ਅੰਮ੍ਰਿਤਸਰ, 12 ਜੂਨ 2022 – ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਵੱਲੋਂ 11 ਜੂਨ ਦੀ ਸ਼ਾਮ ਨੂੰ ਅੰਮ੍ਰਿਤਸਰ ‘ਚ ਪ੍ਰੈੱਸ ਕਾਨਫਰੰਸ ਕਰਕੇ ਪੰਜਾਬ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵੱਲੋਂ ਲਾਏ ਗਏ ਘਪਲੇ ਦੇ ਇਲਜ਼ਾਮਾਂ ਦਾ ਖੰਡਨ ਕੀਤਾ। ਇਸ ਦੌਰਾਨ ਬਾਜਵਾ ਨੇ ਕਿਹਾ ਕਿ ਉਨ੍ਹਾਂ ਕਿਸੇ ਵੀ ਤਰੀਕੇ ਦਾ ਕੋਈ ਘਪਲਾ ਨਹੀਂ ਕੀਤਾ।
ਰੁਟੀਨ ਵਾਈਜ਼ ਫਾਈਲਾਂ ਮੇਰੇ ਕੋ ਸਾਈਨ ਕਰਵਾਉਣ ਲਈ ਆਈਆਂ ਸਨ ਤਾਂ ਮੈਂ ਉਨ੍ਹਾਂ ਫਾਈਲਾਂ ‘ਤੇ ਸਾਈਨ ਕਰ ਦਿੱਤੇ। ਉਨ੍ਹਾਂ ਕਿਹਾ ਕਿ ਮੈਂ ਕੋਈ ਘਪਲਾ ਨਹੀਂ ਕੀਤਾ। ਕਿਸੇ ਵੀ ਸਿਟਿੰਗ ਜੱਜ ਤੋਂ ਇਸ ਮਾਮਲੇ ਦੀ ਜਾਂਚ ਕਰਵਾ ਦਿੱਤੀ ਜਾਵੇ। ਮੈਂ ਉਨ੍ਹਾਂ ਦਾ ਜਾਂਚ ‘ਚ ਖੁਦ ਸਾਥ ਦੇਵਾਂਗਾ।
ਅਸਲ ‘ਚ ਬੀਤੇ ਦਿਨ ਸਵੇਰੇ ਹੀ ਪੰਜਾਬ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵੱਲੋਂ ਇਕ ਪ੍ਰੈੱਸ ਕਾਨਫਰੰਸ ਕਰਕੇ ਪੰਜਾਬ ਦੇ ਸਾਬਕਾ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਦੇ ਉੱਪਰ ਜ਼ਮੀਨ ਦੇ ਘਪਲੇ ਨੂੰ ਲੈ ਕੇ ਕਈ ਤਰ੍ਹਾਂ ਦੇ ਇਲਜ਼ਾਮ ਲਗਾਏ ਗਏ। ਧਾਲੀਵਾਲ ਨੇ ਪ੍ਰੈਸ ਕਾਨਫਰੰਸ ਦੁਰਾਂ ਕਿਹਾ ਸੀ ਕਿ ਪਿੰਡ ਭਗਤੂਪੁਰਾ ਜ਼ਿਲ੍ਹਾ ਅੰਮ੍ਰਿਤਸਰ ਵਿੱਚ ਪੰਚਾਇਤੀ ਰਸਤਿਆਂ ਅਤੇ ਖਾਲਿਆਂ ਨੂੰ ਵੇਚਣ ਦੀ ਪ੍ਰਵਾਨਗੀ ਮੌਜੂਦਾ ਸਰਕਾਰ ਵਲੋਂ ਨਹੀਂ ਬਲਕਿ ਪੁਰਾਣੀ ਸਰਕਾਰ ਦੇ ਕੈਬਨਿਟ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ 11 ਮਾਰਚ 2022 ਨੂੰ ਜਾਰੀ ਕੀਤੀ ਸੀ, ਜਦਕਿ ਉਸ ਸਮੇਂ ਕੋਡ ਆਫ਼ ਕੰਡਟਕਟ ਲੱਗਾ ਹੋਇਆ ਸੀ ਅਤੇ 10 ਮਾਰਚ ਦੇ ਚੋਣ ਨਤੀਜਿਆਂ ਵਿੱਚ ਕਾਂਗਰਸ ਪਾਰਟੀ ਬੁਰੀ ਤਰ੍ਹਾਂ ਹਾਰ ਚੁੱਕੀ ਸੀ। ਉਸ ਸਮੇਂ ਕੈਬਨਿਟ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੂੰ ਮਿਸਲ ਤੇ ਪ੍ਰਵਾਨਗੀ ਦੇਣ ਦਾ ਕੋਈ ਅਧਿਕਾਰ ਨਹੀਂ ਸੀ।

