ਚੰਡੀਗੜ੍ਹ, 16 ਜੂਨ 2022 – 29 ਮਈ ਨੂੰ ਹੋਏ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦੇ ਮਾਮਲੇ ਵਿੱਚ ਪੰਜਾਬ ਪੁਲਿਸ ਨੇ ਸਟੇਟਸ ਰਿਪੋਰਟ ਜਾਰੀ ਕੀਤੀ ਹੈ। ਇਸ ਰਿਪੋਰਟ ਵਿੱਚ ਪੁਲਿਸ ਨੇ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਮਾਸਟਰਮਾਈਂਡ ਮੰਨਿਆ ਹੈ। ਤੁਹਾਨੂੰ ਦੱਸ ਦੇਈਏ ਕਿ ਇਸ ਮਾਮਲੇ ਵਿੱਚ ਪੁਲਿਸ ਨੇ 4 ਸ਼ਾਰਪ ਸ਼ੂਟਰਾਂ ਦੀ ਸ਼ਨਾਖਤ ਕੀਤੀ ਹੈ ਅਤੇ ਹੁਣ ਤੱਕ ਪੁਲਿਸ ਇਸ ਮਾਮਲੇ ਵਿੱਚ 10 ਲੋਕਾਂ ਨੂੰ ਗ੍ਰਿਫਤਾਰ ਕਰ ਚੁੱਕੀ ਹੈ। ਪੁਲਿਸ ਨੇ ਸਟੇਟਸ ਰਿਪੋਰਟ ਵਿੱਚ ਕਿਹਾ ਹੈ ਕਿ ਜਨਵਰੀ ਵਿੱਚ ਸਿੱਧੂ ਮੂਸੇਵਾਲਾ ਨੂੰ ਮਾਰਨ ਦੀ ਸਾਜ਼ਿਸ਼ ਰਚੀ ਗਈ ਸੀ।
ਗੌਰਤਲਬ ਹੈ ਕਿ ਪੁਲਿਸ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਰਿਮਾਂਡ ‘ਤੇ ਪੰਜਾਬ ਲੈ ਕੇ ਆਈ ਹੈ। ਇਸ ਦੌਰਾਨ ਲਾਰੈਂਸ ਵੱਲੋਂ ਕਈ ਅਹਿਮ ਖੁਲਾਸੇ ਕੀਤੇ ਜਾ ਰਹੇ ਹਨ ਅਤੇ ਇਸ ਮਾਮਲੇ ਨਾਲ ਜੁੜੀਆਂ ਹੋਰ ਕੜੀਆਂ ਵੀ ਖੁੱਲ੍ਹ ਰਹੀਆਂ ਹਨ। ਉਮੀਦ ਹੈ ਕਿ ਜਲਦੀ ਹੀ ਇਹ ਮਾਮਲਾ ਸੁਲਝਾ ਲਿਆ ਜਾਵੇਗਾ।