤੇ ਸਾਕਾ ਨੀਲਾ ਤਾਰਾ ਦੀ ਬਰਸੀ ਦੇ ਮੱਦੇਨਜ਼ਰ ਵਾਧੂ ਸੁਰੱਖਿਆ ਦੀ ਲੋੜ ਹੈ।
ਹਾਲ ਹੀ ਵਿੱਚ ਮੋਹਾਲੀ ਵਿੱਚ ਆਰਪੀਜੀ ਹਮਲੇ ਹੋਏ ਸਨ। ਇਸ ਲਈ ਰਾਜ ਵਿੱਚ ਸਥਿਤ ਰੱਖਿਆ ਅਤੇ ਪੁਲਿਸ ਅਦਾਰਿਆਂ ਦੀ ਸੁਰੱਖਿਆ ਵਿਵਸਥਾ ਵਧਾਈ ਗਈ ਸੀ। ਡੀਜੀਪੀ ਨੇ ਜ਼ੋਰ ਦੇ ਕੇ ਕਿਹਾ ਹੈ ਕਿ ਇਸ ਸਬੰਧ ਵਿੱਚ ਗ੍ਰਹਿ ਮੰਤਰਾਲੇ ਤੋਂ ਵਾਧੂ ਸੁਰੱਖਿਆ ਬਲਾਂ ਦੀ ਮੰਗ ਨਹੀਂ ਕੀਤੀ ਗਈ ਹੈ। ਉਨ੍ਹਾਂ ਅੱਗੇ ਕਿਹਾ ਕਿ ਆਮ ਤੌਰ ‘ਤੇ ਘੱਲੂਘਾਰਾ ਹਫ਼ਤੇ ਦੌਰਾਨ ਜੂਨ ਵਿੱਚ ਕਿਸੇ ਵੀ ਅਣਸੁਖਾਵੀਂ ਘਟਨਾ ਤੋਂ ਬਚਣ ਲਈ ਵਾਧੂ ਫੋਰਸ ਦੀ ਲੋੜ ਹੁੰਦੀ ਹੈ।
ਦੂਜੇ ਪਾਸੇ ਪੰਜਾਬ ਲੋਕ ਕਾਂਗਰਸ ਦੇ ਆਗੂ ਅਤੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਪੰਜਾਬ ਸਰਹੱਦ ਪਾਰ ਤੋਂ ਗੰਭੀਰ ਸੁਰੱਖਿਆ ਖਤਰਿਆਂ ਦਾ ਸਾਹਮਣਾ ਕਰ ਰਿਹਾ ਹੈ। ਉਨ੍ਹਾਂ ਕਿਹਾ, ‘ਹੁਣ ਤੱਕ ‘ਆਪ’ ਸਰਕਾਰ, ਖਾਸ ਤੌਰ ‘ਤੇ ਪਾਰਟੀ ਮੁਖੀ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਸੁਰੱਖਿਆ ਨੂੰ ਲੈ ਕੇ ਹਰ ਚੀਜ਼ ਤੋਂ ਲਗਾਤਾਰ ਇਨਕਾਰ ਕਰਦੇ ਆਏ ਹਨ। ਹੁਣ ਉਨ੍ਹਾਂ ਨੂੰ ਖ਼ਤਰੇ ਦੀ ਤੀਬਰਤਾ ਦਾ ਅਹਿਸਾਸ ਹੋ ਗਿਆ ਹੈ ਅਤੇ ਉਨ੍ਹਾਂ ਨੇ ਕੇਂਦਰ ਨੂੰ ਵਾਧੂ ਬਲਾਂ ਦੀ ਬੇਨਤੀ ਕੀਤੀ ਹੈ।
ਇਸ ਦੇ ਨਾਲ ਹੀ ਕੈਪਟਨ ਅਮਰਿੰਦਰ ਸਿੰਘ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਦੇਸ਼ ਦੀ ਬਿਹਤਰੀਨ ਪੁਲਿਸ ਫੋਰਸ ‘ਤੇ ਭਰੋਸਾ ਰੱਖਣ ਦੀ ਸਲਾਹ ਦਿੱਤੀ ਹੈ। ਉਧਰ, ਪੰਜਾਬ ਦੇ ਡੀਜੀਪੀ ਕਹਿ ਰਹੇ ਹਨ ਕਿ ਕੰਪਨੀਆਂ ਨੇ ਕੇਂਦਰ ਨੂੰ ਆਪ੍ਰੇਸ਼ਨ ਬਲੂ ਸਟਾਰ ਦੀ ਬਰਸੀ ਮੌਕੇ ਸੁਰੱਖਿਆ ਪ੍ਰਬੰਧ ਕਰਨ ਲਈ ਕਿਹਾ ਹੈ।