- ਪੀੜਤ ਦੀ ਸ਼ਿਕਾਇਤ ‘ਤੇ ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ
ਲੁਧਿਆਣਾ, 2 ਜੁਲਾਈ 2022 – ਰੇਲਵੇ ਅਧਿਕਾਰੀ ਦੇ ਪਰਿਵਾਰ ਨੂੰ ਜਾਨੋਂ ਮਾਰਨ ਦੀ ਧਮਕੀ ਦੇ ਕੇ 35 ਲੱਖ ਰੁਪਏ ਦੀ ਫਿਰੌਤੀ ਮੰਗਣ ਦੇ ਦੋਸ਼ ‘ਚ ਥਾਣਾ ਦੁੱਗਰੀ ਦੀ ਪੁਲਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਏਐਸਆਈ ਨਸੀਬ ਸਿੰਘ ਨੇ ਦੱਸਿਆ ਕਿ ਮੁਲਜ਼ਮ ਦੀ ਪਛਾਣ ਜਸਵਿੰਦਰ ਸਿੰਘ ਢਿੱਲੋਂ ਵਾਸੀ ਨਿਊ ਬੀਆਰਐਸ ਨਗਰ ਵਜੋਂ ਹੋਈ ਹੈ, ਪੁਲਿਸ ਵੱਲੋਂ ਉਸ ਦੀ ਭਾਲ ਕੀਤੀ ਜਾ ਰਹੀ ਹੈ।
ਪੁਲਿਸ ਨੇ ਨਿਊ ਗੁਰੂ ਤੇਗ ਬਹਾਦਰ ਨਗਰ ਦੇ ਰਹਿਣ ਵਾਲੇ ਅਮਿਤ ਅਰੋੜਾ ਦੀ ਸ਼ਿਕਾਇਤ ’ਤੇ ਉਸ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਫਰਵਰੀ 2022 ਵਿੱਚ ਪੁਲਿਸ ਕਮਿਸ਼ਨਰ ਨੂੰ ਦਿੱਤੀ ਸ਼ਿਕਾਇਤ ਵਿੱਚ ਦੋਸ਼ ਲਾਏ ਕਿ ਉਹ ਮੁਲਜ਼ਮ ਉਸਨੂੰ ਪਹਿਲਾਂ ਤੋਂ ਜਾਣਦਾ ਸੀ। ਉਹ (ਅਮਿਤ ਅਰੋੜਾ) ਸਰਕਾਰੀ ਨੌਕਰੀ ਕਰਦਾ ਹੈ ਇਸ ਲਈ ਮੁਲਜ਼ਮ ਨੇ ਉਸ ਤੋਂ 35 ਲੱਖ ਰੁਪਏ ਦੀ ਫਿਰੌਤੀ ਦੀ ਮੰਗ ਕਰਨੀ ਸ਼ੁਰੂ ਕਰ ਦਿੱਤੀ। ਪੈਸੇ ਨਾ ਦੇਣ ‘ਤੇ ਉਹ ਉਸ ਨੂੰ ਅਤੇ ਉਸ ਦੇ ਪਰਿਵਾਰ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦੇ ਰਿਹਾ ਹੈ।
ਕੁਝ ਦਿਨ ਪਹਿਲਾਂ ਮੁਲਜ਼ਮਾਂ ਨੇ ਉਸ ਨੂੰ ਰਸਤੇ ਵਿੱਚ ਰੋਕ ਕੇ ਉਸ ਦੀ ਕਾਰ ਦਾ ਸ਼ੀਸ਼ਾ ਤੋੜ ਦਿੱਤਾ। ਉਸ ਨੂੰ ਝੂਠੇ ਕੇਸ ਵਿੱਚ ਫਸਾਉਣ ਦੀ ਧਮਕੀ ਦਿੱਤੀ। ਮਾਮਲੇ ਦੀ ਜਾਂਚ ਕਰ ਰਹੇ ਅਧਿਕਾਰੀਆਂ ਨੇ ਦੋਸ਼ ਸਹੀ ਪਾਏ ਜਾਣ ‘ਤੇ ਉਸ ਵਿਰੁੱਧ ਕੇਸ ਦਰਜ ਕਰਨ ਦੀ ਸਿਫ਼ਾਰਸ਼ ਕੀਤੀ। ਡੀ.ਏ.ਲੀਗਲ ਦੀ ਰਾਏ ਲੈਣ ਤੋਂ ਬਾਅਦ ਪੁਲਿਸ ਨੇ ਮਾਮਲਾ ਦਰਜ ਕਰਕੇ ਮੁਲਜ਼ਮ ਦੀ ਭਾਲ ਸ਼ੁਰੂ ਕਰ ਦਿੱਤੀ ਹੈ।