ਨਵੀਂ ਦਿੱਲੀ, 2 ਜੂਨ 2022 – ਮਸ਼ਹੂਰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਮਾਮਲੇ ‘ਚ ਗੈਂਗਸਟਰ ਸੰਪਤ ਨਹਿਰਾ ਤੋਂ ਪੰਜਾਬ ਪੁਲਿਸ ਨੇ ਪੁੱਛਗਿੱਛ ਕੀਤੀ ਹੈ। ਸੰਪਤ ਨਹਿਰਾ ਗੈਂਗਸਟਰ ਲਾਰੈਂਸ ਦਾ ਕਰੀਬੀ ਹੈ। ਉਸਨੇ ਲਾਰੈਂਸ ਨਾਲ ਮਿਲ ਕੇ ਕਈ ਅਪਰਾਧ ਕੀਤੇ ਹਨ। ਪੰਜਾਬ ਪੁਲਿਸ ਉਸ ਨੂੰ ਤਿਹਾੜ ਜੇਲ੍ਹ ਤੋਂ ਲੈ ਕੇ ਆਈ ਸੀ। ਪੁੱਛਗਿੱਛ ਤੋਂ ਬਾਅਦ ਉਸ ਨੂੰ ਵਾਪਸ ਤਿਹਾੜ ਜੇਲ੍ਹ ਭੇਜ ਦਿੱਤਾ ਗਿਆ ਹੈ। ਉਸ ਤੋਂ ਪੁੱਛਗਿੱਛ ਕਰਨ ਤੋਂ ਬਾਅਦ ਪੁਲਸ ਨੂੰ ਮੂਸੇਵਾਲਾ ਦੇ ਕਤਲ ਮਾਮਲੇ ‘ਚ ਅਹਿਮ ਸੁਰਾਗ ਮਿਲੇ ਹਨ। ਜਿਸ ਦੇ ਆਧਾਰ ‘ਤੇ ਪੰਜਾਬ ਪੁਲਿਸ ਨੇ ਕਾਤਲਾਂ ਨੂੰ ਫੜਨਾ ਸ਼ੁਰੂ ਕਰ ਦਿੱਤਾ ਹੈ।
ਮਸ਼ਹੂਰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਾਤਲ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ। 3 ਦਿਨ ਬੀਤ ਚੁੱਕੇ ਹਨ ਅਤੇ ਅੱਜ ਚੌਥਾ ਦਿਨ ਵੀ ਬੀਤ ਰਿਹਾ ਹੈ ਪਰ ਫਿਰ ਵੀ ਪੰਜਾਬ ਪੁਲਿਸ ਕੋਲ ਕੁਝ ਨਹੀਂ ਹੈ। ਕਾਤਲਾਂ ਦੀ ਗ੍ਰਿਫ਼ਤਾਰੀ ਜਾਂ ਸਾਜ਼ਿਸ਼ ਬਾਰੇ ਕੋਈ ਖ਼ੁਲਾਸਾ ਨਹੀਂ ਹੋਇਆ ਹੈ। ਹਾਲਾਂਕਿ ਹੁਣ ਜਾਂਚ ਐਂਟੀ ਗੈਂਗਸਟਰ ਟਾਸਕ ਫੋਰਸ ਨੂੰ ਸੌਂਪ ਦਿੱਤੀ ਗਈ ਹੈ। ਗੈਂਗਸਟਰਾਂ ਦੇ ਖਾਤਮੇ ਲਈ ਸੀ.ਐਮ.ਭਗਵੰਤ ਮਾਨ ਨੇ ਵਿਸ਼ੇਸ਼ ਤੌਰ ‘ਤੇ ਕੀਤੀ ਹੈ। ਸਿੱਧੂ ਮੂਸੇਵਾਲਾ ਦਾ ਮਾਨਸਾ ਵਿੱਚ 29 ਮਈ ਯਾਨੀ ਐਤਵਾਰ ਸ਼ਾਮ 5.30 ਵਜੇ ਕਤਲ ਕਰ ਦਿੱਤਾ ਗਿਆ ਸੀ। ਉਹ ਥਾਰ ਜੀਪ ਰਾਹੀਂ ਜਾ ਰਿਹਾ ਸੀ ਤਾਂ ਅਣਪਛਾਤਿਆਂ ਨੇ ਕੋਰੋਲਾ ਅਤੇ ਬੋਲੈਰੋ ਰਾਹੀਂ ਉਸ ਨੂੰ ਘੇਰ ਲਿਆ ਤੇ ਉਸ ‘ਤੇ ਗੋਲੀਆਂ ਚਲਾ ਕਤਲ ਕਰ ਦਿੱਤਾ।
ਮੂਸੇਵਾਲਾ ਕਤਲ ਕਾਂਡ ਦੀ ਜਾਂਚ ਲਈ ਪੁਲੀਸ ਵੱਲੋਂ ਬਣਾਈ ਗਈ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਵਿੱਚ ਨਿਸ਼ਚਿਤ ਤੌਰ ’ਤੇ ਬਦਲਾਅ ਕੀਤਾ ਗਿਆ ਹੈ। ਹੁਣ ਇਸ ਦੀ ਨਿਗਰਾਨੀ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਦੇ ਏਡੀਜੀਪੀ ਪ੍ਰਮੋਦ ਬਾਨ ਕਰਨਗੇ। ਐਸਆਈਟੀ ਪੰਜਾਬ ਆਰਮਡ ਪੁਲਿਸ (ਪੀਏਪੀ) ਦੇ ਆਈਜੀ ਜਸਕਰਨ ਸਿੰਘ ਨੂੰ ਸੌਂਪੀ ਗਈ ਹੈ। ਇਸ ਤੋਂ ਇਲਾਵਾ ਏਜੀਟੀਐਫ ਦੇ ਏਆਈਜੀ ਗੁਰਮੀਤ ਚੌਹਾਨ, ਮਾਨਸਾ ਦੇ ਐਸਐਸਪੀ ਗੌਰਵ ਤੁਰਾ, ਐਸਪੀ ਇਨਵੈਸਟੀਗੇਸ਼ਨ ਮਾਨਸਾ, ਡੀਐਸਪੀ ਡਿਟੈਕਟਿਵ ਬਠਿੰਡਾ ਅਤੇ ਮਾਨਸਾ ਦੇ ਸੀਆਈਏ ਇੰਚਾਰਜ ਨੂੰ ਮੈਂਬਰ ਬਣਾਇਆ ਗਿਆ ਹੈ।