ਲੁਧਿਆਣਾ, 22 ਜੂਨ 2022 – ਪੁਲਿਸ ਨੇ ਅਗਨੀਪਥ ਯੋਜਨਾ ਨੂੰ ਲੈ ਕੇ ਸ਼ਹਿਰ ਵਿੱਚ ਹੰਗਾਮਾ ਮਚਾਉਣ ਵਾਲੇ 18 ਹੋਰ ਨੌਜਵਾਨਾਂ ਨੂੰ ਹਿਰਾਸਤ ਵਿੱਚ ਲੈ ਕੇ ਪੁੱਛਗਿੱਛ ਸ਼ੁਰੂ ਕਰ ਦਿੱਤੀ ਹੈ। ਇਨ੍ਹਾਂ ਵਿੱਚੋਂ ਜ਼ਿਆਦਾਤਰ ਮੁਲਜ਼ਮ ਜਗਰਾਉਂ, ਰਾਏਕੋਟ ਅਤੇ ਮੋਗਾ ਵਾਲੇ ਪਾਸੇ ਦੇ ਹਨ। ਇਨ੍ਹਾਂ ‘ਚੋਂ ਜ਼ਿਆਦਾਤਰ ਨੌਜਵਾਨ ਅਜਿਹੇ ਹਨ, ਜਿਨ੍ਹਾਂ ਨੇ ਫੌਜ ਲਈ ਸਰੀਰਕ ਪ੍ਰੀਖਿਆ ਪਾਸ ਕੀਤੀ ਹੈ ਅਤੇ ਪ੍ਰੀਖਿਆ ਦਾ ਇੰਤਜ਼ਾਰ ਕਰ ਰਹੇ ਸਨ। ਪੁਲਿਸ ਅਧਿਕਾਰੀ ਉਨ੍ਹਾਂ ਤੋਂ ਪੁੱਛਗਿੱਛ ਕਰਨ ‘ਚ ਜੁਟੇ ਹੋਏ ਹਨ।
ਇਸ ਤੋਂ ਇਲਾਵਾ ਪਹਿਲਾਂ ਹੀ ਫੜੇ ਗਏ 6 ਮੁਲਜ਼ਮਾਂ ਨੂੰ ਜੇਲ੍ਹ ਭੇਜ ਦਿੱਤਾ ਗਿਆ ਹੈ। ਦੂਜੇ ਪਾਸੇ ਪੁਲੀਸ ਨੇ ਪ੍ਰੀਖਿਆ ਦੀ ਤਿਆਰੀ ਕਰਵਾ ਰਹੇ ਕੇਂਦਰਾਂ ਦੀ ਅਣਗਹਿਲੀ ਦੀ ਵੀ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸ ਸਬੰਧੀ ਪੁਲੀਸ ਹੈੱਡਕੁਆਰਟਰ ਤੋਂ ਹੁਕਮ ਜਾਰੀ ਕਰ ਦਿੱਤੇ ਗਏ ਹਨ। ਜਦੋਂ ਪੁਲਿਸ ਨੇ ਵਟਸਐਪ ਗਰੁੱਪਾਂ ਦੇ ਨੰਬਰਾਂ ਦੀ ਜਾਂਚ ਸ਼ੁਰੂ ਕੀਤੀ ਤਾਂ ਕੁਝ ਸੰਸਥਾਵਾਂ ਦੇ ਨਾਂ ਸਾਹਮਣੇ ਆਏ ਹਨ। ਜਿਨ੍ਹਾਂ ਦੀ ਸੂਚੀ ਜਾਰੀ ਕਰ ਦਿੱਤੀ ਗਈ ਹੈ ਅਤੇ ਇਸ ‘ਤੇ ਕੰਮ ਕੀਤਾ ਜਾ ਰਿਹਾ ਹੈ।
ਪੁਲੀਸ ਕਮਿਸ਼ਨਰ ਡਾ.ਕੌਸਤੁਭ ਸ਼ਰਮਾ ਨੇ ਦੱਸਿਆ ਕਿ ਪੁਲੀਸ ਦੀਆਂ ਵੱਖ-ਵੱਖ ਟੀਮਾਂ ਵੱਲੋਂ ਪਛਾਣੇ ਗਏ ਨੌਜਵਾਨਾਂ ਦੇ ਘਰਾਂ ’ਤੇ ਛਾਪੇਮਾਰੀ ਕੀਤੀ ਗਈ ਹੈ ਅਤੇ ਉਨ੍ਹਾਂ ਨੂੰ ਗ੍ਰਿਫ਼ਤਾਰ ਵੀ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਹ 18 ਗ੍ਰਿਫਤਾਰੀਆਂ ਐਤਵਾਰ ਅਤੇ ਸੋਮਵਾਰ ਨੂੰ ਕੀਤੀਆਂ ਗਈਆਂ ਹਨ। ਉਨ੍ਹਾਂ ਦੇ ਨਾਵਾਂ ਦਾ ਖੁਲਾਸਾ ਹੋਣਾ ਬਾਕੀ ਹੈ। ਉਨ੍ਹਾਂ ਦੱਸਿਆ ਕਿ ਜੀਆਰਪੀ ਵੱਲੋਂ ਛੇ ਨੂੰ ਪਹਿਲਾਂ ਹੀ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ।
ਇਸ ਨਾਲ ਹੁਣ ਤੱਕ 24 ਨੌਜਵਾਨਾਂ ਨੂੰ ਗ੍ਰਿਫਤਾਰ ਕੀਤਾ ਜਾ ਚੁੱਕਾ ਹੈ। ਇਨ੍ਹਾਂ ‘ਚੋਂ ਚਾਰ ਨੂੰ ਛੱਡ ਕੇ ਸਾਰਿਆਂ ਨੇ ਫੌਜ ‘ਚ ਭਰਤੀ ਹੋਣ ਦੀ ਅੱਧੀ ਪ੍ਰਕਿਰਿਆ ਪੂਰੀ ਕਰ ਲਈ ਹੈ। ਪੁਲੀਸ ਕੋਲ ਕਰੀਬ 70 ਨੌਜਵਾਨਾਂ ਦੀਆਂ ਤਸਵੀਰਾਂ ਹਨ, ਜਿਨ੍ਹਾਂ ਦੀ ਮਦਦ ਨਾਲ ਉਨ੍ਹਾਂ ਦੀ ਪਛਾਣ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।