ਲੁਧਿਆਣਾ, 2 ਜੂਨ 2022 – ਮੂਸੇਵਾਲਾ ਦਾ ਮਾਨਸਾ ਵਿੱਚ ਐਤਵਾਰ ਸ਼ਾਮ ਨੂੰ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਇਸ ਦੇ ਨਾਲ ਹੀ ਕੁਝ ਲੋਕ ਸਿੱਧੂ ਮੂਸੇਵਾਲਾ ਦੇ ਕਤਲ ਨੂੰ ਮਨਕੀਰਤ ਔਲਖ ਨਾਲ ਜੋੜ ਰਹੇ ਹਨ, ਜਦਕਿ ਮਨਕੀਰਤ ਮੂਸੇਵਾਲਾ ਦੀ ਮੌਤ ਤੋਂ ਬਾਅਦ ਲਾਈਵ ਹੋ ਗਿਆ ਸੀ ਅਤੇ ਸਪੱਸ਼ਟ ਕੀਤਾ ਸੀ ਕਿ ਉਸ ਦਾ ਅਤੇ ਉਸ ਦੇ ਮੈਨੇਜਰ ਸਚਿਨ ਦਾ ਇਸ ਮਾਮਲੇ ਨਾਲ ਕੋਈ ਲੈਣਾ-ਦੇਣਾ ਨਹੀਂ ਹੈ। ਉਨ੍ਹਾਂ ਨੇ ਸਿੱਧੂ ਮੂਸੇਵਾਲਾ ਨੂੰ ਪੰਜਾਬੀ ਇੰਡਸਟਰੀ ਦਾ ਮਾਣ ਦੱਸਿਆ ਹੈ।
ਮਨਕੀਰਤ ਨੇ ਕਿਹਾ ਸੀ ਕਿ ਕੁਝ ਲੋਕ ਮੇਰੇ ਬਾਰੇ ਝੂਠਾ ਪ੍ਰਚਾਰ ਕਰ ਰਹੇ ਹਨ। ਇਸ ਦੇ ਨਾਲ ਹੀ ਗੈਂਗਸਟਰਾਂ ਵਿਚਾਲੇ ਟਕਰਾਅ ਨੂੰ ਲੈ ਕੇ ਮਨਕੀਰਤ ਔਲਖ ਸਮੇਤ ਕਈ ਕਲਾਕਾਰਾਂ ਦੀ ਸੁਰੱਖਿਆ ਵਧਾ ਦਿੱਤੀ ਗਈ ਹੈ। ਦੱਸ ਦੇਈਏ ਕਿ ਬੁੱਧਵਾਰ ਦੇਰ ਸ਼ਾਮ ਮਨਕੀਰਤ ਔਲਖ ਸਰਹਿੰਦ ਨੇੜਲੇ ਗੁਰਦੁਆਰਾ ਹੰਸਾਲੀ ਸਾਹਿਬ ਵਿਖੇ ਮੱਥਾ ਟੇਕਣ ਲਈ ਪਹੁੰਚੇ ਸਨ। ਦੱਸਿਆ ਜਾ ਰਿਹਾ ਹੈ ਕਿ ਮਨਕੀਰਤ ਦੀ ਸੁਰੱਖਿਆ ਵਧਾ ਦਿੱਤੀ ਗਈ ਹੈ।
ਮਨਕੀਰਤ ਕਰੀਬ ਡੇਢ ਘੰਟਾ ਹੰਸਾਲੀ ਸਾਹਿਬ ਵਿਖੇ ਰਹੇ। ਇੱਥੇ ਉਨ੍ਹਾਂ ਨੇ ਆਪਣੇ ਪ੍ਰਸ਼ੰਸਕਾਂ ਨਾਲ ਫੋਟੋਆਂ ਵੀ ਖਿਚਵਾਈਆਂ। ਦੱਸ ਦੇਈਏ ਕਿ ਸਿੱਧੂ ਮੂਸੇਵਾਲਾ ਤੋਂ ਬਾਅਦ ਹੁਣ ਮਨਕੀਰਤ ਔਲਖ ਗੈਂਗਸਟਰਾਂ ਦੇ ਨਿਸ਼ਾਨੇ ‘ਤੇ ਹਨ।
ਗੈਂਗਲੈਂਡ ਬਣ ਚੁੱਕੇ ਪੰਜਾਬ ਵਿੱਚ ਹੁਣ ਹਰ ਕਲਾਕਾਰ ਆਪਣੇ ਆਪ ਨੂੰ ਅਸੁਰੱਖਿਅਤ ਮਹਿਸੂਸ ਕਰ ਰਿਹਾ ਹੈ। ਇਸ ਦੇ ਨਾਲ ਹੀ ਬਬੀਹਾ ਗੈਂਗ, ਬਵਾਨਾ ਗੈਂਗ ਅਤੇ ਹੁਣ ਭੱਪੀ ਰਾਣਾ ਗੈਂਗ ਵੱਲੋਂ ਸਿੱਧੂ ਮੂਸੇਵਾਲਾ ਦੇ ਕਤਲ ਦਾ ਬਦਲਾ ਲੈਣ ਦੀਆਂ ਧਮਕੀਆਂ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀਆਂ ਹਨ। ਇਹ ਧਮਕੀਆਂ ਇਸ ਲਈ ਦਿੱਤੀਆਂ ਗਈਆਂ ਹਨ ਕਿਉਂਕਿ ਲਾਰੈਂਸ ਬਿਸ਼ਨੋਈ ਗੈਂਗ ਨੇ ਮੂਸੇਵਾਲਾ ਦੀ ਮੌਤ ਦੀ ਜ਼ਿੰਮੇਵਾਰੀ ਲਈ ਹੈ।
ਦੱਸ ਦੇਈਏ ਕਿ ਲਾਰੈਂਸ ਬਿਸ਼ਨੋਈ ਗੈਂਗ ਦੇ ਦੁਸ਼ਮਣ ਬਬੀਹਾ, ਬਵਾਨਾ ਅਤੇ ਭੱਪੀ ਗੈਂਗ ਖੁੱਲ੍ਹੇਆਮ ਸਿੱਧੂ ਮੂਸੇਵਾਲਾ ਦੇ ਸਮਰਥਨ ‘ਚ ਆ ਚੁੱਕੇ ਹਨ। ਇਨ੍ਹਾਂ ਧੜਿਆਂ ਨੇ ਸਪੱਸ਼ਟ ਕਿਹਾ ਕਿ ਮੂਸੇਵਾਲਾ ਦਾ ਉਨ੍ਹਾਂ ਨਾਲ ਕੋਈ ਲੈਣਾ-ਦੇਣਾ ਨਹੀਂ ਹੈ, ਪਰ ਫਿਰ ਵੀ ਜੇਕਰ ਉਹ ਉਨ੍ਹਾਂ ਨਾਲ ਜੁੜੇ ਹੋਏ ਹਨ ਤਾਂ ਉਹ ਮੂਸੇਵਾਲਾ ਦੀ ਮੌਤ ਦਾ ਬਦਲਾ ਜ਼ਰੂਰ ਲੈਣਗੇ। ਇਨ੍ਹਾਂ ਧਮਕੀਆਂ ਦੇ ਚੱਲਦਿਆਂ ਪੰਜਾਬ ਦੇ ਕਲਾਕਾਰਾਂ ਵਿੱਚ ਡਰ ਦਾ ਮਾਹੌਲ ਹੈ।