ਅੰਮ੍ਰਿਤਸਰ, 20 ਮਈ 2022 – ਹਰਿਆਣਾ ਕਮੇਟੀ ਦੇ ਪ੍ਰਧਾਨ ਜਥੇਦਾਰ ਦਾਦੂਵਾਲ ਨੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਧਾਮੀ ਨੂੰ ਇੱਕ ਪੱਤਰ ਲਿਖਿਆ ਹੈ। ਜਿਸ ‘ਚ ਉਨ੍ਹਾਂ ਵੱਲੋਂ ਮੰਗ ਕੀਤੀ ਗਈ ਹੈ ਕਿ ਜਿਹੜੀ ਸਿੱਖ ਬੰਦੀਆਂ ਦੀ ਰਿਹਾਈ ਲਈ ਕਮੇਟੀ ਬਣਾਈ ਗਈ ਹੈ ਉਸ ਵਿੱਚੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਬਾਹਰ ਕੀਤਾ ਜਾਵੇ। ਦਾਦੂਵਾਲ ਨੇ ਆਪਣੇ ਪੱਤਰ ‘ਚ ਲਿਖਿਆ ਹੈ ਕਿ ਸੁਖਬੀਰ ਬਾਦਲ ਇੱਕ ਸਿਆਸੀ ਪਾਰਟੀ ਨਾਲ ਸਬੰਧ ਰੱਖਦੇ ਹਨ ਅਤੇ ਉਹ ਕਿਸੇ ਵੀ ਤਰ੍ਹਾਂ ਨਾਲ ਇਸ ਕਮੇਟੀ ਦਾ ਸਿਆਸੀ ਲਾਹਾ ਨਾ ਲੈ ਸਕਣ ਇਸ ਲਈ ਉਨ੍ਹਾਂ ਨੂੰ ਇਸ ਕਮੇਟੀ ਚੋਂ ਬਾਹਰ ਕੀਤਾ ਜਾਣਾ ਚਾਹੀਦਾ ਹੈ।
ਜ਼ਿਕਰਯੋਗ ਹੈ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ ਅਨੁਸਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ 9 ਮੈਂਬਰੀ ਕਮੇਟੀ ਬਣਾਈ ਗਈ ਹੈ।
ਇਸ ਕਮੇਟੀ ‘ਚ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ, ਸੰਤ ਸਮਾਜ ਵੱਲੋਂ ਦਮਦਮੀ ਟਕਸਾਲ ਦੇ ਮੁਖੀ ਬਾਬਾ ਹਰਨਾਮ ਸਿੰਘ ਖਾਲਸਾ, ਨਿਹੰਗ ਸਿੰਘ ਜਥੇਬੰਦੀਆਂ ’ਚੋਂ ਤਰਨਾ ਦਲ ਹਰੀਆਂ ਵੇਲਾਂ ਦੇ ਮੁਖੀ ਬਾਬਾ ਨਿਹਾਲ ਸਿੰਘ, ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ, ਸ਼੍ਰੋਮਣੀ ਅਕਾਲੀ ਦਲ ਦਿੱਲੀ ਦੇ ਪ੍ਰਧਾਨ ਪਰਮਜੀਤ ਸਿੰਘ ਸਰਨਾ, ਦਿੱਲੀ ਕਮੇਟੀ ਦੇ ਸਾਬਕਾ ਪ੍ਰਧਾਨ ਮਨਜੀਤ ਸਿੰਘ ਜੀਕੇ ਅਤੇ ਸਿੱਖ ਪ੍ਰਚਾਰਕ ਬਾਬਾ ਬਲਜੀਤ ਸਿੰਘ ਦਾਦੂਵਾਲ ਸ਼ਾਮਲ ਕੀਤੇ ਗਏ ਹਨ।