ਅੰਮ੍ਰਿਤਸਰ, 20 ਮਈ 2022 – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇੰਦੌਰ ’ਚ ਗੁਰਬਾਣੀ ਦੇ ਪਾਵਨ ਗੁਟਕਾ ਸਾਹਿਬ ਅੰਦਰ ਤਸਵੀਰ ਲਗਾਉਣ ਦੇ ਮਾਮਲੇ ਦਾ ਸਖ਼ਤ ਨੋਟਿਸ ਲੈਂਦਿਆਂ ਪੜਤਾਲ ਦੇ ਆਦੇਸ਼ ਦਿੱਤੇ ਹਨ। ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਮੀਡੀਆ ਸ. ਕੁਲਵਿੰਦਰ ਸਿੰਘ ਰਮਦਾਸ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਪਰੋਕਤ ਮਾਮਲਾ ਸੋਸ਼ਲ ਮੀਡੀਆ ’ਤੇ ਇਕ ਵੀਡੀਓ ਰਾਹੀਂ ਸਾਹਮਣੇ ਆਇਆ ਹੈ, ਜਿਸ ’ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਤੁਰੰਤ ਕਾਰਵਾਈ ਕਰਨ ਦੇ ਆਦੇਸ਼ ਦਿੱਤੇ ਗਏ ਹਨ।
ਉਨ੍ਹਾਂ ਦੱਸਿਆ ਕਿ ਇਸ ਸਬੰਧੀ ਧਰਮ ਪ੍ਰਚਾਰ ਕਮੇਟੀ ਵੱਲੋਂ ਪੜਤਾਲ ਲਈ ਪ੍ਰਚਾਰਕ ਭਾਈ ਭੁਪਿੰਦਰ ਸਿੰਘ ਦੀ ਡਿਊਟੀ ਲਗਾਈ ਗਈ ਸੀ, ਜਿਨ੍ਹਾਂ ਵੱਲੋਂ ਦਿੱਤੀ ਮੁੱਢਲੀ ਜਾਣਕਾਰੀ ਅਨੁਸਾਰ ਇੰਦੌਰ ਦੇ ਨਜ਼ਦੀਕ ਗੁਰਦੁਆਰਾ ਬੇਟਮਾ ਸਾਹਿਬ ਵਿਖੇ ਹਿੰਦੀ ਭਾਸ਼ਾ ਵਿਚ ਛਪੇ ਸ੍ਰੀ ਸੁਖਮਨੀ ਸਾਹਿਬ ਦੇ ਇਕ ਗੁਟਕਾ ਸਾਹਿਬ ਵਿਚ ਕਿਸੇ ਸਿੰਧੀ ਪਰਿਵਾਰ ਵੱਲੋਂ ਆਪਣੇ ਚਲਾਣਾ ਕਰ ਗਏ ਪਰਿਵਾਰਕ ਮੈਂਬਰ ਦੀ ਤਸਵੀਰ ਲਗਾਈ ਹੈ, ਜਿਸ ਨਾਲ ਸਿੱਖ ਸੰਗਤਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪੁੱਜੀ ਹੈ। ਸ. ਰਮਦਾਸ ਨੇ ਦੱਸਿਆ ਕਿ ਧਰਮ ਪ੍ਰਚਾਰ ਕਮੇਟੀ ਵੱਲੋਂ ਪੁੱਜੀ ਟੀਮ ਮਾਮਲੇ ਦੀ ਗੰਭੀਰਤਾ ਨਾਲ ਪੜਤਾਲ ਕਰ ਰਹੀ ਹੈ, ਤਾਂ ਜੋ ਦੋਸ਼ੀ ਵਿਅਕਤੀ ਦਾ ਪਤਾ ਲਗਾ ਕੇ ਉਨ੍ਹਾਂ ਵਿਰੁੱਧ ਬਣਦੀ ਕਾਰਵਾਈ ਕੀਤੀ ਜਾ ਸਕੇ।