ਚੰਡੀਗੜ੍ਹ, 28 ਜੂਨ 2022 – ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਵਿੱਚ ਉੱਤਰ ਪ੍ਰਦੇਸ਼ ਦੇ ਗੈਂਗਸਟਰ ਮੁਖਤਾਰ ਅੰਸਾਰੀ ਦਾ ਮੁੱਦਾ ਉਠਿਆ। ਪੰਜਾਬ ਦੇ ਜੇਲ੍ਹ ਮੰਤਰੀ ਹਰਜੋਤ ਬੈਂਸ ਨੇ ਖੁਲਾਸਾ ਕੀਤਾ ਹੈ ਕਿ ਗੈਂਗਸਟਰ ਮੁਖਤਾਰ ਅੰਸਾਰੀ ਪੰਜਾਬ ਦੀ ਰੋਪੜ ਜੇਲ੍ਹ ਵਿੱਚ ਬੰਦ ਸੀ, ਜਿਸ ਵਿੱਚ ਉਸਦੀ ਪਤਨੀ ਉਸਦੇ ਨਾਲ ਰਹਿੰਦੀ ਸੀ।
ਹਰਜੋਤ ਬੈਂਸ ਨੇ ਦੋਸ਼ ਲਾਇਆ ਕਿ ਪਿਛਲੀ ਕਾਂਗਰਸ ਸਰਕਾਰ ਦੌਰਾਨ ਮੁਖਤਾਰ ਅੰਸਾਰੀ ਨੂੰ ਵੀਆਈਪੀ ਟ੍ਰੀਟਮੈਂਟ ਦੇਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਗਈ। ਇੰਨਾ ਹੀ ਨਹੀਂ ਉੱਤਰ ਪ੍ਰਦੇਸ਼ ਪੁਲਿਸ ਵੱਲੋਂ ਅੰਸਾਰੀ ਨੂੰ ਲਿਆਉਣ ਲਈ 26 ਵਾਰੰਟ ਜਾਰੀ ਕੀਤੇ ਜਾਣ ਤੋਂ ਬਾਅਦ ਵੀ ਉਸ ਨੂੰ ਬਾਹਰ ਨਹੀਂ ਜਾਣ ਦਿੱਤਾ ਗਿਆ।
ਬੈਂਸ ਨੇ ਕਿਹਾ ਕੇ ਇਸ ਤੋਂ ਬਾਅਦ ਉੱਤਰ ਪ੍ਰਦੇਸ਼ ਪੁਲਿਸ ਨੇ ਸੁਪਰੀਮ ਕੋਰਟ ਤੱਕ ਪਹੁੰਚ ਕੀਤੀ। ਸੁਪਰੀਮ ਕੋਰਟ ਵਿੱਚ ਬਹਿਸ ਲਈ ਪਿਛਲੀ ਕਾਂਗਰਸ ਸਰਕਾਰ ਨੇ ਅੰਸਾਰੀ ਦੇ ਬਚਾਅ ਲਈ ਸੁਪਰੀਮ ਕੋਰਟ ਦੇ ਵਕੀਲ ਦੀਆਂ ਸੇਵਾਵਾਂ ਲਈਆਂ ਸਨ, ਜਿਨ੍ਹਾਂ ਦੀ ਪ੍ਰਤੀ ਪੇਸ਼ੀ ਫੀਸ 11 ਲੱਖ ਰੁਪਏ ਸੀ।
ਜੇਲ੍ਹ ਮੰਤਰੀ ਨੇ ਦੱਸਿਆ ਕਿ ਮੁਖਤਾਰ ਅੰਸਾਰੀ ਦੀ ਪੰਜ ਪੇਸ਼ੀਆਂ ਹੋਈਆਂ ਸਨ। ਅੱਜ ਪੰਜਾਬ ਨੂੰ ਇਸ ਕੇਸ ਵਿੱਚ ਵਕੀਲਾਂ ਦੀ ਫੀਸ ਭਰਨ ਲਈ 55 ਲੱਖ ਰੁਪਏ ਖਰਚਣੇ ਪਏ ਹਨ। ਉਨ੍ਹਾਂ ਕਾਂਗਰਸੀ ਵਿਧਾਇਕਾਂ ਨੂੰ ਕਿਹਾ ਕਿ ਪੰਜਾਬ ਦੇ ਲੋਕ ਉੱਤਰ ਪ੍ਰਦੇਸ਼ ਦੇ ਗੈਂਗਸਟਰਾਂ ਲਈ ਪੈਸਾ ਕਿਉਂ ਖਰਚ ਕਰਨ।
ਜੇਲ੍ਹ ਮੰਤਰੀ ਹਰਜੋਤ ਬੈਂਸ ਨੇ ਕਿਹਾ ਕਿ ਉਨ੍ਹਾਂ ਇਸ ਮਾਮਲੇ ਦਾ ਸਖ਼ਤ ਨੋਟਿਸ ਲਿਆ ਹੈ। ਇਸ ਮਾਮਲੇ ਵਿੱਚ ਸਾਰੇ ਜ਼ਿੰਮੇਵਾਰ ਅਧਿਕਾਰੀਆਂ ਖ਼ਿਲਾਫ਼ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਜਾਂਚ ਵਿੱਚ ਦੋਸ਼ੀ ਪਾਏ ਜਾਣ ਵਾਲਿਆਂ ਖ਼ਿਲਾਫ਼ ਵੀ ਕੇਸ ਦਰਜ ਕੀਤਾ ਜਾਵੇਗਾ।
ਜੇਲ੍ਹ ਮੰਤਰੀ ਦੀ ਇਸ ਟਿੱਪਣੀ ਤੋਂ ਵਿਧਾਨ ਸਭਾ ਵਿੱਚ ਕਾਂਗਰਸੀ ਵਿਧਾਇਕ ਨੇ ਇਤਰਾਜ਼ ਜਤਾਇਆ। ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਬਜਟ ‘ਤੇ ਬਹਿਸ ਦੌਰਾਨ ਅਜਿਹੇ ਮੁੱਦੇ ਉਠਾਏ ਜਾ ਰਹੇ ਹਨ। ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਜੇਕਰ ਉਹ ਮੁਖਤਾਰ ਅੰਸਾਰੀ ਦੀ ਗੱਲ ਕਰਦੇ ਹਨ ਤਾਂ ਅਸੀਂ ਲਾਰੇਂਸ ਬਿਸ਼ਨੋਈ ਦਾ ਮੁੱਦਾ ਵੀ ਉਠਾਵਾਂਗੇ। ਇਸ ‘ਤੇ ਬਹਿਸ ਬਜਟ ‘ਤੇ ਹੋ ਰਹੀ ਹੈ ਨਾ ਕਿ ਸੂਬੇ ਦੀ ਕਾਨੂੰਨ ਵਿਵਸਥਾ ‘ਤੇ।